ਫੈਕਟ ਸਮਾਚਾਰ ਸੇਵਾ
ਐਸ.ਏ.ਐਸ. ਨਗਰ, ਜਨਵਰੀ 24
ਅੱਜ 24 ਜਨਵਰੀ ਨੂੰ 73ਵੇ ਗਣਤੰਤਰਤਾ ਦਿਵਸ ਸਮਾਰੋਹ ਲਈ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ ਫ਼ੇਜ਼-6, ਮੋਹਾਲੀ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋ ਕੌਮੀ ਝੰਡਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਗਈ।
ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਨੂੰ ਰਾਜ ਪੱਧਰੀ ਸਮਾਗਮ ਘੋਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਮੁੱਖ ਮਹਿਮਾਨ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਂਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ।
ਈਸ਼ਾ ਕਾਲੀਆ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਗਣਤੰਤਰਤਾ ਦਿਵਸ ਸਮਾਰੋਹ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਸਿਰਫ਼ ਪੰਜਾਬ ਪੁਲਿਸ ਦੀਆਂ ਟੁਕੜੀਆਂ ਅਤੇ ਐਨਸੀਸੀ ਕੈਡਿਟਾਂ ਦੀਆਂ ਟੁਕੜੀਆਂ ਹੀ ਪਰੇਡ ਵਿੱਚ ਹਿੱਸਾ ਲੈ ਰਹੀਆਂ ਹਨ।
ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਮਾਗਮ ਦੀ ਪੂਰੀ ਡਰੈੱਸ ਰਿਹਰਸਲ ਤੋਂ ਬਾਅਦ ਦੱਸਿਆ ਕਿ ਕੋਵਿਡ ਸੰਕਟ ਕਾਰਨ, ਗਣਤੰਤਰਤਾ ਦਿਵਸ ਸਮਾਰੋਹ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਮੁੱਖ ਮਹਿਮਾਨ ਦੁਆਰਾ ਸੰਬੋਧਨ ਤੇ ਇਨਾਮ ਵੰਡ ਤੱਕ ਸੀਮਤ ਰਹੇਗਾ। ਉਨ੍ਹਾਂ ਕਿਹਾ ਕਿ ਸੁਰੱਖਿਆ ਮਾਪਦੰਡਾਂ ਕਾਰਨ ਇਸ ਮੌਕੇ ਕੋਈ ਜਨਤਕ ਇਕੱਠ ਨਹੀਂ ਕੀਤਾ ਜਾਵੇਗਾ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਰੱਖਿਆ ਪ੍ਰੋਟੋਕੋਲਾਂ ਦੀ ਪਾਲਣਾ ਕਰਦਿਆਂ ਸਮਾਗਮ ਵਾਲੀ ਥਾਂ ਦੀ ਪੂਰੀ ਸਫ਼ਾਈ ਤੇ ਸੈਨੇਟਾਈਜੇਸ਼ਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਬਾਵਜੂਦ ਇਹ ਜਸ਼ਨ ਪੂਰੇ ਉਤਸ਼ਾਹ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਕਰਵਾਏ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਕੋਮਲ ਮਿੱਤਲ, ਅਤੇ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
The post ਸਰਕਾਰੀ ਕਾਲਜ ਮੋਹਾਲੀ ਵਿਖੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ appeared first on The Fact News Punjabi.