ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਮੋਦੀ ਸਰਕਾਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਮੁਕੰਮਲ ਰੂਪ ਵਿੱਚ ਰੱਦ ਕਰਨ ਦੀ ਥਾਂ ਇਨ੍ਹਾਂ ਵਿੱਚ ਲੋੜੀਂਦੀਆਂ ਸੋਧਾਂ ਦੀ ਵਕਾਲਤ ਕੀਤੀ ਹੈ, ਜਿਸ ਦਾ ਕੇਂਦਰ ਦੀ ਭਾਜਪਾ ਸਰਕਾਰ ਨੇ ਸਵਾਗਤ ਕੀਤਾ ਹੈ। ਉਧਰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸਮੇਤ ਹੋਰਨਾਂ ਕਿਸਾਨ ਜਥੇਬੰਦੀਆਂ ਦੀ ਤਿੱਖੀ ਪ੍ਰਤੀਕਿਰਿਆ ਮਗਰੋਂ ਐੱਨਸੀਪੀ ਨੇ ਆਪਣੇ ਆਗੂ ਦਾ ਬਚਾਅ ਕਰਦਿਆਂ ਕਿਹਾ ਕਿ ਸ਼ਰਦ ਪਵਾਰ ਦਾ ਖੇਤੀ ਕਾਨੂੰਨਾਂ ’ਚ ਸੋਧ ਸਬੰਧੀ ਬਿਆਨ ਕੇਂਦਰ ਦੇ ਤਿੰਨ ਵਿਵਾਦਿਤ ਕਾਨੂੰਨਾਂ ਬਾਰੇ ਨਹੀਂ ਬਲਕਿ ਸੂਬਾਈ ਕਾਨੂੰਨਾਂ ਵਿੱਚ ਤਜਵੀਜ਼ਤ ਫੇਰਬਦਲ ਬਾਰੇ ਸੀ। ਸੰਯੁਕਤ ਕਿਸਾਨ ਮੋਰਚੇ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਨੂੰ ਖੇਤੀ ਕਾਨੂੰਨਾਂ ’ਤੇ ਲੀਕ ਮਾਰੇ ਜਾਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। ਮੋਰਚੇ ਨੇ ਚਿਤਾਵਨੀ ਦਿੱਤੀ ਕਿ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਤੇ ਖੇਤੀ ਕਾਨੂੰਨਾਂ ਦੀ ਤਰਫ਼ਦਾਰੀ ਕਰਨ ਵਾਲੀਆਂ ਸਿਆਸੀ ਧਿਰਾਂ ਦਾ ਭਾਜਪਾ ਵਾਂਗ ਹੀ ਵਿਰੋਧ ਕੀਤਾ ਜਾਵੇਗਾ।
ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਪੱਤਰਕਾਰਾਂ ਕੋਲ ਦਾਅਵਾ ਕੀਤਾ ਸੀ ਕਿ ਦੇਸ਼ ਦੇ ਸਿਖਰਲੇ ਆਗੂਆਂ ’ਚ ਸ਼ੁਮਾਰ ਸ਼ਰਦ ਪਵਾਰ ਨੇ ਇਹ ਕਹਿੰਦਿਆਂ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਬਦਲਣ ਦੀ ਕੋਈ ਲੋੜ ਨਹੀਂ ਹੈ ਤੇ ਇਨ੍ਹਾਂ ਵਿਚਲੀਆਂ ਕੁਝ ਸ਼ਰਤਾਂ, ਜਿਨ੍ਹਾਂ ਬਾਰੇ ਕਿਸਾਨਾਂ ਨੂੰ ਉਜਰ ਹੈ, ਵਿੱਚ ਸੋਧ ਕੀਤੀ ਜਾ ਸਕਦੀ ਹੈ।
source https://punjabinewsonline.com/2021/07/03/%e0%a8%96%e0%a9%87%e0%a8%a4%e0%a9%80-%e0%a8%95%e0%a8%be%e0%a8%a8%e0%a9%82%e0%a9%b0%e0%a8%a8-%e0%a8%ad%e0%a8%be%e0%a8%9c%e0%a8%aa%e0%a8%be-%e0%a8%a6%e0%a9%80-%e0%a8%b9%e0%a8%ae%e0%a8%be%e0%a8%87/