ਦਿੱਲੀ ਦੇ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਮਾਮਲੇ ਦੇ ਮੋਹਾਲੀ ਦੀ ਇੱਕ ਅਦਾਲਤ ਵੱਲੋਂ ਸ਼ਨੀਵਾਰ ਨੂੰ ਕੱਢੇ ਵਾਰੰਟਾਂ ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ 10 ਮਈ ਤੱਕ ਰੋਕ ਲਗਾ ਦਿੱਤੀ ਹੈ। ਜਸਟਿਸ ਅਨੂਪ ਚਿਤਕਾਰਾ ਨੇ ਬੱਗਾ ਦੀ ਪਟੀਸ਼ਨ ‘ਤੇ ਦੇਰ ਰਾਤ ਉਨ੍ਹਾਂ ਦੇ ਘਰ ਜਾ ਕੇ ਸੁਣਵਾਈ ਕਰਦਿਆਂ ਇਹ ਫੈਸਲਾ ਦਿੱਤਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਪੰਜਾਬ ਪੁਲਿਸ ਦੁਆਰਾ ਉਸਨੂੰ ਗ੍ਰਿਫ਼ਤਾਰ ਕਰਨ ਅਤੇ ਕੁਝ ਘੰਟਿਆਂ ਵਿੱਚ ਰਿਹਾਅ ਕਰਨ ਤੋਂ ਇੱਕ ਦਿਨ ਬਾਅਦ, ਜੁਡੀਸ਼ੀਅਲ ਮੈਜਿਸਟਰੇਟ ਰਵੇਸ਼ ਇੰਦਰਜੀਤ ਸਿੰਘ ਦੀ ਅਦਾਲਤ ਨੇ ਬੱਗਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਜੱਜ ਨੇ ਹੁਕਮਾਂ ਵਿੱਚ ਕਿਹਾ ਕਿ ਤੇਜਿੰਦਰ ਪਾਲ ਸਿੰਘ ਬੱਗਾ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153-ਏ, 505, 505 (2), 506 ਦੇ ਤਹਿਤ ਸਜ਼ਾਯੋਗ ਅਪਰਾਧ ਦਾ ਦੋਸ਼ ਲਗਾਇਆ ਗਿਆ ਹੈ। ਤੇਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਮੇਰੇ ਸਾਹਮਣੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 23 ਮਈ ਨੂੰ ਹੋਵੇਗੀ।
ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਬੱਗਾ ਖ਼ਿਲਾਫ਼ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ਼ ਕੀਤਾ ਸੀ। ਪੁਲਿਸ ਨੇ ਬੱਗਾ ਖ਼ਿਲਾਫ਼ ਕੇਸ ਮੁਹਾਲੀ ਸਥਿਤ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਨੀ ਆਹਲੂਵਾਲੀਆ ਦੀ ਸ਼ਿਕਾਇਤ ’ਤੇ ਦਰਜ਼ ਕੀਤਾ ਸੀ। ਪੰਜਾਬ ਪੁਲਿਸ ਨੇ ਕਿਹਾ ਸੀ ਕਿ 1 ਅਪ੍ਰੈਲ ਨੂੰ ਦਰਜ਼ ਐਫਆਈਆਰ ਦੇ ਅਨੁਸਾਰ, ਬੱਗਾ ਨੇ 30 ਮਾਰਚ ਨੂੰ ਦਿੱਲੀ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਜਪਾ ਯੁਵਾ ਮੋਰਚਾ ਦੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ ਅਤੇ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।
The post ਬੱਗਾ ਦੀ ਗ੍ਰਿਫਤਾਰੀ ਤੇ ਹਾਈਕੋਰਟ ਨੇ ਅੱਧੀ ਰਾਤ ਦਿੱਤਾ ਫੈਸਲਾ first appeared on Punjabi News Online.
source https://punjabinewsonline.com/2022/05/08/%e0%a8%ac%e0%a9%b1%e0%a8%97%e0%a8%be-%e0%a8%a6%e0%a9%80-%e0%a8%97%e0%a9%8d%e0%a8%b0%e0%a8%bf%e0%a8%ab%e0%a8%a4%e0%a8%be%e0%a8%b0%e0%a9%80-%e0%a8%a4%e0%a9%87-%e0%a8%b9%e0%a8%be%e0%a8%88%e0%a8%95/