
ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਅਗਲੇ ਹਫ਼ਤੇ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਸਬੰਧੀ ਫ਼ੈਸਲਾ ਲੈ ਸਕਦੀ ਹੈ। ਸਾਬਕਾ ਵਿਧਾਇਕਾਂ ਨੂੰ ਹਰ ਟਰਮ ਦੀ ਮਿਲਦੀ ਵਾਧੂ ਪੈਨਸ਼ਨ ਬੰਦ ਕੀਤੀ ਜਾ ਸਕਦੀ ਹੈ ਅਤੇ ਇਸ ਬਾਰੇ ਫ਼ੈਸਲੇ ਨੂੰ ਆਖਰੀ ਛੋਹ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਲਾਗੂ ਕਰਨ ਦੇ ਇੱਛੁਕ ਦੱਸੇ ਜਾ ਰਹੇ ਹਨ। ਇੱਕ ਵਾਰੀ ਵਿਧਾਇਕ ਰਹਿਣ ਵਾਲੇ ਨੂੰ ਪੰਜਾਬ ’ਚ 75,150 ਰੁਪਏ ਪੈਨਸ਼ਨ ਮਿਲਦੀ ਹੈ। ਜੇਕਰ ਕੋਈ ਦੋ ਵਾਰ ਵਿਧਾਇਕ ਰਹਿ ਜਾਂਦਾ ਹੈ ਤਾਂ ਉਸ ਨੂੰ 1।25 ਲੱਖ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਹਰ ਇੱਕ ਟਰਮ ਵਿਚ 50 ਹਜ਼ਾਰ ਰੁਪਏ ਦਾ ਵਾਧਾ ਜੁੜਦਾ ਹੈ ਜੋ ਕਰੀਬ 66 ਫ਼ੀਸਦੀ ਬਣਦਾ ਹੈ। ਬੇਸ਼ੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਹ 10 ਵਾਰੀ ਵਿਧਾਇਕ ਰਹੇ ਹੋਣ ਕਰਕੇ 5.25 ਲੱਖ ਰੁਪਏ ਦੀ ਪੈਨਸ਼ਨ ਦੇ ਹੱਕਦਾਰ ਹਨ।
ਵਿਧਾਇਕ ਤੇ ਸੰਸਦ ਮੈਂਬਰ ਰਹਿ ਚੁੱਕੀਆਂ ਹਸਤੀਆਂ ਨੂੰ ਛੋਟ ਦਿੱਤੀ ਹੈ ਕਿ ਉਹ ਇੱਕੋ ਸਮੇਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਵਾਲੀ ਭਾਵ ਦੋਵੇਂ ਪੈਨਸ਼ਨ ਹਾਸਲ ਕਰਨ ਦਾ ਹੱਕ ਰੱਖਦੇ ਹਨ। ‘ਆਪ’ ਸਰਕਾਰ ਫ਼ੈਸਲਾ ਲੈ ਰਹੀ ਹੈ ਕਿ ਕੋਈ ਸਿਆਸੀ ਹਸਤੀ ਭਾਵੇਂ ਕਿੰਨੀ ਵਾਰ ਵੀ ਵਿਧਾਇਕ ਰਹੀ ਹੋਵੇ, ਉਸ ਨੂੰ ਸਾਬਕਾ ਵਿਧਾਇਕ ਵਾਲੀ ਪੈਨਸ਼ਨ ਸਿਰਫ਼ 75,150 ਰੁਪਏ ਪ੍ਰਤੀ ਮਹੀਨਾ ਹੀ ਮਿਲੇਗੀ। ਭਗਵੰਤ ਮਾਨ ਇਹ ਫ਼ੈਸਲੇ ਸਿਰੇ ਚਾੜ੍ਹਦੇ ਹਨ ਤਾਂ ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੀ ਸਾਹ ਆਵੇਗਾ। ‘ਆਪ’ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਇੱਕ ਵਫ਼ਦ ਨੇ 17 ਅਗਸਤ 2021 ਨੂੰ ਪੰਜਾਬ ਵਿਧਾਨ ਸਭਾ ਦੇ ਤਤਕਾਲੀ ਸਪੀਕਰ ਨੂੰ ਮੰਗ ਪੱਤਰ ਦੇ ਕੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਪੈਨਸ਼ਨ ਦੇਣ ਦੀ ਮੰਗ ਕੀਤੀ ਸੀ।
ਹੁਣ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਛੇ-ਛੇ ਵਾਰ ਵਿਧਾਇਕ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਪੈਨਸ਼ਨ 3।25 ਲੱਖ ਰੁਪਏ ਪ੍ਰਤੀ ਮਹੀਨਾ ਬਣਦੀ ਹੈ। ਜੇਕਰ ਫ਼ੈਸਲਾ ਲਾਗੂ ਹੋ ਗਿਆ ਤਾਂ ਬੀਬੀ ਭੱਠਲ ਨੂੰ 3।25 ਲੱਖ ਦੀ ਥਾਂ ’ਤੇ 75,150 ਰੁਪਏ ਹੀ ਪੈਨਸ਼ਨ ਮਿਲੇਗੀ। ਬਲਵਿੰਦਰ ਸਿੰਘ ਭੂੰਦੜ ਪੰਜ ਵਾਰ ਵਿਧਾਇਕ ਰਹੇ ਹਨ ਅਤੇ ਉਨ੍ਹਾਂ ਨੂੰ ਬਤੌਰ ਸਾਬਕਾ ਵਿਧਾਇਕ ਪੌਣੇ ਤਿੰਨ ਲੱਖ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ ਜਦਕਿ ਸੁਖਦੇਵ ਸਿੰਘ ਢੀਂਡਸਾ ਨੂੰ ਸਵਾ ਦੋ ਲੱਖ ਰੁਪਏ ਪੈਨਸ਼ਨ ਮਿਲਦੀ ਹੈ। ਪੰਜਾਬ ਦੇ ਇਸ ਵੇਲੇ 325 ਸਾਬਕਾ ਵਿਧਾਇਕ ਹਨ ਜਿਨ੍ਹਾਂ ਨੂੰ ਪੈਨਸ਼ਨ ਮਿਲ ਰਹੀ ਹੈ ਜਾਂ ਮਿਲਣੀ ਹੈ।
The post ਅਗਲੇ ਹਫ਼ਤੇ ‘ਆਪ’ ਸਰਕਾਰ ਵੱਲੋਂ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਲਾਗੂ ਕਰਨ ਦੀ ਤਿਆਰੀ ! first appeared on Punjabi News Online.
source https://punjabinewsonline.com/2022/03/21/%e0%a8%85%e0%a8%97%e0%a8%b2%e0%a9%87-%e0%a8%b9%e0%a8%ab%e0%a8%bc%e0%a8%a4%e0%a9%87-%e0%a8%86%e0%a8%aa-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2/