Delhi Heavy Rain: ਨਵੀਂ ਦਿੱਲੀ: ਦਿੱਲੀ-ਐਨਸੀਆਰ ਦੇ ਇਲਾਕਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹੋਈ ਹਲਕੀ ਬਾਰਿਸ਼ ਨਾਲ ਮਾਨਸੂਨ ਦੇ ਜਲਦੀ ਪਹੁੰਚਣ ਦੇ ਸੰਕੇਤ ਮਿਲ ਗਏ ਹਨ। ਸ਼ਨੀਵਾਰ ਅਤੇ ਐਤਵਾਰ ਤੋਂ ਬਾਅਦ ਸੋਮਵਾਰ ਸਵੇਰੇ ਦਿੱਲੀ ਵਿੱਚ ਬਾਰਿਸ਼ ਹੋਣ ਨਾਲ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ । ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਮਾਨਸੂਨ ਦੇ ਸ਼ਹਿਰ ਆਉਣ ਤੱਕ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ । ਮੌਸਮ ਵਿਗਿਆਨੀਆਂ ਅਨੁਸਾਰ ਮਾਨਸੂਨ 27 ਜੂਨ ਤੱਕ ਦਿੱਲੀ ਵਿੱਚ ਦਸਤਕ ਦੇਵੇਗਾ, ਪਰ ਪੱਛਮੀ ਬੰਗਾਲ ਅਤੇ ਆਸ-ਪਾਸ ਦੇ ਚੱਕਰਵਾਤੀ ਚੱਕਰ ਕਾਰਨ ਹੁਣ ਇਹ 2-3 ਦਿਨ ਪਹਿਲਾਂ ਆ ਸਕਦੀ ਹੈ । ਯਾਨੀ 24 ਜੂਨ ਤੱਕ ਮਾਨਸੂਨ ਦਿੱਲੀ ਪਹੁੰਚ ਜਾਵੇਗਾ ।
ਭਾਰਤੀ ਮੌਸਮ ਵਿਭਾਗ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਦੇ ਅਨੁਸਾਰ ਇਹ ਮੀਂਹ ਪਾਕਿਸਤਾਨ ਤੋਂ ਅਸਾਮ ਤੱਕ ਘੱਟ ਦਬਾਅ ਵਾਲੇ ਖੇਤਰ ਦਾ ਨਤੀਜਾ ਹੈ।ਉਨ੍ਹਾਂ ਦੱਸਿਆ ਕਿ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਜੰਮੂ ਕਸ਼ਮੀਰ ਵਿੱਚ ਵੀ ਸਰਗਰਮ ਹੈ । ਅਗਲੇ 4-5 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 35 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ 24-25 ਜੂਨ ਦੇ ਆਸ ਪਾਸ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਦਸਤਕ ਦੇਵੇਗਾ । ਰਾਸ਼ਟਰੀ ਰਾਜਧਾਨੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਵੇਰ ਦੀ ਬਾਰਿਸ਼ ਨੇ ਲੋਕਾਂ ਨੂੰ ਨਮੀ ਦੀ ਗਰਮੀ ਤੋਂ ਰਾਹਤ ਦਿੱਤੀ । ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਰਾ 35 ਡਿਗਰੀ ਸੈਲਸੀਅਸ ਦੇ ਨੇੜੇ ਰਿਹਾ ।
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ, ਤੇਲੰਗਾਨਾ, ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਕਰਨਾਟਕ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਰਿਆਣਾ, ਦਿੱਲੀ, ਬਿਹਾਰ, ਝਾਰਖੰਡ, ਉੜੀਸਾ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਪਹਾੜੀ ਖੇਤਰਾਂ ਵਿੱਚ ਕੁਝ ਥਾਵਾਂ ਤੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ ।
ਉੱਥੇ ਹੀ ਦੂਜੇ ਪਾਸੇ ਜੇਕਰ ਦਿੱਲੀ ਦੇ ਗੁਆਂਢੀ ਰਾਜਾਂ ਦੀ ਗੱਲ ਕੀਤੀ ਜਾਵੇ ਤਾਂ ਹਰਿਆਣਾ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਸੀਮਾ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਨੁਸਾਰ ਹਰਿਆਣਾ ਵਿੱਚ ਨਾਰਨੌਲ ਦਾ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ 39.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲੇ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 39, 38.1 ਅਤੇ 38.7 ਡਿਗਰੀ ਸੈਲਸੀਅਸ ਰਿਹਾ । ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਸੀਮਾ ਤੋਂ ਇੱਕ ਡਿਗਰੀ ਘੱਟ ਹੈ ।
The post ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ ਹੋਣ ਦੇ ਆਸਾਰ appeared first on Daily Post Punjabi.