ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਡਿਸਟਿਲਰੀਆਂ ਦੇ ਨਿਰਮਾਣ, ਵਿਕਰੀ ਅਤੇ ਸੰਚਾਲਨ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀ ਕੁਮਾਰ ਦੇ ਬੈਂਚ ਨੇ ਕਿਹਾ ਕਿ ਜੇ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕੋਈ ਨਾਜਾਇਜ਼ ਭੱਠੀ ਚੱਲਦੀ ਹੈ ਤਾਂ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।
ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਸੁਪਰੀਮ ਕੋਰਟ ਨੇ ਨੋਟ ਕੀਤਾ ਕਿ ਇਨ੍ਹਾਂ ਮਾਮਲਿਆਂ ਦੇ ਸਬੰਧ ਵਿੱਚ ਤਿੰਨ ਜ਼ਿਲ੍ਹਿਆਂ ਵਿੱਚ ਸੱਤ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ਸਾਰੇ ਮਾਮਲਿਆਂ ਵਿੱਚ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਚਾਰਜਸ਼ੀਟ ਤੋਂ ਬਾਅਦ ਸੁਣਵਾਈ ਚੱਲ ਰਹੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀ ਨਾਜਾਇਜ਼ ਸ਼ਰਾਬ ਦੇ ਵਪਾਰ ਅਤੇ ਨਸ਼ਿਆਂ ਦੇ ਵਧ ਰਹੇ ਖਤਰੇ ‘ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਸਥਾਨਕ ਪੁਲਿਸ ਨੂੰ ਚੌਕਸੀ ਰੱਖਣ ਵਿਚ ਅਸਫਲ ਰਹਿਣ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ ਸੀ।
ਅਦਾਲਤ ਨੇ ਕਿਹਾ ਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਸਰਕਾਰ ਏ ਜਾਂ ਬੀ ਹੈ, ਪਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਨਸ਼ਿਆਂ ਦੀ ਸਮੱਸਿਆ ਵੱਧ ਰਹੀ ਹੈ। ਇਸ ਸਭ ਦਾ ਨਤੀਜਾ ਗ਼ਰੀਬ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਆਖਿਰਕਾਰ ਉਨ੍ਹਾਂ ਦੀ ਸਿਹਤ ਅਤੇ ਸਿੱਟੇ ਵਜੋਂ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਜੇ ਕੋਈ ਦੇਸ਼ ਨੂੰ ਤਬਾਹ ਕਰਨਾ ਚਾਹੁੰਦਾ ਹੈ ਤਾਂ ਉਹ ਸਰਹੱਦਾਂ ਤੋਂ ਸ਼ੁਰੂ ਕਰਦਾ ਹੈ ਅਤੇ ਅਜਿਹੇ ਵਿੱਚ ਦੇਸ਼ ਨੂੰ ਬਚਾਉਣ ਲਈ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਸੰਜੀਦਾ ਹੋ ਕੇ ਦੇਸ਼ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨੇ ਪੈਣਗੇ।
ਦੱਸ ਦੇਈਏ ਕਿ 2020 ਵਿੱਚ ਨਸ਼ੀਲੀ ਸ਼ਰਾਬ ਦੇ ਨਿਰਮਾਣ, ਵਿਕਰੀ ਅਤੇ ਤਸਕਰੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਪਟੀਸ਼ਨਰ ਵੱਲੋਂ ਉਠਾਏ ਗਏ ਮੁੱਦੇ ਨੂੰ ਵਿਚਾਰਿਆ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਇਹ ਵੀ ਪੜ੍ਹੋ : ਅੱਜ ਪਟਿਆਲਾ ਪਹੁੰਚਣਗੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਨਾਲ ‘CM ਦੀ ਯੋਗਸ਼ਾਲਾ’ ਦੀ ਕਰਨਗੇ ਸ਼ੁਰੂਆਤ
ਜਦੋਂ ਮਾਮਲਾ ਸੁਪਰੀਮ ਕੋਰਟ ਪੁੱਜਾ ਤਾਂ ਗੈਰ-ਕਾਨੂੰਨੀ ਅਤੇ ਨਸ਼ੀਲੇ ਪਦਾਰਥਾਂ ਸਬੰਧੀ ਜਾਂਚ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਸੀ ਕਿ ਸਰਕਾਰ ਇਸ ਮਾਮਲੇ ਨੂੰ ਹਲਕੇ ‘ਚ ਲੈ ਰਹੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੀਆਂ ਕੁਝ ਐਫਆਈਆਰਜ਼ ਬਾਰੇ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਸਨ। ਇਸ ਤੋਂ ਪਹਿਲਾਂ ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ‘ਚ ਦਾਅਵਾ ਕੀਤਾ ਸੀ ਕਿ ਪੰਜਾਬ ‘ਚ ਗੈਰ-ਕਾਨੂੰਨੀ ਡਿਸਟਿਲਰੀਆਂ, ਬੋਟਲਿੰਗ ਪਲਾਂਟ ਵਧ ਰਹੇ ਹਨ ਅਤੇ ਸ਼ਰਾਬ ਮਾਫੀਆ ਵਧ-ਫੁੱਲ ਰਿਹਾ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਅਗਸਤ 2020 ਵਿੱਚ ਪੰਜਾਬ ਵਿੱਚ ਵਾਪਰੇ ਦੁਖਾਂਤ ਦਾ ਵੀ ਜ਼ਿਕਰ ਕੀਤਾ ਹੈ। ਇਸ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
The post ਪੰਜਾਬ ‘ਚ ਨਾਜਾਇਜ਼ ਸ਼ਰਾਬ ‘ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਜੇ ਭੱਠੀ ਮਿਲੀ ਤਾਂ ਸਥਾਨਕ ਪੁਲਿਸ ਜ਼ਿੰਮੇਵਾਰ’ appeared first on Daily Post Punjabi.