TheUnmute.com – Punjabi News: Digest for January 16, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ 15 ਜਨਵਰੀ 2023: ਅਨਾਜ ਘੋਟਾਲੇ ਵਿੱਚ ਸ਼ਾਮਲ ਲੋਕਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੀ 'ਆਪ' ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੋਵਾਂ ਨੂੰ ਇਸ ਘਪਲੇ ਦੀ ਡੂੰਘਾਈ ਨਾਲ ਜਾਂਚ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।

ਸੀਬੀਆਈ ਦੇ ਅਪਰੇਸ਼ਨ ਕਣਕ ਦਾ ਜ਼ਿਕਰ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਦੇਸ਼ ਵਿੱਚ ਭ੍ਰਿਸ਼ਟਾਚਾਰ ਦੀਆਂ ਜੜਾਂ ਕਿੰਨੀਆਂ ਡੂੰਘੀਆਂ ਹਨ, ਸਿਸਟਮ ਦੇ ਹੇਠਲੇ ਪੱਧਰ ‘ਤੇ ਕੰਮ ਕਰਨ ਵਾਲੇ ਲੋਕਾਂ ਤੋਂ ਲੈ ਕੇ ਉੱਚ ਪੱਧਰੀ ਅਧਿਕਾਰੀਆਂ ਤੱਕ, ਸਭ ਇਸ ਵਿੱਚ ਸ਼ਾਮਲ ਹਨ।

“ਜਿਹੜੇ ਲੋਕ ਅਜਿਹੇ ਘਿਣਾਉਣੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਇੱਕ ਅਖ਼ਬਾਰ ਦੀ ਰਿਪੋਰਟ ਅਨੁਸਾਰ, ਗੋਦਾਮਾਂ ਅਤੇ ਮਿੱਲਾਂ ਸਮੇਤ 99 ਥਾਵਾਂ ਦੀ ਸੀਬੀਆਈ ਵੱਲੋਂ ਤਲਾਸ਼ੀ ਲਈ ਗਈ ਸੀ, ਜਿਨ੍ਹਾਂ ਵਿੱਚੋਂ 90 ਇਕੱਲੇ ਪੰਜਾਬ ਵਿੱਚ ਸਨ। ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸ਼ਾਇਦ ਪੰਜਾਬ ਭ੍ਰਿਸ਼ਟਾਚਾਰ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ, ਜਿਸ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ, “ਐਲਓਪੀ ਨੇ ਅੱਗੇ ਕਿਹਾ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਨੌਕਰਸ਼ਾਹਾਂ ਦੇ ਭ੍ਰਿਸ਼ਟਾਚਾਰ ਅਤੇ ਉਨ੍ਹਾਂ ਦੇ ਧੱਕੇਸ਼ਾਹੀ ਦੇ ਗੈਰ-ਵਾਜਬ ਰੁਖ਼ ਬਾਰੇ ਪੱਤਰ ਲਿਖ ਚੁੱਕੇ ਹਨ।

ਬਾਜਵਾ ਨੇ ਕਿਹਾ ਕਿ ਕਥਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਆਪਣੇ ਸਾਥੀ ਦੇ ਸਮਰਥਨ ਵਿੱਚ ਪੀਸੀਐੱਸ ਅਧਿਕਾਰੀਆਂ ਦੁਆਰਾ ਹਾਲ ਹੀ ਵਿੱਚ ਕੀਤੀ ਗਈ ਹੜਤਾਲ ਅਤੇ ਪੀਐਸਆਈਈਸੀ ਘੁਟਾਲੇ ਦੇ ਕੇਸ ਵਿੱਚ ਵਿਜੀਲੈਂਸ ਦੁਆਰਾ ਉਨ੍ਹਾਂ ਦੇ ਇੱਕ ਸਾਥੀ ਦਾ ਨਾਮ ਐਫਆਈਆਰ ਵਿੱਚ ਸ਼ਾਮਲ ਕੀਤੇ ਜਾਣ ਵਿਰੁੱਧ ਆਈਏ ਐੱਸ ਅਧਿਕਾਰੀਆਂ ਦੇ ਹਮਲਾਵਰ ਰੁਖ਼ ਇੱਕ ਡੂੰਘੀ ਚਿੰਤਾ ਦਾ ਵਿਸ਼ਾ ਹੈ”।

The post ਸੀ.ਬੀ.ਆਈ. ਦਾ ਆਪ੍ਰੇਸ਼ਨ ਕਣਕ: ਵਿਰੋਧੀ ਧਿਰ ਦੇ ਨੇਤਾ ਨੇ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ appeared first on TheUnmute.com - Punjabi News.

Tags:
  • breaking-news
  • cbi-operation-wheat
  • congress-leader-pratap-singh-bajwa
  • punjab

ਚੰਡੀਗੜ੍ਹ 15 ਜਨਵਰੀ 2023: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ (Dr. Sandeep Pathak) ਨੇ ਅੱਜ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ, ਪੰਜਾਬ ਦੇ ਜ਼ਿਲ੍ਹਿਆਂ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਨਾਲ ਦਿਨਭਰ ਮੀਟਿੰਗ ਕੀਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਐਤਵਾਰ ਨੂੰ ਡਾ: ਪਾਠਕ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਪਾਰਟੀ ਅਹੁਦੇਦਾਰਾਂ ਨਾਲ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਬਾਰੇ ਇਕ-ਇਕ ਕਰਕੇ ਪਾਰਟੀ ਸੰਗਠਨ ਦਾ ਜਾਇਜ਼ਾ ਲਿਆ ਅਤੇ ਸਾਰੇ ਹਲਕਿਆਂ ਵਿਚ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ |

ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਡਾ: ਸੰਦੀਪ ਪਾਠਕ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ 10 ਮਹੀਨਿਆਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ। ਸਰਕਾਰ ਬਣਾਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਕਈ ਗਾਰੰਟੀਆਂ ਨੂੰ ਪੂਰਾ ਕੀਤਾ। ਦੇਸ਼ ਦੀ ਰਾਜਨੀਤੀ ਵਿੱਚ ਇਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ।

Dr. Sandeep Pathak

ਉਨ੍ਹਾਂ ‘ਆਪ’ ਸਰਕਾਰ ਦੇ ਕੰਮਾਂ ਨੂੰ ਗਿਣਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ਼ 6 ਮਹੀਨਿਆਂ ਵਿੱਚ ਹੀ ਪੰਜਾਬ ਦੇ 25000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਲਗਭਗ 20,000 ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤਾ । ਦੂਜੇ ਪਾਸੇ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਟੋਲ ਫਰੀ ਨੰਬਰ ਜਾਰੀ ਕਰਕੇ ਸ਼ਿਕਾਇਤਾਂ ਦੇ ਆਧਾਰ ‘ਤੇ 500 ਦੇ ਕਰੀਬ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਮਾਨ ਸਰਕਾਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਬਾਕੀ ਸਾਰੀਆਂ ਗਾਰੰਟੀਆਂ ਨੂੰ ਵੀ ਪੂਰਾ ਕਰੇਗੀ।

ਇਸ ਮੌਕੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਮਾਲਵਾ ਕੇਂਦਰੀ ਤੋਂ ਸਕੱਤਰ ਡਾ: ਸੰਨੀ ਸਿੰਘ ਆਹਲੂਵਾਲੀਆ, ਮਾਝਾ ਜ਼ੋਨ ਦੇ ਸਕੱਤਰ ਗੁਰਦੇਵ ਸਿੰਘ ਲੱਖਾਣਾ, ਮਾਲਵਾ ਪੂਰਬੀ ਜ਼ੋਨ ਦੇ ਸਕੱਤਰ ਅਮਨ ਮੋਹੀ, ਮਾਲਵਾ ਪੱਛਮੀ ਜ਼ੋਨ ਦੇ ਸਕੱਤਰ ਸ਼ਮਿੰਦਰ ਖਿੰਡਾ ਅਤੇ ਦੋਆਬਾ ਜ਼ੋਨ ਦੇ ਸਕੱਤਰ ਰਾਜਵਿੰਦਰ ਸਿੰਘ ਕੌਰ ਹਾਜ਼ਰ ਸਨ।

The post ‘ਆਪ’ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ, ਲੋਕ ਸਭਾ ਤੇ ਜ਼ਿਲ੍ਹਾ ਇੰਚਾਰਜਾਂ ਨਾਲ ਮੀਟਿੰਗ appeared first on TheUnmute.com - Punjabi News.

Tags:
  • aap
  • aap-national-general-secretary
  • dr-sandeep-patha
  • dr-sandeep-pathak

ਸੂਬੇ ਦੇ ਲੋਕਾਂ ਨੂੰ ਜਲਦੀ ਮਿਲੇਗੀ ਵੱਡੀ ਸਹੂਲਤ, ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

Sunday 15 January 2023 05:30 PM UTC+00 | Tags: aam-aadmi-party aman-arora cm-bhagwant-mann land-online news punjab-government the-unmute-breaking-news

ਚੰਡੀਗੜ੍ਹ 15 ਜਨਵਰੀ 2023: ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜ਼ੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਵਾਸਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਦੀ ਟੀਮ ਨਾਲ ਤਾਲਮੇਲ ਕਰਨ ਤਾਂ ਜੋ ਲੋਕਾਂ ਨੂੰ ਜ਼ਮੀਨ ਨਾਲ ਸਬੰਧਤ ਸਾਰੀ ਜਾਣਕਾਰੀ ਇੱਕ ਕਲਿੱਕ ‘ਤੇ ਮੁਹੱਈਆ ਕਰਵਾਈ ਜਾ ਸਕੇ।

ਪੀ.ਆਰ.ਐਸ.ਸੀ. ਦੀ ਟੀਮ ਨਾਲ ਮੀਟਿੰਗ ਦੌਰਾਨ ਇਸ ਪ੍ਰਾਜੈਕਟ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਲੋਕ ਆਪਣੀ ਜ਼ਮੀਨ ਨੂੰ ਆਨਲਾਈਨ ਦੇਖ ਸਕਣਗੇ। ਇਸ ਤੋਂ ਇਲਾਵਾ ਜਿਸ ਖੇਤਰ ਵਿੱਚ ਉਨ੍ਹਾਂ ਦੀ ਜ਼ਮੀਨ ਪੈਂਦੀ ਹੈ, ਉਸ ਖੇਤਰ ਦੇ ਜ਼ੋਨਿੰਗ ਪਲਾਨ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਲਈ ਆਸਾਨੀ ਨਾਲ ਅਪਲਾਈ ਕਰਨ ਵੀ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਰਿਕਾਰਡ ਦੇ ਰੱਖ-ਰਖਾਅ ਦੀ ਵਿਧੀ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹ ਮਿਲੇਗਾ।

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਦਰ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਸੁਧਾਰਾਤਮਕ ਕਦਮ ਚੁੱਕੇ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਕੁੱਲ 43 ਮਾਸਟਰਪਲਾਨਜ਼ ਪਹਿਲਾਂ ਹੀ ਨੋਟੀਫਾਈ ਕੀਤੇ ਜਾ ਚੁੱਕੇ ਹਨ। ਇਨ੍ਹਾਂ 43 ਵਿੱਚੋਂ 22 ਮਾਸਟਰਪਲਾਨਜ਼ ਲਈ ਖਸਰਾ ਆਧਾਰਤ ਡਿਜੀਟਾਈਜੇਸ਼ਨ ਮੈਪਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਮੁਸਾਵੀ (ਕੈਡਸਟ੍ਰਲ ਮੈਪ) ‘ਤੇ ਮਾਸਟਰਪਲਾਨਜ਼ ਨੂੰ ਸੁਪਰਇੰਪੋਜ਼ ਕੀਤਾ ਜਾ ਰਿਹਾ ਹੈ।
ਅਮਨ ਅਰੋੜਾ ਨੇ ਪੀ.ਆਰ.ਐਸ.ਸੀ. ਦੀ ਟੀਮ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਸਟੀਕਤਾ ਅਤੇ ਮਿਆਰ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਇਆ ਜਾਵੇ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਚੀਫ਼ ਟਾਊਨ ਪਲਾਨਰ ਪੰਜਾਬ ਪੰਕਜ ਬਾਵਾ, ਡਾਇਰੈਕਟਰ ਪੀ.ਆਰ.ਐਸ.ਸੀ. ਡਾ. ਬ੍ਰਿਜੇਂਦਰ ਪਟੇਰੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

The post ਸੂਬੇ ਦੇ ਲੋਕਾਂ ਨੂੰ ਜਲਦੀ ਮਿਲੇਗੀ ਵੱਡੀ ਸਹੂਲਤ, ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ appeared first on TheUnmute.com - Punjabi News.

Tags:
  • aam-aadmi-party
  • aman-arora
  • cm-bhagwant-mann
  • land-online
  • news
  • punjab-government
  • the-unmute-breaking-news

ਚੰਡੀਗੜ੍ਹ, 15 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ (32) ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਪੈਰੀ 2011 ਵਿੱਚ ਡੀਏਵੀ ਕਾਲਜ, ਚੰਡੀਗੜ੍ਹ ਵਿੱਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨ ਤੋਂ ਵੱਧ ਮਾਮਲੇ ਦਰਜ ਹਨ।

ਗ੍ਰਿਫਤਾਰ ਮੁਲਜ਼ਮ ਦੀ ਸ਼ਮੂਲੀਅਤ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਵੀ ਦੱਸੀ ਜਾ ਰਹੀ ਹੈ, ਜਿਸ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿੱਚ ਉਸਦੀ ਦੁਕਾਨ ਦੇ ਬਾਹਰ ਛੇ ਵਿਅਕਤੀਆਂ ਵੱਲੋਂ ਮਾਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਸਮੇਂ ਵੀ ਉਸਦੀ ਅਹਿਮ ਭੂਮਿਕਾ ਰਹੀ ਸੀ।

ਉਨ੍ਹਾਂ ਕਿਹਾ ਕਿ ਯੋਜਨਾਬੱਧ ਤਫ਼ਤੀਸ਼ ਅਤੇ ਮਿਲੇ ਸੁਰਾਗਾਂ ਤੋਂ ਬਾਅਦ ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ।

ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਪੈਰੀ ਦੀ ਭੂਮਿਕਾ ਦਾ ਖੁਲਾਸਾ ਕਰਦਿਆਂ ਡੀਜੀਪੀ ਨੇ ਦੱਸਿਆ ਕਿ 7 ਨਵੰਬਰ 2022 ਨੂੰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਪੈਰੀ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 20,000 ਰੁਪਏ ਨਕਦ ਦਿੱਤੇ ਅਤੇ ਇਹ ਰਕਮ ਮਨਪ੍ਰੀਤ ਸਿੰਘ ਉਰਫ਼ ਮਨੀ, ਜੋ ਪਰਦੀਪ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ, ਦੇ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ। ਹਰਸ਼ਵੀਰ ਅਤੇ ਮਨੀ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਨੇ ਮਾਰਚ 2022 ਵਿੱਚ ਆਰਮਜ਼ ਐਕਟ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ। ਇਸ ਮਾਮਲੇ ‘ਚ ਉਹ ਕਰੀਬ 2 ਮਹੀਨੇ ਬੁੜੈਲ ਜੇਲ੍ਹ ‘ਚ ਰਿਹਾ ਜਿਸ ਤੋਂ ਬਾਅਦ ਉਸ ਦੀ ਜ਼ਮਾਨਤ ਹੋ ਗਈ। ਉਹ 2021 ਵਿੱਚ ਜ਼ਮਾਨਤ ਹੋਣ ਤੱਕ ਜੇਲ੍ਹ ਵਿੱਚ ਰਿਹਾ।

ਦੱਸਣਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 153, 153-ਏ, 212, 216 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਐਸਐਸਓਸੀ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 7 ਮਿਤੀ 28.10.2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦਾ ਕਾਰਕੁਨ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ appeared first on TheUnmute.com - Punjabi News.

Tags:
  • canada
  • goldy-brar
  • himachal-pradesh
  • news
  • punjab-police

ਚੰਡੀਗੜ੍ਹ, 15 ਜਨਵਰੀ 2023: ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ 'ਤੇ ਹੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ’ ਸਬੰਧੀ ਸਕੀਮ ਅਧੀਨ ਕਿਸਾਨਾਂ, ਸੂਬੇ ਦੀਆਂ ਕਿਸਾਨ ਉਤਪਾਦਕ ਸੰਸਥਾਵਾਂ (ਐਫ.ਪੀ.ਓਜ਼), ਪੰਚਾਇਤਾਂ, ਪ੍ਰਾਇਮਰੀ ਐਗਰੀਕਲਚਰਲ ਸੋਸਾਇਟੀਆਂ (ਪੀ.ਏ.ਸੀ.ਐਸ.) ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ 23200 ਤੋਂ ਵੱਧ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫੀਸਦੀ ਕਮੀ ਆਈ ਹੈ।

ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 113622 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਇਸ ਸਕੀਮ ਤਹਿਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਕ੍ਰਮਵਾਰ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਲਈ ਅਰਜ਼ੀਆਂ ਆਨਲਾਈਨ ਪੋਰਟਲ ਰਾਹੀਂ ਮੰਗੀਆਂ ਗਈਆਂ ਹਨ ਤਾਂ ਜੋ ਇਸ ਸਬਸਿਡੀ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।

ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਉਜਾਗਰ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿੱਥੇ ਖ਼ਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀ.ਆਰ.ਐਮ. ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਿਆਂ ਨੂੰ 7.4 ਕਰੋੜ ਰੁਪਏ ਦੀ ਰਾਸ਼ੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਲਈ ਆਈ-ਖੇਤ ਐਪ ਵੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਿੰਡ ਪੱਧਰੀ ਕੈਂਪਾਂ, ਕੰਧ ਚਿੱਤਰਾਂ, ਬੈਨਰ ਅਤੇ ਪ੍ਰਚਾਰ ਵੈਨਾਂ ਰਾਹੀਂ ਜਾਣਕਾਰੀ, ਸਿੱਖਿਆ ਅਤੇ ਸੰਚਾਰ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸ. ਧਾਲੀਵਾਲ ਨੇ ਕਿਹਾ ਕਿ ਸੂਬੇ ਵਿੱਚ 3000 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਗਰੂਕ ਕਰਨ ਲਈ 9 ਵਿਸ਼ੇਸ਼ ਜ਼ਿਲ੍ਹਿਆਂ ਵਿੱਚ ਆਸ਼ਾ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ 'ਤੇ ਅਤੇ ਬਾਅਦ ਵਿੱਚ ਪ੍ਰਬੰਧਨ ਸਬੰਧੀ ਉਪਕਰਨਾਂ ਦੀ ਵੱਧ ਉਪਲਬਧਤਾ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੀ ਹੈ। ਝੋਨੇ ਦੇ ਵਾਢੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 2021 ਵਿੱਚ 71159 ਦੇ ਮੁਕਾਬਲੇ 2022 ਵਿੱਚ ਘਟ ਕੇ 49922 ਰਹਿ ਗਈਆਂ ਹਨ ਜਿਸ ਨਾਲ 29.84 ਫੀਸਦੀ ਦੀ ਕਮੀ ਆਈ ਹੈ।

The post ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 CRM ਮਸ਼ੀਨਾਂ ਮੁਹੱਈਆ ਕਰਵਾਈਆਂ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • 23200-crm-machines
  • agriculture
  • news

ਪਟਿਆਲਾ, 15 ਜਨਵਰੀ 2023: ਪਟਿਆਲਾ ਕੇਨਲ ਕਲੱਬ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ 58ਵੀਂ ਅਤੇ 59ਵੀਂ ਆਲ ਬ੍ਰੀਡ ਚੈਂਪੀਅਨਸ਼ਿਪ ਇਥੇ ਰਾਜਾ ਭਲਿੰਦਰ ਸਿੰਘ ਸਟੇਡੀਅਮ (ਪੋਲੋ ਗਰਾਊਂਡ) ਵਿਖੇ ਕਰਵਾਈ।ਇਸ ਮੌਕੇ ਵਿਸ਼ੇਸ਼ ਤੌਰ ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦੇ ਆਈ ਜੀ ਮੁਖਵਿੰਦਰ ਸਿੰਘ ਛੀਨਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ ਐਸ ਪੀ ਵਰੁਣ ਸ਼ਰਮਾ ਵੀ ਦਰਸ਼ਕ ਵਜੋਂ ਪੁੱਜੇ।

ਇਸ ਡਾਗ ਸ਼ੋਅ ਵਿਚ ਕਾਲੇ ਰੰਗ ਦੇ ਤਿੰਨ ਗ੍ਰੇਟ ਡੇਨ ਨਸਲ ਦੇ ਡਾਗ ਇਥੇ ਲੰਬੇ ਸਮੇਂ ਬਾਅਦ ਪੁਜੇ ਜਦਕਿ ਇੰਗਲਿਸ਼ ਪੁਆਇੰਟਰ, ਕਿੰਗ ਕੈਵਲੀਅਰਜ਼, ਚਾਰਲਸ ਸਪੈਨੀਏਲ, ਜੈਕ ਰਸਲ ਟੈਰੀਅਰ, ਬਾਰਨੀਜ਼ ਮਾਉਂਟੇਨ ਡੌਗ, ਮਾਲਟੀਜ਼ ਨਸਲਾਂ ਨੇ ਪਹਿਲੀ ਵਾਰ ਪਟਿਆਲਾ ਸ਼ੋਅ ਵਿੱਚ ਹਿੱਸਾ ਲਿਆ।ਇਸ ਤੋਂ ਇਲਾਵਾ ਡੋਜ ਡੀਬੋਰਡੋ, ਕੇਨ ਕੋਰਸੋ, ਸ਼ਿਹ ਜ਼ੂ, ਸਮੋਏਡ ਤੇ ਸਾਇਬੇਰੀਅਨ ਹਸਕੀ ਸ਼ੋਅ ਦੇ ਮੁੱਖ ਖਿੱਚ ਦਾ ਕੇਂਦਰ ਸਨ।

ਇਸ ਮੌਕੇ ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਕਿਹਾ ਕਿ ਪਟਿਆਲਾ ਕੇਨਲ ਕਲੱਬ ਰਿਆਸਤੀ ਸ਼ਹਿਰ ਪਟਿਆਲਾ ਦੀ ਪੁਰਾਣੀ ਰਵਾਇਤ ਨੂੰ ਜ਼ਿੰਦਾ ਰੱਖਣ ਲਈ ਕੁੱਤਿਆਂ ਨਾਲ ਪਿਆਰ ਕਰਨ ਲਈ ਯਤਨਸ਼ੀਲ ਹੈ ਅਤੇ ਇਹ ਕੇਨਲ ਕਲੱਬ ਪਿਛਲੇ 30 ਸਾਲਾਂ ਤੋਂ ਇਹ ਸ਼ੋਅ ਕਰਵਾ ਰਿਹਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਪਟਿਆਲਾ ਦੇ ਡਾਗ ਸ਼ੋਅ ਦੀ ਚਰਚਾ ਭਾਰਤ ਪੱਧਰ ‘ਤੇ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਹੈ।ਇਕ ਸਵਾਲ ਦੇ ਜੁਆਬ ਵਿਚ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਕਿਸੇ ਇੱਕ ਵਿਅਕਤੀ ਵਿਸ਼ੇਸ਼ ਦਾ ਨਹੀਂ ਹੈ ਬਲਕਿ ਇਥੋਂ ਦੇ ਬਸ਼ਿੰਦਿਆਂ ਦਾ ਸ਼ਹਿਰ ਹੈ ਇਸ ਲਈ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਟਿਆਲਾ ਸ਼ਹਿਰ ਦੇ ਚਹੁੰਤਰਫਾ ਵਿਕਾਸ ਲਈ ਵਚਨਬੱਧ ਹੈ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਲਈ ਹਰ ਪੱਖੋਂ ਯਤਨਸ਼ੀਲ ਹੈ।ਸ. ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਪਟਿਆਲਾ ਵਿਖੇ ਲਗਾਤਾਰ ਲਗਦੇ ਰਹਿਣਗੇ।

ਜਦਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਡਾਗ ਸ਼ੋਅ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਟਿਆਲਾ ਵਿਰਾਸਤੀ ਸ਼ਹਿਰ ਹੈ ਅਤੇ ਇਥੇ ਅਜਿਹੇ ਵਿਰਾਸਤੀ ਮੇਲੇ ਲਗਾਤਾਰ ਕਰਵਾਏ ਜਾਂਦੇ ਰਹੇ ਹਨ ਅਤੇ ਉਸੇ ਵਿਰਾਸਤ ਨੂੰ ਅੱਗੇ ਤੋਰਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਅਰਸੇ ਤੋਂ ਇਹ ਡਾਗ ਸ਼ੋਅ ਇਥੇ ਕਰਵਾਇਆ ਜਾ ਰਿਹਾ ਸੀ ਪਰ ਪਿਛਲੇ ਦੋ ਸਾਲ ਇਹ ਨਹੀਂ ਹੋ ਸਕਿਆ ਅਤੇ ਇਸ ਵਾਰ ਇਸਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਨਾਲ ਜੋੜਕੇ ਕਰਵਾਇਆ ਜਾ ਰਿਹਾ ਹੈ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਸਾਰੇ ਜ਼ਿਲ੍ਹਿਆਂ ਵਿਚ ਕਰਵਾਉਣ ਦੇ ਕੀਤੇ ਐਲਾਨ ਮੁਤਾਬਕ ਪਟਿਆਲਾ ਜ਼ਿਲ੍ਹਾ ਰਾਜ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜੋ 27 ਤੋਂ 30 ਜਨਵਰੀ ਨੂੰ ਪਟਿਆਲਾ ਲਿਟਰੇਚਰ ਫੈਸਟੀਵਲ ਕਰਵਾ ਰਿਹਾ ਹੈ ਅਤੇ ਇਸ ਵਿਚ 28 ਤੇ 29 ਜਨਵਰੀ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ।

ਇਸ ਦੌਰਾਨ ਦਿੱਲੀ ਤੋਂ ਸ਼੍ਰੀ ਮੁਕੁਲ ਵੈਦ ਅਤੇ ਸ਼੍ਰੀ ਸ਼ਿਆਮ ਮਹਿਤਾ ਨੇ ਆਲ ਬ੍ਰੀਡ ਚੈਂਪੀਅਨਸ਼ਿਪ ਡੌਗ ਸ਼ੋਅ ਵਿਚ ਜੱਜ ਦੀ ਭੂਮਿਕਾ ਨਿਭਾਈ।ਸ਼ੋਅ ਵਿੱਚ 40 ਨਸਲਾਂ ਦੇ ਕੁੱਲ 230 ਕੁੱਤਿਆਂ ਨੇ ਭਾਗ ਲਿਆ ਤੇ ਜਰਮਨ ਸ਼ੈਫਰਡ ਡੌਗ-26, ਲੈਬਰਾਡੋਰ-20, ਰੋਟਵੀਲਰ-11, ਗੋਲਡਨ ਰਿਟਰੀਵਰ-20, ਬੀਗਲ -12 ਗਿਣਤੀ ‘ਚ ਡਾਗ ਪੁੱਜੇ ਜਦਕਿ ਜੰਮੂ, ਯੂਪੀ, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼, ਤਾਮਿਲਨਾਡੂ, ਪੱਛਮੀ ਬੰਗਾਲ, ਰਾਜਸਥਾਨ, ਝਾਰਖੰਡ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਦੂਰ-ਦੁਰਾਡੇ ਤੋਂ ਦਰਸ਼ਕਾਂ ਨੇ ਵੀ ਸ਼ੋਅ ਵਿੱਚ ਹਿੱਸਾ ਲਿਆ।

ਕੇਨਲ ਕਲੱਬ ਦੇ ਸਕੱਤਰ ਜਨਰਲ ਜੀ.ਪੀ. ਸਿੰਘ ਬਰਾੜ ਨੇ ਦੱਸਿਆ ਕਿ ਇਸ ਸ਼ੋਅ ਨੇ ਪਟਿਆਲਵੀਆਂ ਨੂੰ ਕੁੱਤਿਆਂ ਦੀਆਂ ਵਿਦੇਸ਼ੀ ਨਸਲਾਂ ਦੇਖਣ ਦਾ ਮੌਕਾ ਪ੍ਰਦਾਨ ਕੀਤਾ ਹੈ। ਇਸ ਮੌਕੇ ਸ਼ੋਅ ਦਾ ਇੱਕ ਯਾਦਗਾਰੀ ਸੋਵੀਨਰ ਵੀ ਰਿਲੀਜ਼ ਕੀਤਾ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐਸ ਡੀ ਐਮ ਡਾ. ਇਸਮਤ ਵਿਜੇ ਸਿੰਘ, ਐਸ ਡੀ ਐਮ ਕ੍ਰਿਪਾਲਵੀਰ ਸਿੰਘ, ਐਸਵੀਓ ਡਾ. ਆਰ.ਕੇ ਗੁਪਤਾ, ਡਾ. ਜੀਵਨ ਗੁਪਤਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਦਰਸ਼ਕ ਕੁਝ ਵਿਦੇਸ਼ੀ ਅਤੇ ਦੁਰਲੱਭ ਨਸਲਾਂ ਨੂੰ ਦੇਖ ਕੇ ਹੈਰਾਨ ਰਹਿ ਗਏ। ਬੱਚਿਆਂ ਨੇ ਕੁੱਤਿਆਂ ਦੀ ਦੁਨੀਆ ਦੀਆਂ ਸਭ ਤੋਂ ਛੋਟੀਆਂ ਅਤੇ ਸਭ ਤੋਂ ਵੱਡੀਆਂ ਨਸਲਾਂ ਨੂੰ ਦੇਖ ਕੇ ਆਨੰਦ ਲਿਆ। ਸ਼ੋਅ ਵਿੱਚ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਜ਼ਿਕਰਯੋਗ ਹੈ ਕਿ 1926 ਵਿੱਚ ਪਹਿਲੀ ਉੱਤਰੀ ਭਾਰਤ ਕੇਨਲ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਭਾਰਤ ਦੇ ਕੇਨਲ ਕਲੱਬ ਵਿੱਚ ਬਦਲ ਦਿੱਤਾ ਗਿਆ ਸੀ। ਪਟਿਆਲਾ ਦੇ ਮਹਾਰਾਜਾ ਭੁਪਿੰਦਰ ਸਿੰਘ ਅਤੇ ਜੀਂਦ ਦੇ ਮਹਾਰਾਜਾ ਹੀ ਭਾਰਤੀ ਉਪ-ਰਾਸ਼ਟਰਪਤੀ ਸਨ ਜਦਕਿ ਲਾਰਡ ਇਰਵਿਨ ਇਸ ਦੇ ਪ੍ਰਧਾਨ ਰਹੇ ਸਨ।

The post ਪੋਲੋ ਗਰਾਊਂਡ ਵਿਖੇ ਡਾਗ ਸ਼ੋਅ ‘ਚ ਪਹਿਲੀ ਵਾਰ ਪੁੱਜੀਆਂ ਵਿਦੇਸ਼ੀ ਅਤੇ ਦੁਰਲੱਭ ਨਸਲਾਂ ਨੇ ਮੋਹੇ ਪਟਿਆਲਵੀ appeared first on TheUnmute.com - Punjabi News.

Tags:
  • dog-show
  • patiala
  • patiala-dog-show

ਚੰਡੀਗੜ੍ਹ, 15 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ । ਸਕੂਲ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵੱਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ।

ਸ. ਬੈਂਸ ਨੇ ਦੱਸਿਆ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ ਜੋ ਪੂਰੀ ਤਰਾਂ ਸਫਲ ਰਿਹਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ ਕਰਵਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਪਹਿਲਾਂ ਸਕੂਲਾਂ ਦੇ ਅਧਿਆਪਕ ਆਪਣੇ ਪੱਧਰ 'ਤੇ ਆਪਣੀ ਜਮਾਤ ਨੂੰ ਪੜ੍ਹਾਉਂਦੇ ਸਨ। ਪਰ ਇਸ ਵਾਰ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਟੇਟ ਪੱਧਰ 'ਤੇ ਇਹ ਉਪਰਾਲਾ ਕੀਤਾ ਜਾ ਗਿਆ ਹੈ ਜਿਸਦੇ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਕੇ ਸੋਸ਼ਲ਼ ਮੀਡੀਆ ਦੇ ਪ੍ਰਭਾਵਸ਼ਾਲੀ ਪਲੇਟਫਾਰਮਾਂ ਰਾਹੀਂ ਇਸ ਨੂੰ ਰਿਲੇਅ ਕੀਤਾ ਜਾ ਰਿਹਾ ਹੈ।

The post ਸਰਦੀਆਂ ਦੀਆਂ ਛੁੱਟੀਆਂ ਦੌਰਾਨ 12 ਲੱਖ ਤੋਂ ਵੀ ਵੱਧ ਵਿਦਿਆਰਥੀਆਂ ਨੇ ਆਨਲਾਈਨ ਜਮਾਤਾਂ ‘ਚ ਕੀਤੀ ਸ਼ਮੂਲੀਅਤ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • harjot-singh-bains
  • pseb
  • punjab-school-education-department
  • students
  • winter-vacations
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form