High Commissioner of Australia : ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨਤਮਸਤਕ ਹੋਣ ਲਈ ਪਹੁੰਚੇ। ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗਏ ਅਤੇ ਉਥੇ ਉਨ੍ਹਾਂ ਨੇ ਦੇਖਿਆ ਕਿ ਕਿਸ ਤਰ੍ਹਾਂ ਲੰਗਰ ਤਿਆਰ ਕੀਤਾ ਜਾਂਦਾ ਹੈ। ਫਿਰ ਉਨ੍ਹਾਂ ਨੇ ਸੰਕੇਤਕ ਰੂਪ ਵਿਚ ਲੰਗਰ ਸੇਵਾ ਵੀ ਕੀਤੀ। ਉਨ੍ਹਾਂ ਨੇ ਇਕੋ ਹੀ ਵੇਲੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਵੱਲੋਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਬੈਰੀ ਓ ਫੈਰੇਲ ਨੇ ਫਿਰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਘਰਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਸ. ਮੁਖਤਾਰ ਸਿੰਘ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਣ ਵੂਜਮ, ਤਹਿਸੀਲਦਾਰ ਜਗਸੀਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਮੌਜੂਦ ਸਨ।
The post ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ appeared first on Daily Post Punjabi.
source https://dailypost.in/news/latest-news/high-commissioner-of-australia/