birth anniversary of Guru Arjan Dev: ਗੁਰੂ ਅਰਜਨ ਦਾ ਜਨਮ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇਂ ਗੁਰੂ ਸਨ ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ 23 ਹਾੜ ਸੰਮਤ 1636 ਨੂੰ ਮੌ ਪਿੰਡ (ਤਹਿਸੀਲ ਫਿਲੌਰ) ਦੇ ਵਸਨੀਕ ਸ੍ਰੀ ਕਿਸ਼ਨ ਚੰਦ ਜੀ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ, ਉਸ ਵੇਲੇ ਆਪ ਜੀ ਦੀ ਉਮਰ 16 ਸਾਲ ਦੀ ਸੀ।ਜਦ ਮਾਤਾ ਗੰਗਾ ਜੀ ਮਨ ਵਿੱਚ ਪੁੱਤਰ ਪ੍ਰਾਪਤੀ ਦੀ ਇੱਛਾ ਲੈ ਬਾਬਾ ਬੁੱਢਾ ਜੀ ਲਈ ਹੱਥੀਂ ਪ੍ਰਸ਼ਾਦਾ ਤਿਆਰ ਕਰਕੇ,ਬੀੜ ਸਾਹਿਬ ਪੁੱਜੇ ਤਾਂ ਪਰਸ਼ਾਦ ਛਕਣ ਲੱਗਿਆਂ ਪ੍ਰਸੰਨ ਚਿਤ ਮੁਦਰਾ ਵਿੱਚ ਹੋਏ ਬਾਬਾ ਜੀ ਦੇ ਵਰਦਾਨ ਨਾਲ ਮਾਤਾ ਗੰਗਾ ਜੀ ਦੀ ਕੁੱਖੋਂ 21 ਹਾੜ ਸੰਮਤ 1652 (19 ਜੂਨ 1595) ਨੂੰ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਯੋਧਾ ਪੁੱਤਰ ਦਾ ਜਨਮ ਹੋਇਆ ਸੀ। ਇਧਰ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਨਿੱਕੇ ਸਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਧਰਮ ਪ੍ਰਤੀ ਲਗਨ, ਪਿਆਰ, ਸਤਿਕਾਰ, ਸੁਭਾਅ ਵਿੱਚ ਨਿਮਰਤਾ ਆਦਿ ਦੇ ਗੁਣਾਂ ਨੂੰ ਦੇਖਦੇ ਹੋਏ 1 ਸਤੰਬਰ 1581 ਨੂੰ ਜੋਤੀ ਜੋਤਿ ਸਮਾਉਣ ਵੇਲੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ, ਬਾਬਾ ਬੁੱਢਾ ਸਾਹਿਬ ਜੀ ਹੱਥੋਂ ਗੁਰਿਆਈ ਦਾ ਤਿਲਕ ਬਖਸ਼ਿਸ਼ ਕੀਤਾ ਅਤੇ ਆਪ ਚੌਥੇ ਗੁਰੂ ਉਸੇ ਦਿਨ ਹੀ ਜੋਤੀ ਜੋਤਿ ਸਮਾ ਗਏ। ਉਸ ਵਕਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲ ਦੀ ਸੀ। ਦਸਤਾਰਬੰਦੀ ਦੀ ਰਸਮ ਤੋਂ ਬਾਅਦ ਆਪ ਜੀ ਅਕਤੂਬਰ ਮਹੀਨੇ ਸ੍ਰੀ ਅੰਮ੍ਰਿਤਸਰ ਆ ਗਏ।

ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ: ਗੁਰਗੱਦੀ ਤੇ ਬਿਰਾਜਮਾਨ ਹੋ ਕੇ ਆਪ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸ਼ੁਰੂ ਕੀਤਾ। ਸੰਗਤਾਂ ਦੇ ਨਾਲ-ਨਾਲ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲ ਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ। ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਹਿਤ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿੱਚ ਗੁਰੂ ਸਾਹਿਬ ਨੂੰ ਮਿਲੇ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਰੰਭੀ ਸੰਨ 1586 ਈਃ ਵਿੱਚ ਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ) ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ। ਸਰੋਵਰ ਵਿੱਚ ਬਿਰਾਜਮਾਨ ਸ੍ਰੀ ਹਰਿਮੰਦਰ ਸਾਹਿਬ ਦੀ ਮੂਰਤ ਅਤੇ ਦਿਨ-ਰਾਤ ਹੁੰਦਾ ਗੁਰਬਾਣੀ ਦਾ ਕੀਰਤਨ ਸੁਣ ਕੇ ਅਤੇ ਅਚਰਜ ਨਜ਼ਾਰੇ ਤੱਕ ਕੇ ਦੇਖਣ ਵਾਲੇ ਦੇ ਮਨ ਵਿੱਚ ਅਜਿਹਾ ਸਵਾਲ ਪੈਦਾ ਹੈ ਕਿ ਕੀ ਇਸ ਤੋਂ ਅੱਗੇ ਵੀ ਕੋਈ ਸੱਚਖੰਡ ਹੈ?

ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਸੋਧੋ: ਗੁਰੂ ਸਾਹਿਬ ਜੀ ਨੇ ਆਪਣੇ ਗੁਰਗੱਦੀ ਕਾਲ ਵਿਚ, ਸਭ ਤੋਂ ਮਹਾਨ ਕੰਮ ਇਲਾਹੀ ਬਾਣੀ ਰਚਣ ਅਤੇ ਪਹਿਲੇ ਗੁਰੂ ਸਾਹਿਬਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਇਸ ਮਹਾਨ ਕੰਮ ਨੂੰ ਕਰਨ ਲਈ ਗੁਰੂ ਸਾਹਿਬ ਨੇ ਇਕਾਂਤ ਵਾਸ ਜਗ੍ਹਾ ਸ੍ਰੀ ਰਾਮਸਰ (ਗੁਰਦੁਆਰੇ ਸੁਸ਼ੋਭਿਤ) ਅੰਮ੍ਰਿਤਸਰ ਚੁਣੀ। ਆਪ ਜੀ ਨੇ ਸੰਨ 1601 ਤੋਂ ਲੈ ਕੇ ਅਗਸਤ 1604 ਦੇ ਲੰਮੇ ਅਰਸੇ ਦੌਰਾਨ ਇਹ ਕੰਮ ਸੰਪੂਰਨ ਕੀਤਾ ਅਤੇ ਇੱਕ ਮਹਾਨ ਗ੍ਰੰਥ ਤਿਆਰ ਕੀਤਾ ਜਿਸ ਵਿੱਚ 36 ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕੀਤੀ ਜਿਨ੍ਹਾਂ ਵਿੱਚ ਪੰਜ ਗੁਰੂ ਸਾਹਿਬਾਨ ਦੀ ਬਾਣੀ, 15 ਭਗਤਾਂ ਦੀ ਬਾਣੀ ਦਾ ਸੰਗ੍ਰਹਿ ਤਿਆਰ ਕੀਤਾ। ਇਸ ਸੇਵਾ ਲਈ ਭਾਈ ਗੁਰਦਾਸ ਜੀ ਨੇ ਆਪਣੀ ਲੇਖਣੀ ਦੁਆਰਾ ਮਹਾਨ ਯੋਗਦਾਨ ਪਾਇਆ। ਗੁਰੂ ਸਾਹਿਬ ਜੀ ਨੇ ਆਪਣੀ ਦੇਖ ਰੇਖ ਹੇਠ ਜਿਲਦ ਸਾਜ ਕੀਤੀ ਅਤੇ 30 ਅਗਸਤ 1604 ਨੂੰ ਇਸ ਇਲਾਹੀ ਗ੍ਰੰਥ ਦਾ ਪਹਿਲੀ ਵਾਰ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਗਿਆ, ਬਾਬਾ ਬੁੱਢਾ ਜੀ ਨੇ ਪ੍ਰਥਮ ਗ੍ਰੰਥੀ ਦੇ ਤੌਰ ’ਤੇ ਪਹਿਲਾ ਹੁਕਮਨਾਮਾ ਲਿਆ।

ਸ਼ਹਾਦਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਅਕਬਰ ਦਾ ਪੁੱਤਰ ਜਹਾਂਗੀਰ ਜਦੋਂ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ਸ਼ੁਰੂ ਕੀਤੇ। ਇਸ ਕੰਮ ਵਿੱਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ। ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਇੱਕ ਪਾਸੇ ਚੰਦੂ ਦੀ ਈਰਖਾ ਸੀ ਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ, ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ। ਪਰ ਗੁਰੂ ਸਾਹਿਬ ਨੇ ‘ਤੇਰਾ ਕੀਆ ਮੀਠਾ ਲਾਗੇ ‘ ਦੀ ਧੁਨੀ ਜਾਰੀ ਰੱਖੀ ਅੰਤ 16 ਮਈ, 1606 ਨੂੰ ਛੇਵੇਂ ਦਿਨ ਗੁਰੂ ਸਾਹਿਬ ਦੇ ਪਾਵਨ ਸਰੀਰ ਨੂੰ ਰਾਵੀ ਦਰਿਆ ਦੇ ਕਿਨਾਰੇ ਲਿਜਾਇਆ ਗਿਆ ਅਤੇ ਰਾਵੀ ਦਰਿਆ ਵਿੱਚ ਰੋੜ੍ਹਿਆ ਗਿਆ।
ਦੇਖੋ ਵੀਡੀਓ : ਦੇਖੋ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਦੀਪਮਾਲਾ ਤੇ ਖੂਬਸੂਰਤ ਆਤਿਸ਼ਬਾਜ਼ੀ
The post ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼ appeared first on Daily Post Punjabi.