School Education Department : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਧਿਆਪਕਾਂ ਦੀ ਮੰਗ ‘ਤੇ ਵਿਭਾਗ ਵੱਲੋਂ 5 ਤੋਂ 7 ਮਾਰਚ ਤੱਕ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਮੁੜ ਪੋਰਟਲ ਖੋਲ੍ਹ ਦਿੱਤਾ ਜਾਵੇਗਾ। ਵਿਭਾਗ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਦੀ ਰੈਸ਼ਨਲਾਈਜ਼ੇਸ਼ਨ ਨਹੀਂ ਕੀਤੀ ਜਾ ਰਹੀ। ਵਿਭਾਗ ਵੱਲੋਂ ਸਕੂਲਾਂ ਵਿੱਚ ਮੌਜੂਦ ਅਸਾਮੀਆਂ ਵਿੱਚੋਂ ਕਿਸੇ ਵੀ ਤਰ੍ਹਾਂ ਦੀਆਂ ਅਸਾਮੀਆਂ ਦੀ ਗਿਣਤੀ ਘੱਟ ਨਹੀਂ ਕੀਤੀ ਜਾ ਰਹੀ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਾਰਜਸ਼ੀਲ ਵੱਖ-ਵੱਖ ਕਾਡਰਾਂ ਦੇ ਅਧਿਆਪਕਾਂ, ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ, ਕੰਪਿਊਟਰ ਫੈਕਲਟੀਜ਼, ਸਿੱਖਿਆ ਕਰਮੀਆਂ ਅਤੇ ਵਲੰਟੀਅਰਾਂ ਦੀਆਂ ਆਨਲਾਈਨ ਬਦਲੀਆਂ ਲਈ ਅਪਲਾਈ ਕਰਨ ਦੀ ਤਾਰੀਕ ਵਧਾ ਦਿੱਤੀ ਗਈ ਹੈ। । ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਨ ਲਈ ਨਿਰਧਾਰਤ ਕੀਤੀ ਗਈ ਨੀਤੀ ਤਹਿਤ ਆਨ-ਲਾਈਨ ਬਦਲੀਆਂ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪੋਰਟਲ ਰਾਹੀਂ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਨਾਲ ਸੈਸ਼ਨ 2019-20 ਦੌਰਾਨ 7000 ਤੋਂ ਵੱਧ ਅਧਿਆਪਕਾਂ ਦੇ ਤਬਾਦਲੇ ਹੋਏ ਸਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਅਸਾਮੀਆਂ ਨੂੰ ਨਾ ਸਿਰਫ ਬਰਕਰਾਰ ਰੱਖਿਆ ਗਿਆ ਹੈ ਸਗੋਂ ਵਿਦਿਆਰਥੀਆਂ ਦੀ ਗਿਣਤੀ ‘ਚ ਵਾਧਾ ਹੋਣ ਦੇ ਕਰਕੇ ਸਰਕਾਰ ਵੱਲੋਂ ਵੱਖ-ਵੱਖ ਵਿਸ਼ਿਆਂ ਦੀਆਂ ਨਵੀਆਂ ਅਸਾਮੀਆਂ ਦੀ ਰਚਨਾ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਜਿੱਥੇ ਕੰਮ ਕਰ ਰਹੇ ਹਨ ਉਨ੍ਹਾਂ ਦੀਆਂ ਅਸਾਮੀਆਂ ਪੋਰਟਲ ‘ਤੇ ਦਿਖਾਈ ਦੇ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਵਿਸ਼ਵਾਸ਼ ਨਾ ਕਰਨ।
ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਿਸ ਨਾਲ ਹੁਣ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀਆਂ ਨਵੀਆਂ ਆਸਾਮੀਆਂ ਭਰੀਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ਵਿੱਚ ਇਸ ਵਾਰ ਮਾਸਟਰ ਕਾਡਰ ਵਿੱਚ ਅੰਗਰੇਜ਼ੀ, ਗਣਿਤ ਅਤੇ ਸਾਇੰਸ ਵਿਸ਼ਿਆਂ ਵਿੱਚ ਮਾਸਟਰ ਕਾਡਰ ਦੀਆਂ ਹੋਰ ਅਸਾਮੀਆਂ ਵੀ ਮਨਜ਼ੂਰ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਮਿਤੀ 24.5.2020 ਅਨੁਸਾਰ ਰਮਸਾ/ਐੱਸ.ਐੱਸ.ਏ ਅਧੀਨ ਭਰਤੀ ਹੋਏ ਗਣਿਤ ਅਤੇ ਅੰਗਰੇਜ਼ੀ ਦੇ ਅਧਿਆਪਕਾਂ ਜਾਂ ਮਿਡਲ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਲਈ ਜੋ ਲਾਜ਼ਮੀ ਬਦਲੀ ਦੀ ਸ਼ਰਤ ਲਗਾਈ ਗਈ ਸੀ, ਉਹ ਹਟਾਈ ਗਈ ਹੈ, ਪਰ ਜੇਕਰ ਕੋਈ ਅਧਿਆਪਕ ਬਦਲੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਅਪਲਾਈ ਕਰ ਸਕਦਾ ਹੈ। ਇਸ ਤੋਂ ਇਲਾਵਾ ਜੋ ਅਧਿਆਪਕ ਪਹਿਲਾ ਬਦਲੀ ਲਈ ਅਪਲਾਈ ਕਰ ਚੁੱਕੇ ਹਨ, ਜੇਕਰ ਉਨ੍ਹਾਂ ਦੀ ਕੋਈ ਤਰੁੱਟੀ ਰਹਿ ਗਈ ਹੋਵੇ ਤਾਂ ਉਹ ਵੀ ਦੂਰ ਕਰ ਸਕਦੇ ਹਨ।
The post ਸਕੂਲ ਸਿੱਖਿਆ ਵਿਭਾਗ ਵੱਲੋਂ Online ਬਦਲੀਆਂ ਕਰਨ ਦੀ ਤਰੀਕ ‘ਚ ਕੀਤਾ ਗਿਆ ਵਾਧਾ : ਵਿਜੈਇੰਦਰ ਸਿੰਗਲਾ appeared first on Daily Post Punjabi.
source https://dailypost.in/latest-punjabi-news/school-education-department/