ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਰੀਬ ਪੌਣੇ ਦੋ ਮਹੀਨੇ ਮਗਰੋਂ ਕਾਂਗਰਸ ਭਵਨ ’ਚ ਆਪਣਾ ਅਹੁਦਾ ਮੁੜ ਸੰਭਾਲਿਆ ਹੈ । ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਵੀ ਇਸ ਮੌਕੇ ਮੌਜੂਦ ਸਨ। ਨਵਜੋਤ ਸਿੱਧੂ ਨੇ ਪਹਿਲਾਂ 18 ਜੁਲਾਈ ਨੂੰ ਇਸੇ ਕਾਂਗਰਸ ਭਵਨ ’ਚ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ ਪਰ 28 ਸਤੰਬਰ ਨੂੰ ਕੁਝ ਮੁੱਦਿਆਂ ਕਾਰਨ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਜੇਤੂ ਚਿਹਰਿਆਂ ਨੂੰ ਮੈਦਾਨ ’ਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਸਰਵੇਖਣ ਦੇ ਆਧਾਰ ’ਤੇ ਟਿਕਟਾਂ ਦੀ ਵੰਡ ਕਰੇਗੀ ਜਾਂ ਫਿਰ ਜਿੱਤ ਦੇ ਪੈਮਾਨੇ ਦੇ ਲਿਹਾਜ਼ ਨਾਲ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਅਖੀਰ ਵਿੱਚ ਉਮੀਦਵਾਰਾਂ ਦਾ ਐਲਾਨ ਕਰੇਗੀ। ਪਤਾ ਲੱਗਾ ਹੈ ਕਿ ਇਸ ਹਫ਼ਤੇ ਕਾਂਗਰਸ ਜਥੇਬੰਦਕ ਢਾਂਚੇ ਦਾ ਐਲਾਨ ਕਰੇਗੀ ਅਤੇ ਜਲਦੀ ਪੰਜਾਬ ਵਿੱਚ ਵੱਡਾ ਇਕੱਠ ਕੀਤੇ ਜਾਣ ਦੀ ਵਿਉਂਤਬੰਦੀ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਇੱਕਮੁੱਠ ਹੈ ਅਤੇ ਪਾਰਟੀ ਹਰ ਮਹੀਨੇ ਆਪਣੀ ਤਾਕਤ ਦਿਖਾਏਗੀ ਜਿਸ ਨੂੰ ਦੇਖ ਕੇ ਸਭ ਦੰਗ ਰਹਿ ਜਾਣਗੇ। ਉਨ੍ਹਾਂ ਦੱਸਿਆ ਕਿ ਜਲਦੀ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਸਹੀ ਵਿਕਾਸ ਲਈ ਜੋ ਖਾਕਾ ਤਿਆਰ ਕੀਤਾ ਗਿਆ ਹੈ, ਉਸ ਨੂੰ ਹਾਈਕਮਾਨ ਨੇ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਤਮ-ਨਿਰਭਰ ਬਣਾਉਣ ਦੀ ਲੋੜ ਹੈ ਕਿਉਂਕਿ ਇਸ ਤੋਂ ਬਿਨਾਂ ਸੂਬਾ ਵਿਕਾਸ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਓ ਲਿਆਉਣ ਲਈ ਸਰਕਾਰ ਬਣਾਈ ਜਾਵੇਗੀ, ਨਾ ਕਿ ਸੱਤਾ ਹਾਸਲ ਕਰਨ ਲਈ ਤੇ ਲੋਕਾਂ ਦਾ ਭਰੋਸਾ ਬਹਾਲ ਕੀਤਾ ਜਾਵੇਗਾ। ਸ੍ਰੀ ਸਿੱਧੂ ਨੇ ਮੁੜ ਪੰਜਾਬ ਦੇ ਸਿਰ ਚੜ੍ਹੇ ਕਰਜ਼ੇ ਦੀ ਗੱਲ ਦੁਹਰਾਈ ਤੇ ਆਮਦਨ ਦੇ ਵਸੀਲੇ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਸਤੇ ਇਕੱਲੇ ਵਿੱਤ ਮੰਤਰੀ ਨੂੰ ਦੋਸ਼ ਨਹੀਂ ਦਿੱਤਾ ਜਾ ਸਕਦਾ।
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਆਗਾਮੀ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਗੋਲਮੋਲ ਜੁਆਬ ਦੇ ਦਿੱਤਾ। ਜਦੋਂ ਨਵਜੋਤ ਸਿੱਧੂ ਦੀ ਹਾਜ਼ਰੀ ਵਿੱਚ ਹਰੀਸ਼ ਚੌਧਰੀ ਨੂੰ ਪੁੱਛਿਆ ਗਿਆ ਕਿ ਪਾਰਟੀ ਤਰਫੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ/ਸ਼ਖ਼ਸ ਹੀ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਲੈਣਗੇ ਅਤੇ ਇਸ ਮਗਰੋਂ ਉਨ੍ਹਾਂ ਇਹ ਵੀ ਕਿਹਾ ਸੀ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਹਾਈਕਮਾਨ ਕਰੇਗੀ।
The post ਮੌਜੂਦਾ ਕਾਂਗਰਸੀ ਵਿਧਾਇਕਾਂ ਨੂੰ ਟਿਕਟ ਦੀ ਕੋਈ ਗਾਰੰਟੀ ਨਹੀਂ first appeared on Punjabi News Online.
source https://punjabinewsonline.com/2021/11/17/%e0%a8%ae%e0%a9%8c%e0%a8%9c%e0%a9%82%e0%a8%a6%e0%a8%be-%e0%a8%95%e0%a8%be%e0%a8%82%e0%a8%97%e0%a8%b0%e0%a8%b8%e0%a9%80-%e0%a8%b5%e0%a8%bf%e0%a8%a7%e0%a8%be%e0%a8%87%e0%a8%95%e0%a8%be%e0%a8%82/