ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਾਰਚ 3
ਹਰਿਆਣਾ ਦੀ ਭਾਜਪਾ ਅਤੇ ਜੇਜੇਪੀ ਗੱਠਜੋੜ ਸਰਕਾਰ ਦਾ ਸਾਲ 2021-22 ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਰਾਜਪਾਲ ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਸਣੇ ਹੋਰ ਵਿਧਾਇਕ ਹਾਜ਼ਰ ਰਹੇ। ਇਜਲਾਸ ਦੀ ਸ਼ੁਰੂਆਤ ਹਰਿਆਣਾ ਦੇ ਰਾਜਪਾਲ ਦੇ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਅਤੇ ਵੱਖ-ਵੱਖ ਵਰਗਾਂ ਲਈ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਕਈ ਵੱਡੇ ਫ਼ੈਸਲੇ ਲੈਂਦੇ ਹੋਏ ਫ਼ਸਲਾਂ ਦੀ ਐੱਮਐੱਸਪੀ 'ਤੇ ਖ਼ਰੀਦ ਦੇ ਨਾਲ-ਨਾਲ ਮੌਸਮ ਦੇ ਖ਼ਰਾਬੇ ਕਰ ਕੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਵੀ ਸਮੇਂ ਸਿਰ ਮੁਆਵਜ਼ਾ ਦਿੱਤਾ ਹੈ। ਸਰਕਾਰ ਨੇ ਬੀਜ ਦੀ ਖ਼ਰੀਦ ਤੋਂ ਲੈ ਕੇ ਬਾਜ਼ਾਰ 'ਚ ਫ਼ਸਲ ਦੀ ਵਿਕਰੀ ਤੱਕ ਕਿਸਾਨਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲਾਂ ਦੀ 27,000 ਕਰੋੜ ਰੁਪਏ ਦੀ ਅਦਾਇਗੀ ਡੀਬੀਟੀ ਰਾਹੀਂ ਕੀਤੀ ਗਈ ਹੈ। ਫ਼ਸਲਾਂ ਦੇ ਖ਼ਰਾਬੇ ਸਬੰਧੀ ਮੁਆਵਜ਼ਾ ਰਕਮ 12,000 ਕਰੋੜ ਰੁਪਏ ਤੋਂ ਵਧਾ ਕੇ 15 ਹਜ਼ਾਰ ਕਰੋੜ ਰੁਪਏ ਕਰ ਦਿੱਤੀ ਹੈ। ਇਸ ਸਾਲ ਖ਼ਰਾਬ ਹੋਈ ਫ਼ਸਲ ਦਾ 561 ਕਰੋੜ ਰੁਪਏ ਮੁਆਵਜ਼ਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਤਹਿਤ 700 ਕਰੋੜ ਰੁਪਏ ਦੇ ਕਲੇਮ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਐੱਮਐੱਸਪੀ 'ਤੇ 14 ਫ਼ਸਲਾਂ ਦੀ ਖ਼ਰੀਦ ਕਰਨ ਵਾਲਾ ਮੋਹਰੀ ਸੂਬਾ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਨਵੀਂ ਕੌਮੀ ਸਿੱਖਿਆ ਨੀਤੀ-2020 ਨੂੰ ਸੂਬੇ ਵਿੱਚ 2025 ਤੱਕ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2020-21 'ਚ ਦਰਾਮਦ ਦਾ ਕਾਰੋਬਾਰ ਵਧ ਕੇ 1745.72 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਰਾਜਪਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਾਲ 2020-21 ਦੇ ਬਜਟ ਨੂੰ ਸੂਬੇ ਦੇ ਲੋਕਾਂ ਦੇ ਵਿਕਾਸ ਲਈ ਢੁੱਕਵਾਂ ਬਣਾਉਣ ਲਈ ਕੋਸ਼ਿਸ਼ ਕੀਤੀ ਹੈ, ਰਹਿੰਦੇ ਵਿਕਾਸ ਕਾਰਜਾਂ ਨੂੰ ਇਸ ਸਾਲ ਵਿਚ ਪੂਰਾ ਕੀਤਾ ਜਾਵੇਗਾ। ਬਜਟ ਇਜਲਾਸ ਦੇ ਪਹਿਲੇ ਦਿਨ ਸ਼ਹੀਦ ਜਵਾਨਾਂ, ਗਾਇਕਾ ਲਤਾ ਮੰਗੇਸ਼ਕਰ ਅਤੇ ਯੂਕਰੇਨ ਵਿੱਚ ਫੌਤ ਹੋਏ ਵਿਦਿਆਰਥੀ ਨਵੀਨ ਨੂੰ ਸ਼ਰਧਾਂਜਲੀ ਦਿੱਤੀ ਗਈ।
Facebook Page: https://www.facebook.com/factnewsnet
See videos:https://www.youtube.com/c/TheFACTNews/videos
The post ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਹੋਈ ਸ਼ੁਰੂਆਤ appeared first on The Fact News Punjabi.