'ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਜਲੰਧਰ 'ਚ ਕੀਤਾ ਡੋਰ-ਟੂ-ਡੋਰ ਪ੍ਰਚਾਰ Jan 24th 2022, 13:03, by Narinder Jagga ਫੈਕਟ ਸਮਾਚਾਰ ਸੇਵਾ ਜਲੰਧਰ , ਜਨਵਰੀ 24 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਮਾਨ ਨੇ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ "ਇਸ ਵਾਰ ਪੰਜਾਬ ਦੀ ਜਨਤਾ ਪੰਜਾਬ ਦੀ ਨਵੀਂ ਇਬਾਰਤ ਲਿਖੇਗੀ। ਪੰਜਾਬ 'ਤੇ ਦਹਾਕਿਆਂ ਤੋਂ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਦੀਆਂ ਭ੍ਰਿਸ਼ਟ ਨੀਤੀਆਂ ਅਤੇ ਲੁੱਟ ਤੋਂ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ। 20 ਫਰਵਰੀ ਨੂੰ ਪੰਜਾਬ ਦੇ ਲੋਕ ਝਾੜੂ ਦਾ ਬਟਨ ਦਬਾ ਕੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।" ਭਗਵੰਤ ਮਾਨ 'ਆਪ' ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਲਈ ਜਲੰਧਰ ਪੁੱਜੇ ਸਨ। ਉਨ੍ਹਾ ਨਕੋਦਰ ਤੋਂ 'ਆਪ' ਉਮੀਦਵਾਰ ਇੰਦਰਜੀਤ ਕੌਰ ਮਾਨ, ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਰਮਨ ਅਰੋੜਾ ਅਤੇ ਜਲੰਧਰ ਉੱਤਰੀ ਤੋਂ 'ਆਪ' ਉਮੀਦਵਾਰ ਦਿਨੇਸ਼ ਢੱਲ ਦੇ ਹੱਕ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਉਨ੍ਹਾਂ ਨੂੰ ਦੇਖਣ ਲਈ ਲੋਕ 'ਚ ਕਾਫੀ਼ ਉਤਸਾ਼ਹ ਸੀ। ਥਾਂ ਥਾਂ 'ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸਮਰਥਕਾਂ ਨੇ ਜ਼ਿੰਦਾਬਾਦ ਦੇ ਨਾਅਰੇ ਲਾਏ। ਜਲੰਧਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ "ਚਾਹੇ ਮਾਝਾ ਹੋਵੇ, ਦੁਆਬਾ ਜਾਂ ਮਾਲਵਾ ਹੋਵੇ , ਅੱਜ ਪੂਰਾ ਪੰਜਾਬ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। 10 ਮਾਰਚ ਨੂੰ ਪੰਜਾਬ 'ਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।" 'ਆਪ' ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ।ਸਾਡੀ ਸਰਕਾਰ ਪੰਜਾਬ ਸਿਰ ਚੜ੍ਹਿਆ 3 ਲੱਖ ਕਰੋੜ ਦਾ ਕਰਜ਼ਾ ਵੀ ਉਤਾਰੇਗੀ ਅਤੇ ਹਰ ਵਰਗ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬਿਹਤਰ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ 'ਤੇ ਮਾਨ ਨੇ ਪੰਜਾਬ ਦੇ ਲੋਕਾਂ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਜਿੰਮੇਵਾਰੀ ਵਧਣ ਦੇ ਨਾਲ ਉਨ੍ਹਾਂ ਦਾ ਹੌਂਸਲਾ ਵੀ ਵਧਿਆ ਹੈ। ਪਾਰਟੀ, ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਵਿੱਚ ਜੋ ਵਿਸ਼ਵਾਸ ਜਤਾਇਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖ਼ਰਾ ਉਤਰਨਗੇ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਵਾਂਗੇ। ਇਸ ਮੌਕੇ 'ਆਪ' ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਸਥਾਨਕ ਆਗੂ ਵੀ ਕਾਫ਼ਲੇ 'ਚ ਮੌਜੂਦ ਸਨ। The post 'ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਜਲੰਧਰ 'ਚ ਕੀਤਾ ਡੋਰ-ਟੂ-ਡੋਰ ਪ੍ਰਚਾਰ appeared first on The Fact News Punjabi. |