ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਹੁਤੇ ਆਗੂਆਂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨਾਲ ਸਾਂਝ ਖਿਲਾਫ਼ ਨਿੱਤਰਨ ਕਾਰਨ ਗੱਠਜੋੜ ਸਬੰਧੀ ਫੈਸਲਾ ਸਿਰੇ ਨਾ ਚੜ੍ਹ ਸਕਿਆ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਹੋਈ ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੋਂ ਬਾਅਦ ਵਿਵਾਦਤ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ ਪਰ ਭਾਜਪਾ ਲਈ ਸੂਬੇ ਦਾ ਸਿਆਸੀ ਮਾਹੌਲ ਹਾਲ ਦੀ ਘੜੀ ਸਾਜ਼ਗਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਕਾਰਨ ਦਿਹਾਤੀ ਖੇਤਰ ਨਾਲ ਸਬੰਧਤ ਲੋਕਾਂ ਦੇ ਮਨਾਂ ਅੰਦਰ ਭਾਜਪਾ ਪ੍ਰਤੀ ਨਫਰਤ ਭਰੀ ਪਈ ਹੈ। ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿੱਚ ਭਾਜਪਾ ਨਾਲ ਸਾਂਝ ਪਾਉਣ ਦਾ ਲਾਭ ਸਗੋਂ ਨੁਕਸਾਨ ਹੋ ਸਕਦਾ ਹੈ। ਢੀਂਡਸਾ ਨੇ ਆਗੂਆਂ ਵੱਲੋਂ ਰੱਖੇ ਇਨ੍ਹਾਂ ਸੁਝਾਵਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਿਹੜੀਆਂ ਹਮਖਿਆਲ ਪਾਰਟੀਆਂ ਨਾਲ ਸਾਂਝ ਪਾਈ ਜਾਣੀ ਹੈ, ਇਸ ਸਬੰਧੀ ਵਿਚਾਰ ਚਰਚਾ ਲਈ ਆਉਂਦੇ ਦਿਨਾਂ ’ਚ ਇਕ ਹੋਰ ਮੀਟਿੰਗ ਸੱਦੀ ਜਾਵੇਗੀ। ਉਂਜ ਪਾਰਟੀ ਨੇ ਅਹਿਮ ਫੈਸਲੇ ਲੈਣ ਦਾ ਅਧਿਕਾਰ ਸੁਖਦੇਵ ਸਿੰਘ ਢੀਂਡਸਾ ਨੂੰ ਸੌਂਪ ਦਿੱਤਾ ਹੈ। ਅੰਦਰੂਨੀ ਵਿਰੋਧ ਕਾਰਨ ਭਾਜਪਾ ਨਾਲ ਗੱਠਜੋੜ ਦੇ ਆਸਾਰ ਮੱਧਮ ਪੈ ਗਏ ਹਨ। ਭਾਜਪਾ ਦੇ ਰਣਨੀਤੀਘਾੜੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੁਖਦੇਵ ਸਿੰਘ ਢੀਂਡਸਾ ਦਰਮਿਆਨ ਪਿਛਲੇ ਹਫ਼ਤੇ ਨਵੀਂ ਦਿੱਲੀ ਵਿੱਚ ਮੁਲਾਕਾਤ ਹੋਈ ਸੀ। ਇਸ ਮੀਟਿੰਗ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨੇ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਨਾਲ ਭਾਜਪਾ ਗੱਠਜੋੜ ਕਰੇਗੀ।
The post ਭਾਜਪਾ ਨਾਲ ਗੱਠਜੋੜ ਲਈ ਅਕਾਲੀ ਦਲ (ਸੰਯੁਕਤ) ਭਾਜਪਾ ਪ੍ਰਤੀ ਪਿੰਡਾਂ ’ਚ ਅਜੇ ਵੀ ਨਫਰਤ ਹੋਣ ਕਾਰਨ ਦੋਚਿੱਤੀ ‘ਚ first appeared on Punjabi News Online.
source https://punjabinewsonline.com/2021/12/07/%e0%a8%ad%e0%a8%be%e0%a8%9c%e0%a8%aa%e0%a8%be-%e0%a8%a8%e0%a8%be%e0%a8%b2-%e0%a8%97%e0%a9%b1%e0%a8%a0%e0%a8%9c%e0%a9%8b%e0%a9%9c-%e0%a8%b2%e0%a8%88-%e0%a8%85%e0%a8%95%e0%a8%be%e0%a8%b2%e0%a9%80/