ਰੇਤ ਮਾਫੀਆ ਨਾਲ ਮੁੱਖ ਮੰਤਰੀ ਦੇ ਸਬੰਧਾਂ 'ਤੇ ਚੁੱਕੇ ਸਵਾਲ
ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 24
ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। 'ਆਪ' ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਜਾਬ 'ਚ ਬਹੁ-ਪੱਧਰੀ ਗੈਰ-ਕਾਨੂੰਨੀ ਰੇਤ ਮਾਈਨਿੰਗ ਰੈਕੇਟ 'ਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਲੀਡਰਸ਼ਿਪ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਰੇਤ ਮਾਫੀਆ ਚਲਾਉਣ ਦੀ ਲਿਖਤੀ ਸ਼ਿਕਾਇਤ ਦਿੱਤੀ ਸੀ ਤਾਂ ਉਨ੍ਹਾਂ ਨੇ ਕਾਰਵਾਈ ਕਿਉਂ ਨਹੀਂ ਕੀਤੀ ? ਬਲਕਿ ਕਾਂਗਰਸ ਲੀਡਰਸ਼ਿਪ ਨੇ ਚੰਨੀ 'ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ।
ਉਨ੍ਹਾਂ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜਦੋਂ ਚੰਨੀ ਨੂੰ ਰੇਤ ਮਾਫੀਆ ਨਾਲ ਜੁੜੇ ਹੋਣ ਦਾ ਪਤਾ ਲੱਗਾ ਤਾਂ ਉਸ ਨੂੰ ਮੁੱਖ ਮੰਤਰੀ ਕਿਉਂ ਬਣਾਇਆ ਗਿਆ। ਮੁੱਖ ਮੰਤਰੀ ਬਨਣ ਤੋਂ ਬਾਅਦ ਵੀ ਜਦੋਂ ਚੰਨੀ ਦੇ ਰਿਸ਼ਤੇਦਾਰਾਂ 'ਤੇ ਈ.ਡੀ ਦੇ ਛਾਪੇ 'ਚ ਕਰੋੜਾਂ ਰੁਪਏ ਅਤੇ ਕਈ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲੇ ਤਾਂ ਚੰਨੀ ਨੂੰ ਪਾਰਟੀ 'ਚੋਂ ਮੁਅੱਤਲ ਕਿਉਂ ਨਹੀਂ ਕੀਤਾ ਗਿਆ। ਕੀ ਰੇਤ ਮਾਫੀਆ ਦਾ ਪੈਸਾ ਕਾਂਗਰਸ ਲੀਡਰਸ਼ਿਪ ਤੱਕ ਵੀ ਪਹੁੰਚ ਰਿਹਾ ਹੈ, ਇਸੇ ਕਰਕੇ ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਚੰਨੀ, ਉਸ ਦੇ ਰਿਸ਼ਤੇਦਾਰ ਹਨੀ ਅਤੇ ਮਨੀ (ਪੈਸੇ) ਦਾ ਗਠਜੋੜ ਹੈ ਅਤੇ ਰੇਤ ਮਾਫੀਆ ਕਰੋੜਾਂ ਰੁਪਏ ਦਾ ਕਾਰੋਬਾਰ ਕਰ ਰਿਹਾ ਹੈ। ਮਜੀਠੀਆ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਨੇ ਜੰਗਲਾਤ ਵਿਭਾਗ ਵਿੱਚ ਮਾਈਨਿੰਗ ਕਰਵਾਈ ਹੈ, ਜਿੱਥੇ ਖੁਦਾਈ ਨਹੀਂ ਹੋ ਸਕਦੀ ਸੀ, ਅਤੇ ਪੈਸੇ ਇਕੱਠੇ ਕੀਤੇ। ਮਜੀਠੀਆ ਨੇ ਚੰਨੀ 'ਤੇ 111 ਦਿਨਾਂ 'ਚ 1111 ਕਰੋੜ ਰੁਪਏ ਕਮਾਉਣ ਦਾ ਦੋਸ਼ ਲਗਾਇਆ ਹੈ। ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕੀਤਾ ਕਿ ਕੀ ਹੁਣ ਚੰਨੀ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵਾਂਗ ਮਜੀਠੀਆ 'ਤੇ ਮਾਣਹਾਨੀ ਦਾ ਕੇਸ ਕਰਨਗੇ।
Facebook Page: https://www.facebook.com/factnewsnet
See videos: https://www.youtube.com/c/TheFACTNews/videos
The post ਆਮ ਆਦਮੀ ਪਾਰਟੀ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਰਾਜਪਾਲ ਨਾਲ ਕੀਤੀ ਮੁਲਾਕਾਤ appeared first on The Fact News Punjabi.