ਭਾਰਤੀ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਕਾਂਡ ਦੀ ਜਾਂਚ ਲਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਬਣਾਈ ਗਈ ਸਿਟ ਦੀ ਰੋਜ਼ਾਨਾ ਜਾਂਚ ਦੀ ਨਿਗਰਾਨੀ ਲਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਚਾਰ ਕਿਸਾਨਾਂ ਨੂੰ ਵਾਹਨ ਹੇਠਾਂ ਦਰੜਨ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਚੀਫ਼ ਜਸਟਿਸ ਐੱਨ ਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ’ਤੇ ਆਧਾਰਿਤ ਬੈਂਚ ਨੇ ਯੂਪੀ ਸਰਕਾਰ ਵੱਲੋਂ ਦਿੱਤੇ ਗਏ ਆਈਪੀਐੱਸ ਅਧਿਕਾਰੀਆਂ ਦੇ ਨਾਵਾਂ ਦਾ ਨੋਟਿਸ ਲੈਂਦਿਆਂ ਸੂਬੇ ਵੱਲੋਂ ਬਣਾਈ ਗਈ ਸਿਟ ’ਚ ਤਿੰਨ ਅਧਿਕਾਰੀਆਂ ਦੀ ਨਿਯੁਕਤੀ ਕਰ ਦਿੱਤੀ। ਬੈਂਚ ਨੇ ਕਿਹਾ,‘‘ਅਸੀਂ ਹੁਣ ਪੜਤਾਲ ਮਗਰੋਂ ਜਿਸ ਜੱਜ ਬਾਰੇ ਸੋਚਿਆ ਸੀ, ਉਸ ਨਾਲ ਸੰਪਰਕ ਕੀਤਾ ਹੈ। ਇਹ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਹਨ ਅਤੇ ਹੁਣ ਉਹ ਚੱਲ ਰਹੀ ਜਾਂਚ ਦੀ ਨਿਗਰਾਨੀ ਕਰਨਗੇ ਤਾਂ ਜੋ ਇਸ ’ਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ।’’ ਸੁਪਰੀਮ ਕੋਰਟ ਨੇ ਕਿਹਾ ਕਿ ਯੂਪੀ ਸਿਟ ਨੂੰ ਨਵੇਂ ਸਿਰੇ ਤੋਂ ਬਣਾ ਕੇ ਆਈਜੀ ਰੈਂਕ ਦੇ ਪੁਲੀਸ ਅਧਿਕਾਰੀ ਪਦਮਜਾ ਚੌਹਾਨ ਸਮੇਤ ਤਿੰਨ ਆਈਪੀਐੱਸ ਅਧਿਕਾਰੀਆਂ ਨੂੰ ਵੀ ਇਸ ’ਚ ਸ਼ਾਮਲ ਕੀਤਾ ਜਾਵੇ। ਬੈਂਚ ਨੇ ਕਿਹਾ,‘‘ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਸਿਟ ਵੱਲੋਂ ਜਾਂਚ ਜਾਰੀ ਰੱਖੀ ਜਾਵੇਗੀ। ਇਸ ਦੀ ਚਾਰਜਸ਼ੀਟ ਅਤੇ ਤਜਰਬੇਕਾਰ ਜੱਜ ਵੱਲੋਂ ਸਥਿਤੀ ਰਿਪੋਰਟ ਦਾਖ਼ਲ ਕਰਨ ਮਗਰੋਂ ਕੇਸ ਨੂੰ ਦੁਬਾਰਾ ਸੂਚੀਬੱਧ ਕੀਤਾ ਜਾਵੇਗਾ।’’ ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ 15 ਨਵੰਬਰ ਨੂੰ ਸੁਪਰੀਮ ਕੋਰਟ ਵੱਲੋਂ ਸਿਟ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਆਪਣੀ ਮਰਜ਼ੀ ਦੇ ਸਾਬਕਾ ਜੱਜ ਦੀ ਨਿਯੁਕਤੀ ਦੇ ਸੁਝਾਅ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਉਸ ਨੂੰ ਯੂਪੀ ਸਰਕਾਰ ਵੱਲੋਂ ਬਣਾਏ ਗਏ ਇਕ ਮੈਂਬਰੀ ਜੁਡੀਸ਼ਲ ਕਮਿਸ਼ਨ ’ਤੇ ਭਰੋਸਾ ਨਹੀਂ ਹੈ ਅਤੇ ਉਹ ਲਖੀਮਪੁਰ ਖੀਰੀ ਕਾਂਡ ਦੀ ਜਾਂਚ ਉਸ ਤੋਂ ਜਾਰੀ ਰੱਖਣ ਦੇ ਪੱਖ ’ਚ ਨਹੀਂ ਹੈ। ਯੂਪੀ ਸਰਕਾਰ ਨੇ ਲਖੀਮਪੁਰ ਖੀਰੀ ਕਾਂਡ ਦੀ ਜਾਂਚ ਲਈ ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਨਿਯੁਕਤ ਕੀਤਾ ਸੀ। ਬੈਂਚ ਨੇ ਕਿਹਾ ਸੀ ਕਿ ਉਹ ਜਾਂਚ ਦੀ ਨਿਗਰਾਨੀ ਲਈ ਵੱਖਰੇ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨਾ ਚਾਹੁੰਦੇ ਹਨ ਤਾਂ ਜੋ ਉਹ ਤਿਆਰ ਕੀਤੀਆਂ ਜਾਣ ਵਾਲੀਆਂ ਵੱਖਰੀਆਂ ਚਾਜਰਸ਼ੀਟਾਂ ’ਤੇ ਨਜ਼ਰ ਰੱਖ ਸਕਣ। ਜਸਟਿਸ ਸੂਰਿਆ ਕਾਂਤ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜਾਂ ਰਣਜੀਤ ਸਿੰਘ ਅਤੇ ਰਾਕੇਸ਼ ਕੁਮਾਰ ਜੈਨ ਦੇ ਨਾਮ ਸੁਝਾਏ ਸਨ। ਪੁਲੀਸ ਨੇ ਲਖੀਮਪੁਰ ਖੀਰੀ ਕਾਂਡ ਲਈ ਹੁਣ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
The post ਲਖੀਮਪੁਰ ਕਤਲਕਾਂਡ ਦੀ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਕਰਨਗੇ ਜਾਂਚ ਦੀ ਨਿਗਰਾਨੀ first appeared on Punjabi News Online.
source https://punjabinewsonline.com/2021/11/18/%e0%a8%b2%e0%a8%96%e0%a9%80%e0%a8%ae%e0%a8%aa%e0%a9%81%e0%a8%b0-%e0%a8%95%e0%a8%a4%e0%a8%b2%e0%a8%95%e0%a8%be%e0%a8%82%e0%a8%a1-%e0%a8%a6%e0%a9%80-%e0%a8%b8%e0%a8%be%e0%a8%ac%e0%a8%95%e0%a8%be/