TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰਾਂ 'ਚ ਕਲਮ ਛੋੜ ਹੜਤਾਲ, ਕਿਹਾ- ਵਿਧਾਇਕ ਦਿਨੇਸ਼ ਚੱਢਾ ਮੰਗਣ ਮੁਆਫ਼ੀ Tuesday 25 July 2023 06:26 AM UTC+00 | Tags: aam-aadmi-party aap-dinesh-chadha breaking-news dc-offices dinesh-chadha mla-dinesh-chadha news punjab-news roopnagar sdm sdm-office-ropar the-unmute-breaking-news ਚੰਡੀਗੜ੍ਹ, 25 ਜੁਲਾਈ 2023: ਪੰਜਾਬ ਵਿੱਚ ਅੱਜ ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ 'ਤੇ ਚਲੇ ਗਏ ਹਨ। ਰੋਪੜ ਤੋਂ ਵਿਧਾਇਕ ‘ਆਪ’ ਦਿਨੇਸ਼ ਚੱਢਾ (MLA Dinesh Chadha) ਦਾ ਮਾਮਲਾ ਹੋਰ ਭਖਦਾ ਹੋਣ ਲੱਗਾ ਹੈ। ਮੁਲਾਜ਼ਮਾਂ ਨੇ ਅੜੇ ਹੋਏ ਹਨ ਕਿ ਜਦੋਂ ਤੱਕ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਅਤੇ ਵਿਧਾਇਕ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਸੋਮਵਾਰ ਨੂੰ ਵੀ ਮੁਲਾਜ਼ਮਾਂ ਨੇ ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਸੋਮਵਾਰ ਨੂੰ ਰੋਪੜ ਡਿਵੀਜ਼ਨ ਵਿੱਚ ਹੀ ਹੜਤਾਲ ਸੀ ਪਰ ਹੁਣ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਪੂਰੇ ਪੰਜਾਬ ਵਿੱਚ ਸੰਘਰਸ਼ ਵਿੱਢ ਦਿੱਤਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 25 ਅਤੇ 26 ਨੂੰ ਸਾਰੇ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 26 ਜੁਲਾਈ ਨੂੰ ਸਾਰੇ ਮੁਲਾਜ਼ਮ ਰੋਪੜ ਵਿਖੇ ਇਕੱਠੇ ਹੋਣਗੇ | ਸਰਕਾਰ ਅਤੇ ਵਿਧਾਇਕ ਖਿਲਾਫ 26 ਜੁਲਾਈ ਨੂੰ ਰੈਲੀ ਕੀਤੀ ਜਾ ਰਹੀ ਹੈ। ਕਿਸੇ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਮੁਲਾਜ਼ਮਾਂ ਦਾ ਅਪਮਾਨ ਨਹੀਂ ਕਰਨ ਦਿੱਤਾ ਜਾਵੇਗਾ। ਮੁਲਾਜ਼ਮਾਂ ਰੋਪੜ ਦੇ ਵਿਧਾਇਕ ਨੇ ਮੁਲਾਜ਼ਮਾਂ ਦੀ ਬੇਇੱਜ਼ਤੀ ਕੀਤੀ। The post ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰਾਂ ‘ਚ ਕਲਮ ਛੋੜ ਹੜਤਾਲ, ਕਿਹਾ- ਵਿਧਾਇਕ ਦਿਨੇਸ਼ ਚੱਢਾ ਮੰਗਣ ਮੁਆਫ਼ੀ appeared first on TheUnmute.com - Punjabi News. Tags:
|
ਹੰਗਾਮੇ ਦੀ ਭੇਂਟ ਚੜੀ ਸੰਸਦ, ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ Tuesday 25 July 2023 07:39 AM UTC+00 | Tags: bjp breaking-news congress latest-news lok-sabha mallikarjun-kharge news om-birla parliament-of-india piyush-goyal prime-minister-in-parliament prime-minister-narendra-modi ਚੰਡੀਗੜ੍ਹ, 25 ਜੁਲਾਈ 2023: ਸੰਸਦ ਦੇ ਮਾਨਸੂਨ ਸੈਸ਼ਨ ‘ਚ ਮਣੀਪੁਰ ਮੁੱਦੇ ‘ਤੇ ਅੱਜ ਫਿਰ ਹੰਗਾਮਾ ਹੋਇਆ ਹੈ। ਸਰਕਾਰ ਦਾ ਕਹਿਣਾ ਹੈ ਕਿ ਮਣੀਪੁਰ ਹਿੰਸਾ ‘ਤੇ ਚਰਚਾ ਲਈ ਤਿਆਰ ਹੈ ਪਰ ਦੂਜੇ ਪਾਸੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਤੋਂ ਸੰਸਦ ‘ਚ ਬਿਆਨ ਦੇਣ ਦੀ ਮੰਗ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਸੰਸਦ ‘ਚ ਚੱਲ ਰਹੇ ਡੈੱਡਲਾਕ ਦੇ ਵਿਚਕਾਰ ਭਾਜਪਾ ਨੇ ਸੰਸਦੀ ਕਮੇਟੀ ਦੀ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ। ਹੰਗਾਮੇ ਦੇ ਚੱਲਦੇ ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ | ਰਾਜ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਹਾਲਾਂਕਿ ਕਾਰਵਾਈ ਸ਼ੁਰੂ ਹੁੰਦੇ ਹੀ ਸੰਸਦ ‘ਚ ਫਿਰ ਹੰਗਾਮਾ ਸ਼ੁਰੂ ਹੋ ਗਿਆ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਮਣੀਪੁਰ ਸੜ ਰਿਹਾ ਹੈ ਅਤੇ ਅਸੀਂ ਮਣੀਪੁਰ ‘ਤੇ ਬਿਆਨ ਦੇਣ ਲਈ ਪ੍ਰਧਾਨ ਮੰਤਰੀ ਨਾਲ ਗੱਲ ਕਰ ਰਹੇ ਹਾਂ ਪਰ ਉਹ ਈਸਟ ਇੰਡੀਆ ਕੰਪਨੀ ਦੀ ਗੱਲ ਕਰ ਰਹੇ ਹਨ | ਵਿਰੋਧੀ ਧਿਰ ਦੇ ਹਮਲੇ ਦੇ ਤਹਿਤ, ਕੇਂਦਰ ਸਰਕਾਰ ਨੇ ਮੰਗ ਕੀਤੀ ਹੈ ਕਿ ਪੱਛਮੀ ਬੰਗਾਲ ਅਤੇ ਹੋਰ ਸੂਬਿਆਂ ਵਿੱਚ ਔਰਤਾਂ ਦੇ ਉਤਪੀੜਨ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਪੱਛਮੀ ਬੰਗਾਲ, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਔਰਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ‘ਤੇ ਵੀ ਚਰਚਾ ਹੋਣੀ ਚਾਹੀਦੀ ਹੈ। ਇਸਤੋਂ ਬਾਅਦ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। The post ਹੰਗਾਮੇ ਦੀ ਭੇਂਟ ਚੜੀ ਸੰਸਦ, ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ appeared first on TheUnmute.com - Punjabi News. Tags:
|
ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਪੂਰੇ ਹੋ ਗਏ Tuesday 25 July 2023 07:49 AM UTC+00 | Tags: breaking-news news ਚੰਡੀਗੜ੍ਹ, 25 ਜੁਲਾਈ 2023: ਸਾਬਕਾ ਕਾਂਗਰਸੀ ਮੰਤਰੀ ਦੀ ਮੌਤ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ (Gurbinder Singh Atwal) ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼੍ਰੀਨਗਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਜਿੱਥੇ ਸੋਮਵਾਰ ਨੂੰ ਉਨ੍ਹਾਂ ਨੂੰ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। The post ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਪੂਰੇ ਹੋ ਗਏ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਬਠਿੰਡਾ ਰੇਂਜ 'ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ Tuesday 25 July 2023 08:56 AM UTC+00 | Tags: bathinda-range breaking-news curbing-drug-trafficking drugs-case news punjab-police ਚੰਡੀਗੜ੍ਹ, 25 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ (BATHINDA RANGE) ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਨਸ਼ਾ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ 'ਤੇ ਕੇਂਦਰਿਤ ਇਹ ਅਭਿਆਨ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਇਆ ਗਿਆ । ਉਕਤ ਅਭਿਆਨ ਬਠਿੰਡਾ ਰੇਂਜ (BATHINDA RANGE) ਦੇ ਦੋਵੇਂ ਪੁਲਿਸ ਜ਼ਿਲਿ੍ਹਆਂ ਬਠਿੰਡਾ ਅਤੇ ਮਾਨਸਾ ਵਿੱਚ ਇੱਕੋ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ ਅਤੇ ਐਸ.ਐਸ.ਪੀਜ਼. ਨੂੰ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਵਿਚ, ਇਸ ਆਪ੍ਰੇਸ਼ਨ ਨੂੰ ਸੁਚੱਜੀ ਯੋਜਨਾਬੰਦੀ ਨਾਲ ਅੰਜਾਮ ਦੇਣ ਲਈ ਕਿਹਾ ਗਿਆ ਸੀ। ਇਹ ਕਾਰਵਾਈ ਏ.ਡੀ.ਜੀ.ਪੀ. ਬਠਿੰਡਾ ਰੇਂਜ ਐਸ.ਪੀ.ਐਸ. ਪਰਮਾਰ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 33 ਐਫਆਈਆਰ ਦਰਜ ਕਰਨ ਤੋਂ ਬਾਅਦ 41 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਨੇ ਕਿਹਾ, "ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਕੇ ਗੈਰ-ਸਮਾਜਿਕ ਤੱਤਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨਾ ਸੀ । '' ਉਹਨਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ 15 ਐਫ.ਆਈ.ਆਰ. ਦਰਜ ਕਰਕੇ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮਾਨਸਾ ਪੁਲਿਸ ਨੇ 18 ਐਫ.ਆਈ.ਆਰ. ਦਰਜ ਕਰਕੇ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। The post ਪੰਜਾਬ ਪੁਲਿਸ ਨੇ ਬਠਿੰਡਾ ਰੇਂਜ 'ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ Tuesday 25 July 2023 09:01 AM UTC+00 | Tags: bhagwant-mann contracutal-employees employees harbhajan-singh-eto latest-news news punjab-breaking-news punjab-government ਚੰਡੀਗੜ੍ਹ, 25 ਜੁਲਾਈ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਸੋਮਵਾਰ ਨੂੰ ਇਥੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਲਗਭਗ ਚਾਰ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਵੱਲੋਂ ਇਹ ਭਰੋਸਾ ਦਿੱਤਾ ਗਿਆ। ਉਨ੍ਹਾਂ (Punjab Government) ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਬਿਜਲੀ ਵਿਭਾਗ ਵੱਲੋਂ ਹੁਣ ਤੱਕ 3972 ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਅਤੇ ਲੋੜੀਂਦੀਆਂ ਹੋਰ ਅਸਾਮੀਆਂ ਨੂੰ ਭਰਨ ਲਈ ਪ੍ਰਕ੍ਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕੇ 'ਤੇ ਭਰਤੀ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਅਪਣਾਈ ਗਈ ਨੀਤੀ ਤਹਿਤ ਬਿਜਲੀ ਵਿਭਾਗ ਨੇ ਵੀ ਵਿਭਾਗ ਵਿੱਚ ਕੰਮ ਕਰ ਰਹੇ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਪ੍ਰਕ੍ਰਿਆ ਆਰੰਭ ਦਿੱਤੀ ਹੈ। ਇਸ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਮੁਲਾਜ਼ਮਾ ਏਕਤਾ ਮੰਚ, ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫਰੰਟ, ਪਾਵਰਕੌਮ ਆਊਟਸੋਰਸ ਟੈਕਨੀਕਲ/ ਆਫਿਸ ਵਰਕਰ ਐਸੋਸੀਏਸ਼ਨ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਜਥੇਬੰਦੀਆਂ ਨੂੰ ਹੁਣ ਤੱਕ ਵਿਭਾਗ ਵੱਲੋਂ ਜਿੰਨ੍ਹਾਂ ਮੰਗਾਂ ਤੇ ਹਾਂ ਪੱਖੀ ਫੈਸਲੇ ਲਏ ਗਏ ਹਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿੱਤ ਨਾਲ ਸਬੰਧਤ ਮੰਗਾਂ ਨੂੰ ਵਿਭਾਗ ਵੱਲੋਂ ਵਿੱਤ ਵਿਭਾਗ ਨੂੰ ਭੇਜਿਆ ਗਿਆ ਹੈ ਅਤੇ ਉਹ ਖੁਦ ਲਗਾਤਾਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਦੇ ਜਲਦੀ ਹੱਲ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਿੰਨ੍ਹਾਂ ਮਾਮਲਿਆਂ ਵਿੱਚ ਕੋਈ ਕਾਨੂੰਨੀ ਅੜਚਨ ਹੈ ਉਸ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਸਲਾਹ ਲਈ ਜਾ ਰਹੀ ਹੈ। ਇੰਨ੍ਹਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ. ਐਲ ਦੇ ਸੀ.ਐਮ.ਡੀ. ਇੰਜੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਐਚ.ਆਰ. ਇੰਜ. ਰਵਿੰਦਰ ਸਿੰਘ ਸੈਣੀ ਅਤੇ ਡਾਇਰੈਕਟਰ ਵਿੱਤ ਐਸ. ਕੇ. ਬੇਰੀ ਵੀ ਹਾਜਰ ਸਨ। The post ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News. Tags:
|
ਆਨੰਦ ਮੈਰਿਜ ਐਕਟ ਸੰਬੰਧੀ ਬੈਠਕ 'ਚ ਸ਼੍ਰੋਮਣੀ ਕਮੇਟੀ ਨੂੰ ਨਾ ਸੱਦਣ 'ਤੇ ਅਕਾਲੀ ਦਲ ਨੇ ਜਤਾਇਆ ਇਤਰਾਜ਼ Tuesday 25 July 2023 09:12 AM UTC+00 | Tags: aam-aadmi-party anand-marriage-act anand-marriage-act-2016 bhagwant-man breaking-news dr-daljit-singh-cheema latest-news news sgpc shiromani-akali-dal sikh-organizations the-unmute-breaking-news the-unmute-punjabi-news the-unmute-update ਚੰਡੀਗੜ੍ਹ, 25 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਨੰਦ ਮੈਰਿਜ ਐਕਟ (Anand Marriage Act) 2016 ਵਿਚ ਸੋਧ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਅਹਿਮ ਬੈਠਕ ਸੱਦੀ, ਜਿਸਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਆਨੰਦ ਮੈਰਿਜ ਐਕਟ ਬਾਰੇ ਸੱਦੀ ਬੈਠਕ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਾ ਸੱਦਣ ਦੀ ਸਖ਼ਤ ਨਿਖੇਧੀ ਕਰਦਿਆਂ ਇਸਨੂੰ ਇਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਪ੍ਰਤੀਨਿਧ ਸੰਸਥਾ ਹੈ ਤੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ। ਉਸਨੂੰ ਨਾ ਸੱਦਣਾ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਨੀਵਾਂ ਵਿਖਾਉਣ ਦਾ ਯਤਨ ਕੀਤਾ ਹੈ।
The post ਆਨੰਦ ਮੈਰਿਜ ਐਕਟ ਸੰਬੰਧੀ ਬੈਠਕ 'ਚ ਸ਼੍ਰੋਮਣੀ ਕਮੇਟੀ ਨੂੰ ਨਾ ਸੱਦਣ 'ਤੇ ਅਕਾਲੀ ਦਲ ਨੇ ਜਤਾਇਆ ਇਤਰਾਜ਼ appeared first on TheUnmute.com - Punjabi News. Tags:
|
ਮਣੀਪੁਰ ਘਟਨਾ 'ਚ ਬੀਬੀਆਂ ਨੂੰ ਜਲਦ ਮਿਲੇ ਇਨਸਾਫ਼: ਕੁਲਵੰਤ ਸਿੰਘ Tuesday 25 July 2023 09:19 AM UTC+00 | Tags: aam-aadmi-party aap-mla bjp-government breaking breaking-news chandigarh-protest cm-n-biren-singh justice kulwant-singh manipur manipur-government manipur-incident manipur-news manipur-police manipur-viral-video mla-kulwant-singh mohali-mla pm-modi ਮੋਹਾਲੀ, 25 ਜੁਲਾਈ 2023: ਆਮ ਆਦਮੀ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਮਣੀਪੁਰ (Manipur) ਹਿੰਸਾ ਅਤੇ ਉੱਥੇ ਬੀਬੀਆਂ ਨਾਲ ਹੋ ਰਹੇ ਅੱਤਿਆਚਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਰੇ ਕੈਬਿਨਟ ਮੰਤਰੀ, ਵਿਧਾਇਕ, ਵਰਕਰ ਅਤੇ ਆਮ ਲੋਕਾਂ ਨੇ ਵੀ ਹਿੱਸਾ ਲਿਆ | ਇਸ ਦੌਰਾਨ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ | ਇਸ ਮੌਕੇ ਸ. ਕੁਲਵੰਤ ਸਿੰਘ ਨੇ ਮਣੀਪੁਰ ਵਿਚ ਦੋ ਬੀਬੀਆਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨੌਉਣੀ ਘਟਨਾ ‘ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਇਹ ਵਹਿਸ਼ੀ ਘਟਨਾ ਦੇਸ਼ ਦੇ ਜ਼ਮੀਰ 'ਤੇ ਵੱਡਾ ਕਲੰਕ ਹੈ ਅਤੇ ਦੇਸ਼ ਦਾ ਹਰ ਵਰਗ ਮਣੀਪੁਰ ਘਟਨਾ ਦੀ ਨਿੰਦਾ ਕਰ ਰਿਹਾ। ਉਨ੍ਹਾਂ ਕਿਹਾ ਕਿ ਇਹ ਘਿਨੌਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ। ਜਿਸ ਦੇਸ਼ ਵਿੱਚ ਸਾਡੀਆਂ ਧੀਆਂ-ਭੈਣਾਂ ਸੁਰੱਖਿਅਤ ਨਹੀਂ ਉਸ ਦੇਸ਼ ਵਿੱਚ ਵਿਕਾਸ ਜਾਂ ਕਾਨੂੰਨ ਵਿਵਸਥਾ ਕਿਸੇ ਕੰਮ ਦੀ ਨਹੀਂ | ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਬੀਬੀਆਂ ਮਨੁੱਖਤਾ ਵਿਰੁੱਧ ਇਸ ਘਿਨੌਉਣੇ ਅਪਰਾਧ ਦਾ ਸ਼ਿਕਾਰ ਹੋਈਆਂ, ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ, ਸਰਕਾਰ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਅਜਿਹੇ ਗਲਤ ਅਨਸਰਾਂ ‘ਚ ਕਾਨੂੰਨ ਦਾ ਡਰ ਬਣਿਆ ਰਹੇ ਅਤੇ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਉਨ੍ਹਾਂ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ | ਸ. ਕੁਲਵੰਤ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਕੇਂਦਰ ਅਤੇ ਮਣੀਪੁਰ (Manipur) ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਕੀਤਾ ਜਾ ਰਿਹਾ ਹੈ | ਮਣੀਪੁਰ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖ ਵਿੱਚ ਪੂਰੀ ਤਰ੍ਹਾਂ ਨਾਕਾਮ ਹੋਈ ਹੈ | ਉਨ੍ਹਾਂ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਘਟਨਾ ‘ਤੇ ਬਿਆਨ ਦੇਣਾ ਚਾਹੀਦਾ ਹੈ | ਸ. ਕੁਲਵੰਤ ਸਿੰਘ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਮਣੀਪੁਰ 'ਚ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਕਿ ਬਹੁਤ ਹੀ ਚਿੰਤਾਜਨਕ ਹੈ | ਇਨ੍ਹਾਂ ਹਿੰਸਕ ਘਟਨਾਵਾਂ ਵਿੱਚ ਕਈ ਲੋਕਾਂ ਦੀ ਮੌਤ ਹੋਈ ਅਤੇ ਕਈ ਘਰ ਉੱਜੜ ਗਏ | ਮਣੀਪੁਰ ਵਿੱਚ ਕਾਨੂੰਨ ਵਿਵਸਥਾ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਅਤੇ ਮਣੀਪੁਰ ਸਰਕਾਰ ਨੂੰ ਇਸ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। The post ਮਣੀਪੁਰ ਘਟਨਾ ‘ਚ ਬੀਬੀਆਂ ਨੂੰ ਜਲਦ ਮਿਲੇ ਇਨਸਾਫ਼: ਕੁਲਵੰਤ ਸਿੰਘ appeared first on TheUnmute.com - Punjabi News. Tags:
|
ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਸ਼ੁਰੂ, ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ Tuesday 25 July 2023 09:31 AM UTC+00 | Tags: breaking-news dera-baba-nanak floods gurdaspur gurdaspur-dc kartarpur-corridor latest-news news punjab-floods punjab-news sikh sri-kartarpur-sahib yatra-for-sri-kartarpur-sahib ਚੰਡੀਗੜ੍ਹ, 25 ਜੁਲਾਈ 2023: ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) (ਪਾਕਿਸਤਾਨ) ਦੀ ਯਾਤਰਾ ਅੱਜ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਤੋਂ ਮੁੜ ਸ਼ੁਰੂ ਹੋ ਗਈ। ਪਿਛਲੇ ਦਿਨੀਂ ਲਾਂਘੇ ਵਿੱਚ ਰਾਵੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਯਾਤਰਾ ਰੋਕ ਦਿੱਤੀ ਗਈ ਸੀ। ਸੋਮਵਾਰ ਨੂੰ ਗੁਰਦਾਸਪੁਰ ਦੇ ਡੀਸੀ ਨੇ ਸਥਿਤੀ ਦਾ ਜਾਇਜ਼ਾ ਲੈ ਕੇ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ। ਯਾਤਰਾ ਸ਼ੁਰੂ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ। ਕੁਝ ਇਲਾਕਿਆਂ ‘ਚ ਸਵੇਰੇ ਹੋਈ ਬਾਰਿਸ਼ ਨੇ ਘੱਟੋ-ਘੱਟ ਤਾਪਮਾਨ ਨੂੰ ਹੇਠਾਂ ਲਿਆਂਦਾ ਪਰ ਹਿਮਾਚਲ ‘ਚ ਮੀਂਹ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਅੱਜ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1655.75 ਫੁੱਟ ਹੈ। ਇਹ ਪਿਛਲੇ ਦਿਨ ਨਾਲੋਂ 1.09 ਫੁੱਟ ਵੱਧ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 57549 ਕਿਊਸਿਕ ਦਰਜ ਕੀਤੀ ਗਈ ਹੈ ਜਦੋਂ ਕਿ ਭਾਖੜਾ ਡੈਮ ਵਿੱਚੋਂ ਟਰਬਾਈਨਾਂ ਰਾਹੀਂ ਸਿਰਫ਼ 40971 ਕਿਊਸਿਕ ਪਾਣੀ ਛੱਡਿਆ ਗਿਆ। ਭਾਖੜਾ ਤੋਂ ਨੰਗਲ ਡੈਮ ਲਈ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ, ਜਦੋਂ ਕਿ ਸਤਲੁਜ ਦਰਿਆ ਵਿੱਚ 18600 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਆਉਣ ਵਾਲੇ 3 ਦਿਨਾਂ ‘ਚ ਹਿਮਾਚਲ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। The post ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਸ਼ੁਰੂ, ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ appeared first on TheUnmute.com - Punjabi News. Tags:
|
ਲਾਲਜੀਤ ਸਿੰਘ ਭੁੱਲਰ ਨੇ 2025 ਤੱਕ ''ਟੀ.ਬੀ-ਮੁਕਤ ਪੰਜਾਬ'' ਦਾ ਟੀਚਾ ਮਿੱਥਿਆ, ਪਿੰਡਾਂ 'ਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ Tuesday 25 July 2023 11:09 AM UTC+00 | Tags: breaking-news cm-bhagwant-mann eliminate-tb laljit-singh-bhullar mycobacterium-tuberculosis news punjab-health-department tb-disease tb-free tb-free-punjab the-unmute-breaking-news the-unmute-punjabi-news tuberculosis ਚੰਡੀਗੜ੍ਹ, 25 ਜੁਲਾਈ 2023: ਪੰਜਾਬ ਨੂੰ 2025 ਤੱਕ ''ਟੀ.ਬੀ-ਮੁਕਤ'' (TB-FREE PUNJAB) ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਦੀ ਜ਼ਿੰਮੇਵਾਰੀ ਸੌਂਪੀ ਜਿਸ ਤਹਿਤ ਪੰਚਾਇਤਾਂ ਪੇਂਡੂ ਖੇਤਰ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਵਿਆਪਕ ਪਹੁੰਚ ਅਪਣਾਉਂਦਿਆਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ, ਪਿੰਡਾਂ ਵਿੱਚ ਕੈਂਪਾਂ ਲਾਉਣ ਅਤੇ “ਟੀਬੀ-ਮੁਕਤ ਪਿੰਡ” ਐਲਾਨਣ ਸਬੰਧੀ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਪੂਰੀ ਕਰਨ ਲਈ ਪਾਬੰਦ ਹੋਣਗੀਆਂ। ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਵਿਭਾਗ ਦੇ ਸਟੇਟ ਟੀ.ਬੀ. ਸੈੱਲ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਟੀ.ਬੀ (ਤਪਦਿਕ) ਦੀ ਰੋਕਥਾਮ ਲਈ ਇਹ ਮਿਸਾਲੀ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਸਿਹਤ ਵਿਭਾਗ ਦੇ ਆਪਸੀ ਸਹਿਯੋਗ ਨਾਲ ਸੂਬੇ ਦੇ ਹਰ ਪਿੰਡ ਵਿੱਚ ਇਹ ਸਮਰਪਿਤ ਮੁਹਿੰਮ ਚਲਾਈ ਜਾਵੇਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ''ਟੀ.ਬੀ-ਮੁਕਤ ਪਿੰਡ ਮੁਹਿੰਮ'' ਤਹਿਤ ਸਾਰੀਆਂ ਪੰਚਾਇਤਾਂ ਆਪੋ-ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਟੀ.ਬੀ ਦੀ ਬੀਮਾਰੀ ਬਾਰੇ ਜਾਗਰੂਕ ਕਰਨਗੀਆਂ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਛੇਤੀ ਤੋਂ ਛੇਤੀ ਇਲਾਜ ਯਕੀਨੀ ਬਣਾਉਣਗੀਆਂ। ਇਸ ਤੋਂ ਇਲਾਵਾ ਬੀਮਾਰੀ ਨਾਲ ਜੁੜੇ ਭਰਮ-ਭੁਲੇਖਿਆਂ ਨਾਲ ਨਜਿੱਠਣ ਲਈ ਵਿਭਾਗ ਦੀ ਸਹਾਇਤਾ ਕਰਨਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ''ਟੀ.ਬੀ-ਮੁਕਤ ਪੰਜਾਬ ਮੁਹਿੰਮ'' (TB-FREE PUNJAB) ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਆਪਣੇ ਅਧੀਨ ਜ਼ਿਲ੍ਹਾ ਅਧਿਕਾਰੀਆਂ ਨੂੰ ਸਮੂਹ ਪੰਚਾਇਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ। ਕੈਬਨਿਟ ਮੰਤਰੀ ਨੇ ਟੀ.ਬੀ ਦੇ ਖ਼ਾਤਮੇ ਵਿੱਚ ਪੰਚਾਇਤਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ ਇਸ ਅਹਿਮ ਮਿਸ਼ਨ ਵਿੱਚ ਸਮੁੱਚੇ ਭਾਈਚਾਰੇ ਨੂੰ ਸ਼ਾਮਲ ਕਰਨ ਦੀ ਮਹੱਤਤਾ 'ਤੇ ਵੀ ਵਿਸ਼ੇਸ਼ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨੂੰ ਟੀ.ਬੀ ਦੇ ਕਾਰਨਾਂ, ਲੱਛਣਾਂ ਅਤੇ ਇਲਾਜ ਲਈ ਨੇੜਲੀਆਂ ਸਿਹਤ ਸੰਸਥਾਵਾਂ ਬਾਰੇ ਜਾਣਕਾਰੀ ਦੇਣ ਲਈ ਪਿੰਡਾਂ ਵਿੱਚ ਕੈਂਪ ਤੇ ਵਰਕਸ਼ਾਪ ਲਾਉਣ, ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਸਕੂਲਾਂ ਵਿੱਚ ਵਿੱਦਿਅਕ ਪ੍ਰੋਗਰਾਮ ਕਰਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਟੀ.ਬੀ. ਸਬੰਧੀ ਭਰਮ-ਭੁਲੇਖੇ ਅਤੇ ਗੁਮਰਾਹਕੁੰਨ ਧਾਰਨਾਵਾਂ ਨੂੰ ਦੂਰ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਸਿਹਤ ਵਿਭਾਗ ਨਾਲ ਮਿਲ ਕੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣਗੀਆਂ ਤਾਂ ਜੋ ਟੀ.ਬੀ. ਦੇ ਕੇਸਾਂ ਦੀ ਸ਼ਨਾਖ਼ਤ ਕੀਤੀ ਜਾ ਸਕੇ ਅਤੇ ਪੀੜਤਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲਣੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਬੀਮਾਰੀ ਦੀ ਸ਼ਨਾਖ਼ਤ ਸਫ਼ਲ ਇਲਾਜ ਦੀਆਂ ਸੰਭਾਵਨਾਵਾਂ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਆਪੋ-ਆਪਣੇ ਪਿੰਡਾਂ ਨੂੰ “ਟੀ.ਬੀ ਮੁਕਤ” ਐਲਾਨਣ ਲਈ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੀਆਂ ਜਿਸ ਵਿੱਚ ਟੀ.ਬੀ ਦੇ ਕੇਸਾਂ ਵਿੱਚ ਵੱਡੇ ਪੱਧਰ 'ਤੇ ਕਮੀ ਲਿਆਉਣਾ, ਪ੍ਰਭਾਵਿਤ ਵਿਅਕਤੀਆਂ ਦਾ ਸਹੀ ਇਲਾਜ ਅਤੇ ਫਾਲੋ-ਅਪ ਯਕੀਨੀ ਬਣਾਉਣਾ ਅਤੇ ਉੱਚ-ਪੱਧਰੀ ਸਵੱਛਤਾ ਤੇ ਸਫ਼ਾਈ ਬਰਕਰਾਰ ਰੱਖਣਾ, ਮਰੀਜ਼ਾਂ ਨੂੰ ਦਵਾਈਆਂ ਅਤੇ ਜ਼ਰੂਰੀ ਪੌਸ਼ਟਿਕ ਆਹਾਰ ਪ੍ਰਦਾਨ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਤਾਂ ਜੋ ਉਹ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਸਹਾਇਤਾ ਨਾਲ ਪਿੰਡਾਂ ਵਿੱਚ ਇਸ ਮੁਹਿੰਮ ਦੇ ਲਾਗੂਕਰਨ ਸਬੰਧੀ ਨਜ਼ਰਸਾਨੀ ਕਰਨ। ਉਨ੍ਹਾਂ ਮੁਹਿੰਮ ਦੀ ਗਤੀਸ਼ੀਲਤਾ ਨੂੰ ਟਰੈਕ ਕਰਨ ਲਈ ਨਿਯਮਤ ਨਿਗਰਾਨੀ ਅਤੇ ਮੁਲਾਂਕਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਬਿਹਤਰ ਨਤੀਜਿਆਂ ਲਈ ਸੁਚੱਜੀ ਯੋਜਨਾਬੰਦੀ ਕਰਨ ਲਈ ਵੀ ਕਿਹਾ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਟੀ.ਬੀ-ਮੁਕਤ ਸੂਬੇ ਦੀ ਦੂਰਅੰਦੇਸ਼ ਸੋਚ ਸਾਡੇ ਸਭਨਾਂ ਦੇ ਸਾਂਝੇ ਯਤਨਾਂ 'ਤੇ ਨਿਰਭਰ ਕਰਦੀ ਹੈ, ਇਸ ਲਈ ਹਰ ਨਾਗਰਿਕ ਨੂੰ ਇਸ ਨੇਕ ਕਾਰਜ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਉਪਰਾਲੇ ਨੂੰ ਪੂਰਨ ਰੂਪ 'ਚ ਸਫ਼ਲ ਬਣਾਉਣ ਲਈ ਪੰਚਾਇਤਾਂ ਦੇ ਸਮਰਪਣ ਅਤੇ ਲੋਕਾਂ ਦੀ ਸੁਹਿਰਦਤਾ 'ਤੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਾਰੇ ਭਾਈਵਾਲਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ਦੇ ਸਮੂਹ ਪਿੰਡਾਂ ਵਿੱਚੋਂ ਟੀ.ਬੀ. ਨੂੰ ਖ਼ਤਮ ਕਰੇਗੀ ਅਤੇ ਪੰਜਾਬ ਦੇ ਲੋਕਾਂ ਲਈ ਸਿਹਤਮੰਦ ਅਤੇ ਖ਼ੁਸ਼ਹਾਲ ਭਵਿੱਖ ਯਕੀਨੀ ਬਣਾਏਗੀ। ਮੀਟਿੰਗ ਦੌਰਾਨ ਸਟੇਟ ਟੀ.ਬੀ ਸੈੱਲ ਦੇ ਸਟੇਟ ਟੀ.ਬੀ ਅਫ਼ਸਰ ਡਾ. ਰਾਜੇਸ਼ ਭਾਸਕਰ, ਡਾ. ਪੂਜਾ ਕਪੂਰ, ਡਾ. ਵਸੁਧਾ ਚੌਧਰੀ ਅਤੇ ਡਾ. ਪਾਰੀਤੋਸ਼ ਧਵਨ ਹਾਜ਼ਰ ਸਨ। The post ਲਾਲਜੀਤ ਸਿੰਘ ਭੁੱਲਰ ਨੇ 2025 ਤੱਕ ''ਟੀ.ਬੀ-ਮੁਕਤ ਪੰਜਾਬ'' ਦਾ ਟੀਚਾ ਮਿੱਥਿਆ, ਪਿੰਡਾਂ ‘ਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ appeared first on TheUnmute.com - Punjabi News. Tags:
|
ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ Tuesday 25 July 2023 11:16 AM UTC+00 | Tags: breaking-news ias-irs-officers kultar-singh-sandhawan latest-news news punjab-news punjab-police speaker-kultar-singh-sandhwan unjab-cadre-call ਚੰਡੀਗੜ, 25 ਜੁਲਾਈ 2023: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ। ਸ. ਸੰਧਵਾਂ (Kultar Singh Sandhawan) ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਸਮਾਜ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ।ਸ. ਸੰਧਵਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਨਵੇਂ ਚੁਣੇ ਗਏ ਅਫ਼ਸਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਪੀਕਰ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਨਵੇਂ ਚੁਣੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਪੰਜਾਬ ਵਿਧਾਨ ਸਭਾ ਸਕੱਤਰ ਰਾਮ ਲੋਕ ਖਟਾਣਾ ਅਤੇ ਵਧੀਕ ਐਡਵੋਕੇਟ ਜਨਰਲ ਪੰਜਾਬ ਸੁਮਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ। The post ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ appeared first on TheUnmute.com - Punjabi News. Tags:
|
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ Tuesday 25 July 2023 02:05 PM UTC+00 | Tags: aam-aadmi-party breaking-news cm-bhagwant-mann floods latest-news news power-supply punjab punjab-floods the-unmute-breaking-news ਚੰਡੀਗੜ੍ਹ, 25 ਜੁਲਾਈ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਰਾਜ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਾਰੇ 595 ਸਥਾਨਾਂ ‘ਤੇ ਬਿਜਲੀ ਸਪਲਾਈ (Electricity supply) ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਪਟਿਆਲਾ ਅਤੇ ਸੰਗਰੂਰ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ.) ਦੇ ਬੁਨਿਆਦੀ ਢਾਂਚੇ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਨੁਕਸਾਨ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ (Electricity supply) ‘ਤੇ ਕਾਫੀ ਪ੍ਰਭਾਵ ਪਿਆ ਅਤੇ ਜ਼ਰੂਰੀ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਕਰਮਚਾਰੀਆਂ ਨੇ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਬਹਾਲ ਕਰਨ ਲਈ ਦਿਨ ਰਾਤ ਕੰਮ ਕੀਤਾ ਅਤੇ ਇਸ ਦੌਰਾਨ ਪੀਐਸਪੀਸੀਐਲ ਦੇ ਅਧਿਕਾਰੀਆਂ ਨੇ ਹਸਪਤਾਲਾਂ, ਮੈਡੀਕਲ ਸਹੂਲਤਾਂ, ਦੂਰਸੰਚਾਰ ਅਤੇ ਜਲ ਸਪਲਾਈ ਵਰਗੇ ਨਾਜ਼ੁਕ ਬੁਨਿਆਦੀ ਢਾਂਚੇ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਇਨ੍ਹਾਂ ਸਥਾਨਾਂ 'ਤੇ ਬਿਜਲੀ ਬਹਾਲ ਕਰਨ ਨੂੰ ਪਹਿਲ ਦਿੱਤੀ। ਹੜ੍ਹਾਂ ਕਾਰਨ ਪੀਐਸਪੀਸੀਐਲ ਨੂੰ ਹੋਏ ਨੁਕਸਾਨ ਦੇ ਵੇਰਵੇ ਦਿੰਦਿਆਂ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਕੁੱਲ 16 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ, ਜਿਸ ਵਿੱਚ 11 ਕੇਵੀ/ਐਲਟੀ ਬੁਨਿਆਦੀ ਢਾਂਚੇ ਨੂੰ ਲਗਭਗ 9 ਕਰੋੜ ਰੁਪਏ ਦਾ, ਪੀਐਸਪੀਸੀਐਲ ਦਫ਼ਤਰ ਦੇ ਬੁਨਿਆਦੀ ਢਾਂਚੇ, ਸਾਜੋ ਸਮਾਨ ਅਤੇ ਰਿਕਾਰਡ ਨੂੰ ਲਗਭਗ 1.5 ਕਰੋੜ ਰੁਪਏ ਦਾ, ਅਤੇ 66ਕੇਵੀ ਸਬਸਟੇਸ਼ਨਾਂ ਨੂੰ ਕਰੀਬ 5.5 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਵਿੱਚ ਮੁੱਖ ਤੌਰ 'ਤੇ ਉਖੜੇ ਖੰਭੇ, ਖਰਾਬ ਹੋਏ ਟਰਾਂਸਫਾਰਮਰ, ਅਤੇ ਹੜ੍ਹਾਂ ਨਾਲ ਭਰੇ ਸਬਸਟੇਸ਼ਨ ਸ਼ਾਮਲ ਹਨ ਜਿੱਥੇ ਉਪਕਰਣਾਂ ਅਤੇ ਬਿਜਲੀ ਦੀਆਂ ਲਾਈਨਾਂ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ 66 ਕੇਵੀ ਦੇ 20 ਸਬ-ਸਟੇਸ਼ਨਾਂ ਵਿੱਚ ਪਾਣੀ ਭਰ ਗਿਆ ਸੀ ਜਿਸ ਕਾਰਨ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪੁੱਜਾ। ਹੋਰ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਹੜ੍ਹਾਂ ਦਾ ਪਾਣੀ ਚਾਰਦੀਵਾਰੀ ਤੋੜ ਕੇ ਸਬ ਸਟੇਸ਼ਨਾਂ ਵਿੱਚ ਦਾਖਲ ਹੋ ਗਿਆ ਸੀ ਅਤੇ ਕੰਟਰੋਲ ਰੂਮਾਂ ਦੀਆਂ ਇਮਾਰਤਾਂ ਅਤੇ ਪਾਵਰ ਟਰਾਂਸਫਾਰਮਰ ਯਾਰਡਾਂ ਦੇ ਅੰਦਰ ਪਾਈਆਂ ਕੇਬਲਾਂ ਵਿੱਚ ਪਾਣੀ ਦਾਖਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਸਬਸਟੇਸ਼ਨਾਂ ਅਤੇ ਦਫਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਤ ਸਬਸਟੇਸ਼ਨਾਂ ਵਿੱਚੋਂ ਪਾਣੀ ਕੱਢਣ ਲਈ ਪੰਪ ਲਗਾਏ ਗਏ ਸਨ ਅਤੇ ਜਨਤਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਸੀ। ਬਿਜਲੀ ਮੰਤਰੀ ਨੇ ਪੀ.ਐੱਸ.ਪੀ.ਸੀ.ਐੱਲ. ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਬਹਾਲ ਕਰਨ ਲਈ ਪੇਸ਼ੇਵਰ ਪਹੁੰਚ ਦਿਖਾਉਣ ਲਈ ਵਧਾਈ ਦਿੱਤੀ। ਉਨ੍ਹਾਂ ਇਸ ਔਖੀ ਘੜੀ ਦੌਰਾਨ ਸਹਿਯੋਗ ਦੇਣ ਲਈ ਆਮ ਲੋਕਾਂ ਦਾ ਵੀ ਧੰਨਵਾਦ ਕੀਤਾ। The post ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ ‘ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News. Tags:
|
ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਇਕ ਹਫਤੇ ਲਈ ਬੰਦ Tuesday 25 July 2023 02:09 PM UTC+00 | Tags: breaking-news news punjab-tourism sikh sri-anandpur-sahib virasat-e-khalsa ਸ੍ਰੀ ਅਨੰਦਪੁਰ ਸਾਹਿਬ 25 ਜੁਲਾਈ 2023: ਵਿਸ਼ਵ ਪ੍ਰਸਿੱਧ ਅਜਾਇਬ ਘਰਾਂ 'ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖ਼ਾਲਸਾ, ਸ੍ਰੀ ਅਨੰਦਪੁਰ ਸਾਹਿਬ 24 ਤੋ 31 ਜੁਲਾਈ ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖਿਆ ਜਾਵੇਗਾ। ਇਸ ਲਈ ਇਸ ਅਜਾਇਬ ਘਰ ਨੂੰ ਵੇਖਣ ਆਉਣ ਵਾਲੇ ਸੈਲਾਨੀ 1 ਅਗਸਤ ਨੂੰ ਹੀ ਆਉਣ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖ਼ਾਲਸਾ, ਸ੍ਰੀ ਅਨੰਦਪੁਰ ਸਾਹਿਬ ਨੂੰ ਉਨ੍ਹਾਂ ਜਰੂਰੀ ਮੁਰੰਮਤਾਂ ਤੇ ਰੱਖ-ਰਖਾਓ ਦੇ ਲਈ ਬੰਦ ਰੱਖਿਆ ਜਾਂਦਾ ਹੈ ਜੋ ਕਿ ਆਮ ਦਿਨਾਂ ਦੇ ਵਿੱਚ ਨਹੀਂ ਹੋ ਸਕਦੀਆਂ ਹਨ। ਇਸ ਕਰਕੇ ਇਹ ਸੂਚਨਾ ਦਿੱਤੀ ਜਾ ਰਹੀ ਹੈ ਕਿ ਸੈਲਾਨੀਆਂ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ। ਜਦਕਿ 1 ਅਗਸਤ 2023 ਤੋਂ ਇਹ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ ਦਿੱਤਾ ਜਾਵੇਗਾ।
The post ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਇਕ ਹਫਤੇ ਲਈ ਬੰਦ appeared first on TheUnmute.com - Punjabi News. Tags:
|
ਪੰਜਾਬ ਦੇ ਸਿਹਤ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ 'ਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ Tuesday 25 July 2023 02:14 PM UTC+00 | Tags: aam-aadmi-party breaking-news dr-balbir-singh flood-relief floods-vicitms latest-news month-salary news punjab-floods punjab-health-minister the-unmute-breaking-news the-unmute-latest-news ਚੰਡੀਗੜ੍ਹ, 25 ਜੁਲਾਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਹੜ੍ਹ ਰਾਹਤ ਪ੍ਰਬੰਧ ਅਤੇ ਮੁੜ ਵਸੇਬੇ ਦੇ ਯਤਨਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਅੱਜ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ। ਸਿਹਤ ਮੰਤਰੀ ਦਾ ਸਾਥ ਦਿੰਦਿਆਂ ਪੰਜਾਬ ਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ 35 ਲੱਖ ਰੁਪਏ ਦਾ ਯੋਗਦਾਨ ਪਾਇਆ। ਡਾ. ਬਲਬੀਰ ਸਿੰਘ ਨੇ ਆਈਐਮਏ ਪੰਜਾਬ ਦੇ ਪ੍ਰਧਾਨ ਡਾ. ਭਗਵੰਤ ਸਿੰਘ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਹਨਾਂ ਦੇ ਨਿਵਾਸ ਸਥਾਨ ‘ਤੇ ਮੀਟਿੰਗ ਦੌਰਾਨ 35 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਆਈਐਮਏ ਪੰਜਾਬ ਦੇ ਸਕੱਤਰ ਡਾ. ਸੰਜੀਵ ਮਿੱਤਲ, ਖ਼ਜ਼ਾਨਚੀ ਡਾ. ਆਰ.ਐਸ. ਬਲ, ਮੀਤ ਪ੍ਰਧਾਨ ਡਾ. ਸੰਜੀਵ ਗੋਇਲ, ਡਾ. ਜਤਿੰਦਰ ਕਾਂਸਲ, ਡਾ. ਐਸ.ਪੀ.ਐਸ ਸੂਚ, ਡਾ. ਰਾਕੇਸ਼ ਵਿਗ, ਡਾ. ਪਰਮਜੀਤ ਮਾਨ, ਡਾ. ਮਨੋਜ ਸੋਬਤੀ, ਡਾ. ਜੇ.ਪੀ. ਸਿੰਘ ਅਤੇ ਡਾ. ਕੁਲਵਿੰਦਰ ਮਾਨ ਵੀ ਹਾਜ਼ਰ ਸਨ। ਇਸ ਕੁਦਰਤੀ ਆਫ਼ਤ ਦੌਰਾਨ ਸੂਬਾ ਸਰਕਾਰ ਦੀ ਮਦਦ ਲਈ ਆਈਐਮਏ ਪੰਜਾਬ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਈਐਮਏ ਪਹਿਲਾਂ ਹੀ ਹਰ ਤਰ੍ਹਾਂ ਦੀ ਸੰਭਵ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ ਜਿਸ ਵਿੱਚ ਆਈਐਮਏ ਨਾਲ ਜੁੜੇ ਪ੍ਰਾਈਵੇਟ ਹਸਪਤਾਲਾਂ ਵਿੱਚ ਐਂਬੂਲੈਂਸ, ਬੈੱਡ, ਸਿਹਤ ਵਿਭਾਗ ਨੂੰ ਦਵਾਈਆਂ, ਡਾਕਟਰ ਅਤੇ ਮੋਬਾਈਲ ਟੀਮਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਹੈ ਅਤੇ ਪੂਰੇ ਪੰਜਾਬ ਵਿੱਚ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਭ ਤੋਂ ਵੱਡੀ ਚੁਣੌਤੀ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣਾ ਹੈ। ਸਾਡੀਆਂ ਸਿਹਤ ਟੀਮਾਂ ਲੋਕਾਂ ਨੂੰ ਅਜਿਹੀਆਂ ਬਿਮਾਰੀਆਂ ਤੋਂ ਬਚਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਸਿਹਤ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਲਈ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਾਲ-ਨਾਲ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਇਸ ਕੁਦਰਤੀ ਆਫ਼ਤ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। The post ਪੰਜਾਬ ਦੇ ਸਿਹਤ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ appeared first on TheUnmute.com - Punjabi News. Tags:
|
ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ 'ਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਉੱਚ ਪੱਧਰੀ ਬੈਠਕ Tuesday 25 July 2023 02:17 PM UTC+00 | Tags: bram-shankar-jimpa breaking-news floods-vicitms forest-minister news punjab-forest water-supply-schemes ਚੰਡੀਗੜ੍ਹ, 25 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ। ਇਸ ਮਕਸਦ ਲਈ ਬਹੁਤ ਸਾਰੀਆਂ ਜਲ ਸਪਲਾਈ ਸਕੀਮਾਂ ਕਾਰਜਸ਼ੀਲ ਹਨ ਅਤੇ ਕਈ ਸਕੀਮਾਂ ਨਵੀਆਂ/ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ (Water Supply Schemes) ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਕਈ ਥਾਂਵਾਂ 'ਤੇ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੋਂੜੀਦੀ ਹੁੰਦੀ ਹੈ ਜਿਸਨੂੰ ਸਮਾਂਬੱਧ ਤਰੀਕੇ ਨਾਲ ਮੰਜ਼ੂਰ ਕਰਨ ਦੀ ਲੋੜ ਹੁੰਦੀ ਹੈ ਤਾਂ ਕਿ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦੇਰੀ ਨਾ ਹੋਵੇ। ਜਿੰਪਾ ਨੇ ਇਸ ਮੌਕੇ ਪੱਤਰੇ ਵਾਲਾ (ਮੁਕਤਸਰ), ਕੱਟਿਆਵਾਲੀ (ਫਾਜ਼ਿਲਕਾ), ਸੋਹਣਗੜ੍ਹ (ਫਿਰੋਜ਼ਪੁਰ), ਚਵਿੰਡਾ ਕਲਾਂ ਤੇ ਕੰਦੋਵਾਲੀ (ਅੰਮ੍ਰਿਤਸਰ), ਤਲਵਾੜਾ (ਹੁਸ਼ਿਆਰਪੁਰ), ਭੁੱਚਰ ਕਲਾਂ (ਤਰਨ ਤਾਰਨ), ਮਾਣਕਪੁਰ (ਰੂਪਨਗਰ) ਸਮੇਤ ਕਰੀਬ 17 ਨਹਿਰੀ ਜਲ ਸਪਲਾਈ ਸਕੀਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਲਈ ਜੰਗਲਾਤ ਵਿਭਾਗ ਦੀ ਕਲੀਰਐਂਸ ਲਾਜ਼ਮੀ ਹੈ। ਜੰਗਲਾਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਸਕੀਮਾਂ ਲਈ ਸਮਾਂਬੱਧ ਤਰੀਕੇ ਨਾਲ ਕਲੀਐਂਸ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਂਝੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀਸੀਸੀਐਫ ਆਰ.ਕੇ ਮਿਸ਼ਰਾ ਅਤੇ ਮੁੱਖ ਵਣਪਾਲ ਬਸੰਤਾ ਰਾਜ ਕੁਮਾਰ ਹਾਜ਼ਰ ਸਨ। The post ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ‘ਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਉੱਚ ਪੱਧਰੀ ਬੈਠਕ appeared first on TheUnmute.com - Punjabi News. Tags:
|
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਸੈਕੰਡਰੀ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ Tuesday 25 July 2023 02:21 PM UTC+00 | Tags: breaking-news deputy-commissioner-sakshi-sawhney news patiala patiala-school ਪਟਿਆਲਾ, 25 ਜੁਲਾਈ 2023: ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਸਬੰਧਤ ਐਸ.ਐਮ.ਓਜ਼, ਚੀਫ਼ ਆਰਕੀਟੈਕਟ, ਲੋਕ ਨਿਰਮਾਣ ਵਿਭਾਗ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਪੰਜਾਬ ਮੰਡੀ ਬੋਰਡ ਤੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦੀ ਐਮਰਜੈਂਸੀ, ਨਾਭਾ ਐਮ.ਸੀ.ਐਚ. ਅਤੇ ਬਾਦਸ਼ਾਹਪੁਰ ਹਸਪਤਾਲਾਂ ਦੀਆਂ ਇਮਾਰਤਾਂ ਦੇ ਨਵੀਨੀਕਰਨ ਦਾ ਜਾਇਜ਼ਾ ਲਿਆ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਦੀ ਐਮਰਜੈਂਸੀ ਸਿਹਤ ਸੇਵਾਵਾ ਨੂੰ ਮਜ਼ਬੂਤ ਕਰਦੇ ਹੋਏ ਇੱਥੇ ਨਵਾਂ ਆਈ.ਸੀ.ਯੂ., ਟਰੌਮਾ ਥੀਏਟਰ ਸ਼ੁਰੂ ਕਰਨ ਸਮੇਤ ਨਵਜਨਮੇ ਬੱਚਿਆਂ ਲਈ ਨਿੱਕੂ ਤੇ ਪਿੱਕੂ ਸੈਂਟਰ ਬਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਜਰਜਰ ਹੋ ਚੁੱਕੀ ਬਾਦਸ਼ਾਹਪੁਰ ਹਸਪਤਾਲ ਦੀ ਪੁਰਾਣੀ ਇਮਾਰਤ ਸਮੇਤ ਨਾਭਾ ਹਸਪਤਾਲ ਦੀ ਪੁਰਾਣੀ ਇਮਾਰਤ ਦੀ ਇਕਸਾਰ ਬ੍ਰਾਂਡਿੰਗ, ਪੇਟਿੰਗ, ਸਾਇਨੇਜ਼, ਓਟ ਸੈਂਟਰ ਤੇ ਲੈਬ ਦੀ ਮੁਰੰਮਤ ਕਰਕੇ ਅਲਟਰਾਮਾਡਰਨ ਤੇ ਨਵੀਂ ਦਿੱਖ ਪ੍ਰਦਾਨ ਕਰਨਾ ਵੀ ਸ਼ਾਮਲ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ (Patiala) ਦੇ ਸਿਵਲ ਸਰਜਨ ਦਫ਼ਤਰ ਲਈ ਨਵੀਂ ਇਮਾਰਤ ਮੁਹੱਈਆ ਕਰਵਾਉਣ ਲਈ ਢੁਕਵੀਂ ਥਾਂ ਦੀ ਚੋਣ ਕਰਨ ਸਮੇਤ ਸਾਰੇ ਕੰਮ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਸਾਰੀਆਂ ਇਮਾਰਤਾਂ ਦਾ ਦੌਰਾ ਕਰਕੇ ਤਜਵੀਜਾਂ ਤੇ ਤਖ਼ਮੀਨੇ ਤੁਰੰਤ ਜਮ੍ਹਾਂ ਕਰਵਾਉਣਗੇ ਤਾਂ ਕਿ ਕੰਮ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾ ਸਕੇ। The post ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਸੈਕੰਡਰੀ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ appeared first on TheUnmute.com - Punjabi News. Tags:
|
ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਨੂੰ 'ਆਪ' ਸਰਕਾਰ ਵੱਲੋਂ 750 ਕਰੋੜ ਰੁਪਏ ਇਸ਼ਤਿਹਾਰਾਂ 'ਤੇ ਖਰਚਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਕੀਤੀ ਅਪੀਲ Tuesday 25 July 2023 02:25 PM UTC+00 | Tags: aap-advertisements aap-government advertisements bikram-singh-majithia breaking-news news ਚੰਡੀਗੜ੍ਹ, 25 ਜੁਲਾਈ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ਼ਤਿਹਾਬਾਜ਼ੀ 'ਤੇ ਸਾਲਾਨਾ 750 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਅਪੀਲ ਕੀਤੀ ਤੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿਚ ਬੁਨਿਆਦੀ ਢਾਂਚੇ ਵਾਸਤੇ ਪੈਸੇ ਨਹੀ਼ ਦਿੱਤਾ ਜਾ ਰਿਹਾ ਤੇ ਨਾ ਹੀ ਸੂਬੇ ਵਿਚ ਆਏ ਭਿਆਨਕ ਹੜ੍ਹਾਂ ਨਾਲ ਹੋਈ ਤਬਾਹੀ ਲਈ ਪੀੜਤਾਂ ਨੂੰ ਕੋਈ ਰਾਹਤ ਦਿੱਤੀ ਜਾ ਰਹੀ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਸੁਪਰੀਮ ਕੋਰਟ ਪਹਿਲਾਂ ਹੀ ਇਸ ਗੱਲ ਦਾ ਨੋਟਿਸ ਲੈ ਚੁੱਕੀ ਹੈ ਕਿ ਆਪ ਸਰਕਾਰ ਨੇ ਦਿੱਲੀ ਵਿਚ ਇਸ਼ਤਿਹਾਰਬਾਜ਼ੀ 'ਤੇ 1100 ਕਰੋੜ ਰੁਪਏ ਖਰਚ ਕੀਤੇ ਜਦੋਂ ਕਿ ਇਸ ਵੱਲੋਂ ਬੁਨਿਆਦੀ ਢਾਂਚੇ ਵਾਸਤੇ ਬਣਦਾ ਯੋਗਦਾਨ ਨਹੀਂ ਪਾਇਆ ਜਾ ਰਿਹਾ। ਉਹਨਾਂ ਕਿਹਾ ਕਿ ਸਰਵਉਚ ਅਦਾਲਤ ਨੇ ਇਤਿਹਾਸਕ ਫੈਸਲੇ ਵਿਚ ਇਹ ਵੀ ਕਿਹਾ ਕਿ ਉਹ ਮਜਬੂਰ ਹੋ ਕੇ ਦਿੱਲੀ ਸਰਕਾਰ ਨੂੰ ਹਦਾਇਤ ਕਰ ਰਹੀ ਹੈ ਕਿ ਉਹ ਇਸ਼ਤਿਹਾਰਬਾਜ਼ੀ 'ਤੇ ਕੀਤੇ ਖਰਚ ਦਾ ਹਲਫੀਆ ਬਿਆਨ ਦਾਇਰ ਕਰੇ ਕਿਉਂਕਿ ਦਿੱਲੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿਚ ਆਪਣਾ ਬਣਦਾ ਹਿੱਸਾ ਪਾਉਣ ਵਿਚ ਅਸਮਰਥਾ ਜ਼ਾਹਰ ਕੀਤੀ। ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਸਰਵਉਚ ਅਦਾਲਤ ਦੇ ਇਸ ਹੁਕਮ ਨੇ ਅਧਿਕਾਰਤ ਮਾਪਦੰਡ ਤੈਅਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਦਿੱਲੀ ਵਿਚ ਇਸਦੀ ਹਾਈ ਕਮਾਂਡ ਵੱਲੋਂ ਬਣਾਇਆ ਮਾਡਲ ਹੀ ਅਪਣਾ ਰਹੀ ਹੈ। ਉਹਨਾਂ ਕਿਹਾਕਿ ਦਿੱਲੀ ਦੇ ਮਾਮਲੇ ਵਾਂਗੂ ਪੰਜਾਬ ਸਰਕਾਰ ਨੇ ਵੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਤੇ ਸੂਬੇ ਦੇ ਵਿਕਾਸ ਦੀ ਕੀਮਤ 'ਤੇ ਇਸ਼ਤਿਹਾਰਬਾਜ਼ੀ ਲਈ ਮੋਟੀ ਰਾਸ਼ੀ ਨਿਸ਼ਚਿਤ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਸਿਰਫ 33 ਕਰੋੜ ਰੁਪਏ ਹੀ ਡਿਪਟੀ ਕਮਿਸ਼ਨਰਾਂ ਹੜ੍ਹ ਪੀੜ੍ਹਤਾਂ ਭੇਜੇ ਗੲ ਹਨ ਜਦੋਂ ਕਿ ਹੜ੍ਹ ਪੀੜ੍ਹਤਾਂ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਸਰਦਾਰ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਫਜ਼ੂਲਖਰਚੀ ਨੂੰ ਰੋਕਣ ਲਈ ਕਾਰਵਾਈ ਕਰਨ ਕਿਉਂਕਿ ਸਰਕਾਰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੇਸ਼ ਭਰ ਵਿਚ ਇਕ ਥਾਂ ਤੋਂ ਦੂਜੀ ਥਾਂ ਲਿਜਾਣ ਤੇ ਲਿਆਉਣ ਵਾਸਤੇ ਕਰੋੜਾਂ ਰੁਪਏ ਹਵਾਈ ਜਹਾਜ਼ ਕਿਰਾਏ 'ਤੇ ਲੈਣ 'ਤੇ ਬਰਬਾਦ ਕਰ ਰਹੀ ਹੈ। ਉਹਨਾਂਕਿਹਾ ਕਿ ਸੂਬਾ ਇਸ ਕਰ ਕੇ ਸੰਤਾਪ ਹੰਢਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਵਰਗੇ ਫੇਲ੍ਹ ਪ੍ਰਾਜੈਕਟਾਂ 'ਤੇ ਪੈਸੇ ਉਡਾ ਰਹੀ ਹੈ ਜਿਸ ਨਾਲ ਸਿਹਤ ਖੇਤਰ ਦਾ ਢਾਂਚਾ ਲੀਹੋਂ ਲੱਥ ਗਿਆ ਹੈ। ਉਹਨਾਂ ਕਿਹਾ ਕਿ ਸੂਬਾ ਇਸ ਕਰ ਕੇ ਵੀਸੰਤਾਪ ਹੰਢਾ ਰਿਹਾਹੈ ਕਿਉਂਕਿ ਪਿਛਲੇ ਡੇਢ ਸਾਲਾਂ ਵਿਚ ਇਕ ਵੀ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਨਹੀਂ ਆਰੰਭਿਆ ਗਿਆ। ਅਕਾਲੀ ਆਗੂ ਨੇ ਕਿਹਾ ਕਿ ਸੂਬਾ ਕਾਨੂੰਨ ਵਿਵਸਥਾ ਦੇ ਹਰ ਪੈਮਾਨੇ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ 'ਬਦਲਾਅ' ਦੀ ਗੱਲ ਕਰਨ ਦਾ ਚਾਅ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਿਰਫ ਇਕ ਹੀ ਬਦਲਾਅ ਵੇਖਣ ਨੂੰ ਮਿਲਿਆ ਹੈ ਕਿ ਵਿਦੇਸ਼ਾਂ ਵਿਚਲਾ ਗੈਂਗਸਟਰ ਸਭਿਆਚਾਰ ਪੰਜਾਬ ਆ ਗਿਆ ਹੈ ਤੇ ਦਿਨ ਦਿਹਾੜੇ ਕਤਲ ਨਿੱਤ ਦਾ ਕੰਮ ਬਣ ਗਿਆ ਹੈ ਤੇ ਲਾਰੰਸ ਬਿਸ਼ਨੋਈ ਵਰਗੇ ਖ਼ਤਰਨਾਕ ਗੈਂਗਸਟਰ ਜੇਲ੍ਹਾਂ ਵਿਚੋਂ ਇੰਟਰਵਿਊ ਦੇ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਮੀਡੀਆ ਦੀ ਆਵਾਜ਼ ਕੁਚਲੀ ਜਾ ਰਹੀ ਹੈ ਤੇ ਉਹਨਾਂ ਨੌਜਵਾਨ ਪੱਤਰਕਾਰ ਗਗਨ ਦੀ ਉਦਾਹਰਣ ਵੀ ਦਿੱਤੀ ਜਿਸਨੂੰ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਨੇ ਸੱਚ ਬੋਲਣ ਲਈ ਕੁੱਟਿਆ। ਉਹਨਾਂ ਕਿਹਾਕਿ ਆਪ ਵਿਧਾਇਕ ਆਪਣੇ ਆਪ ਵਿਚ ਕਾਨੂੰਨ ਬਣਦੇ ਜਾ ਰਹੇ ਹਨ ਤੇ ਉਹਨਾਂ ਮੰਗ ਕੀਤੀ ਕਿ ਆਪ ਦੇ ਵਿਧਾਇਕ ਅਮਲੋਕ ਸਿੰਘ ਵੱਲੋਂ ਚੰਡੀਗੜ੍ਹ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਤੇ ਗਾਲ੍ਹਾਂ ਕੱਢਣ ਲਈ ਉਸਦੇ ਖਿਲਾਫ ਕੇਸ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕੀਤਾ ਜਾਵੇ। The post ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਨੂੰ ‘ਆਪ’ ਸਰਕਾਰ ਵੱਲੋਂ 750 ਕਰੋੜ ਰੁਪਏ ਇਸ਼ਤਿਹਾਰਾਂ 'ਤੇ ਖਰਚਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ Tuesday 25 July 2023 02:29 PM UTC+00 | Tags: bhagwant-mann breaking-news industrialist latest-news maya-devi news punjab rajinder-gupta the-unmute-breaking-news ਚੰਡੀਗੜ੍ਹ, 25 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਕਾਰੋਬਾਰੀ ਤੇ ਪੰਜਾਬ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ ਰਾਜਿੰਦਰ ਗੁਪਤਾ ਦੀ ਮਾਤਾ ਸ੍ਰੀਮਤੀ ਮਾਇਆ ਦੇਵੀ ਦੇ ਦਿਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜ ਲਈ ਖ਼ਾਸ ਤੌਰ ਉਤੇ ਗੁਪਤਾ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਆਪਣੀ ਸੰਤਾਨ ਦਾ ਭਵਿੱਖ ਸੰਵਾਰਨ ਲਈ ਅਹਿਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਦੀ ਦੂਰ-ਦ੍ਰਿਸ਼ਟੀ ਅਤੇ ਕੰਮ ਪ੍ਰਤੀ ਸਮਰਪਣ ਤੇ ਮਿਹਨਤ ਸਮੁੱਚੇ ਟਰਾਈਡੈਂਟ ਗਰੁੱਪ ਦੀ ਸਮਰੱਥਾ ਦੇ ਮੁੱਖ ਸਰੋਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਦੇ ਦਿਹਾਂਤ ਨਾਲ ਵੱਡਾ ਘਾਟਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਪੂਰਿਆ ਜਾਣਾ ਮੁਸ਼ਕਲ ਹੈ। ਸ੍ਰੀਮਤੀ ਮਾਇਆ ਦੇਵੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਸਨੇਹੀਆਂ ਤੇ ਸਕੇ-ਸਬੰਧੀਆਂ ਨਾਲ ਹਮਦਰਦੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। The post ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ 'ਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ Tuesday 25 July 2023 02:33 PM UTC+00 | Tags: breaking-news major-towns mohali news punjab-punjab-transport-department shuttle-bus-service ਚੰਡੀਗੜ੍ਹ, 25 ਜੁਲਾਈ 2023: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ (SHUTTLE BUS SERVICE) ਸ਼ੁਰੂ ਕਰੇਗੀ। ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਐਸ.ਏ.ਐਸ. ਨਗਰ (ਮੋਹਾਲੀ ) ਤੋਂ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿੱਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਜਨਤਕ ਟਰਾਂਸਪੋਰਟ ਲਈ ਬਿਹਤਰੀਨ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਨਾਲ ਸ਼ਹਿਰਾਂ ਵਿੱਚ ਟਰੈਫਿਕ ਜਾਮਾਂ ਦੀ ਸਮੱਸਿਆ ਹੱਲ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮਾਂ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ ਕਿਉਂਕਿ ਇਸ ਨਾਲ ਤੇਲ ਦੀ ਖਪਤ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਉਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਉਤੇ ਸਮੀਖਿਆ ਕਰਨਗੇ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ। The post ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ 'ਚ ਹੋਸਟਲ ਦੀ ਉਸਾਰੀ ਲਈ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ Tuesday 25 July 2023 02:40 PM UTC+00 | Tags: aam-aadmi-party breaking-news cm-bhagwant-mann news panjab-university panjab-university-hosta-l punjab-government the-unmute the-unmute-breaking-news ਚੰਡੀਗੜ੍ਹ, 25 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਪੰਜਾਬ ਯੂਨੀਵਰਸਿਟੀ (PANJAB UNIVERSITY) ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ। ਹੋਸਟਲਾਂ ਵਾਲੀ ਥਾਂ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦਾ ਧਿਆਨ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਬਜਾਏ ਸਿੱਖਿਆ ਉਤੇ ਕੇਂਦਰਤ ਕਰਨ ਲਈ ਇਹ ਹੋਸਟਲ ਸਮੇਂ ਦੀ ਲੋੜ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਨੇ ਕਈ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨ੍ਹਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਟਾਫ਼, ਵਿਦਿਆਰਥੀਆਂ ਤੇ ਸੈਨੇਟ ਮੈਂਬਰਾਂ ਨੇ ਉਨ੍ਹਾਂ ਨੂੰ ਇੱਥੇ ਸੱਦਿਆ ਸੀ ਅਤੇ ਇਨ੍ਹਾਂ ਹੋਸਟਲਾਂ ਦੇ ਨਿਰਮਾਣ ਦੀ ਅਪੀਲ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ (PANJAB UNIVERSITY) ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਇਹ ਵੀ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਡੀ ਪਾਰਟੀ ਦੇ ਕਈ ਵਿਧਾਇਕਾਂ ਨੇ ਵੀ ਇਸ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹੋਸਟਲ ਵਿੱਚ ਸਾਫ਼-ਸੁਥਰੇ ਪਖਾਨਿਆਂ ਦੇ ਨਾਲ-ਨਾਲ ਡਾਈਨਿੰਗ ਹਾਲ ਤੇ ਕਾਮਨ ਰੂਮ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਹਰੇਕ ਛੇ ਕਮਰਿਆਂ ਪਿੱਛੋਂ ਪਖ਼ਾਨੇ ਬਣਾਉਣ ਦੀ ਰਵਾਇਤ ਦੇ ਉਲਟ ਹੁਣ ਹਰੇਕ ਚਾਰ ਕਮਰਿਆਂ ਮਗਰੋਂ ਪਖ਼ਾਨਿਆਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਸਹੂਲਤ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਖੋਜਾਰਥੀਆਂ ਤੇ ਹੋਰਾਂ ਲਈ 38 ਕਮਰੇ ਅਟੈਚਡ ਬਾਥਰੂਮਾਂ ਵਾਲੇ ਬਣਾਏ ਜਾਣਗੇ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ, ਖ਼ਾਸ ਤੌਰ ਉਤੇ ਉਦੋਂ, ਜਦੋਂ ਉਨ੍ਹਾਂ ਦੇ ਮਾਪੇ ਜਾਂ ਦਾਦਾ-ਦਾਦੀ ਵੀ ਇੱਥੇ ਰਹਿ ਕੇ ਪੜ੍ਹੇ ਹੋਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੇ ਸੱਭਿਆਚਾਰ, ਸਾਹਿਤ ਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਯੂਨੀਵਰਸਿਟੀ ਦਾ ਦਰਜਾ ਬਦਲਣ ਲਈ ਬਾਕਾਇਦਾ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਵਿਧਾਨ ਸਭਾ ਸੈਸ਼ਨ ਦੀ ਕਾਨੂੰਨੀ ਪ੍ਰਮਾਣਕਿਤਾ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ ਉਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਤੁਹਾਡੇ ਨਜ਼ਰੀਏ ਤੋਂ ਤਾਂ ਬਜਟ ਸੈਸ਼ਨ ਵੀ ਗ਼ੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਾਨੂੰਨੀ ਪਹਿਲੂਆਂ ਬਾਰੇ ਯਾਦ ਕਰਵਾਉਣ ਤੋਂ ਬਾਅਦ ਹੀ ਉਨ੍ਹਾਂ ਇਸ ਸੈਸ਼ਨ ਦੀ ਪ੍ਰਵਾਨਗੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਭਾਰਤ ਦੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਸੀ ਅਤੇ ਇਹ ਪੂਰੀ ਤਰ੍ਹਾਂ ਜਾਇਜ਼ ਸੀ। The post ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ‘ਚ ਹੋਸਟਲ ਦੀ ਉਸਾਰੀ ਲਈ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ Tuesday 25 July 2023 02:43 PM UTC+00 | Tags: aam-aadmi-party cm-bhagwant-mann mp-vikramjit-singh-sahney news punjab punjab-government punjabi-mps the-unmute-breaking-news ਚੰਡੀਗੜ੍ਹ, 25 ਜੁਲਾਈ, 2023: ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਵਿੱਚ, ਸੰਸਦ ਮੈਂਬਰ ਵਿਕਰਮਜੀਤ ਸਾਹਨੀ (Vikramjit singh sahney) ਨੇ ਪਾਰਟੀ ਲਾਈਨਾਂ ਤੋਂ ਉਪਰ ਉਠ ਕੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਲਈ ਇੱਕ ਗੈਰ ਰਸਮੀ ਗੱਲਬਾਤ ਅਤੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਸਾਹਨੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ ਇਕੱਠੇ ਹੋਣ ਅਤੇ ਕੇਂਦਰ ਸਰਕਾਰ ਦੇ ਸਬੰਧ ਵਿੱਚ ਪੰਜਾਬ ਸੂਬੇ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋਣ। ਸਾਹਨੀ (Vikramjit singh sahney) ਨੇ ਪੰਜਾਬੀ ਕਿਸਾਨਾਂ ਦੀ ਦੁਰਦਸ਼ਾ ਅਤੇ ਸੂਬਾ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡਾਂ ਅਤੇ ਮਾਰਕੀਟ ਫੀਸ ਦੇ 4200 ਕਰੋੜ ਰੁਪਏ ਨਾ ਮਿਲਣ ਕਾਰਨ ਰੁਕੇ ਪੇਂਡੂ ਵਿਕਾਸ ਕਾਰਜਾਂ ਅਤੇ ਹੋਰ ਸਮੱਸਿਆਵਾਂ ਬਾਰੇ ਚਾਨਣਾ ਪਾਇਆ। ਸਾਹਨੀ ਨੇ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਦਾ ਭੰਡਾਰ ਹੈ ਅਤੇ ਇਸ ਲਈ ਕਿਸਾਨਾਂ ਦੇ ਭਲੇ ਲਈ ਪੇਂਡੂ ਖੇਤਰਾਂ ਦਾ ਵਿਕਾਸ ਅਤੇ ਮੰਡੀਆਂ ਵਿੱਚ ਬੁਨਿਆਦੀ ਢਾਂਚਾ ਤਿਆਰ ਕਰਨਾ ਮਹੱਤਵਪੂਰਨ ਹੈ। ਸਾਹਨੀ ਨੇ ਸੂਬੇ ਦੇ 3 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਅਤੇ ਇਸ ਦੇ ਪੁਨਰਗਠਨ ਦੀ ਫੌਰੀ ਲੋੜ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਅਤੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਖਾੜਕੂਵਾਦ ਦਾ ਗਵਾਹ ਹੈ, ਇਸ ਲਈ ਪੰਜਾਬ ਵਿੱਤੀ ਰਾਹਤ ਪੈਕੇਜ ਦਾ ਹੱਕਦਾਰ ਹੈ। ਸਾਹਨੀ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਲੋੜ ਨੂੰ ਵੀ ਦੁਹਰਾਇਆ। ਗੱਲਬਾਤ ਵਿੱਚ ਹਿੱਸਾ ਲੈਣ ਵਾਲੇ ਸੰਸਦ ਮੈਂਬਰਾਂ ਵਿੱਚ ਸੋਮ ਪ੍ਰਕਾਸ਼, ਵਣਜ ਰਾਜ ਮੰਤਰੀ, ਰਾਘਵ ਚੱਢਾ, ਸੰਤ ਬਲਬੀਰ ਸਿੰਘ ਸੀਚੇਵਾਲ, ਸੁਸ਼ੀਲ ਕੁਮਾਰ ਰਿੰਕੂ, ਅਸ਼ੋਕ ਮਿੱਤਲ, ਮਨੀਸ਼ ਤਿਵਾੜੀ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਮੁਹੰਮਦ ਸਦੀਕ, ਰਾਜੀਵ ਪ੍ਰਤਾਪ ਰੂਡੀ ਅਤੇ ਕਈ ਹੋਰ ਸੰਸਦ ਮੈਂਬਰ ਸ਼ਾਮਿਲ ਸਨ। The post ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ appeared first on TheUnmute.com - Punjabi News. Tags:
|
ਦਿੱਲੀ ਪੁਲਿਸ ਨੇ ਦੋ ਹਥਿਆਰ ਤਸਕਰਾਂ ਨੂੰ ਕੀਤਾ ਕਾਬੂ, 12 ਆਟੋਮੈਟਿਕ ਪਿਸਤੌਲ ਬਰਾਮਦ Tuesday 25 July 2023 02:48 PM UTC+00 | Tags: 12-automatic-pistols arms-smugglers breaking-news delhi-police news ਦਿੱਲੀ , 25 ਜੁਲਾਈ, 2023 (ਦਵਿੰਦਰ ਸਿੰਘ) : 15 ਅਗਸਤ ਤੋਂ ਪਹਿਲਾਂ, ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਨੇ ਪੰਜਾਬ ਤੋਂ ਦੋ ਬਦਨਾਮ ਅੰਤਰ-ਰਾਜੀ ਹਥਿਆਰਾਂ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ ਮੱਧ ਪ੍ਰਦੇਸ਼ ਦੇ ਬਣੇ 12 ਸੈਮੀ ਆਟੋਮੈਟਿਕ ਪਿਸਤੌਲ ਬਰਾਮਦ ਹੋਏ ਹਨ, ਜੋ ਦਿੱਲੀ ਐਨਸੀਆਰ ਸਮੇਤ ਪੰਜਾਬ ਦੇ ਸ਼ਰਾਰਤੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਨਾਜਾਇਜ਼ ਅਸਲਾ ਪੁਆਇੰਟ 12 ਬੋਰ ਦਾ ਹੈ। ਦੋਵੇਂ ਅੰਮ੍ਰਿਤਸਰ ਪੰਜਾਬ ਦੇ ਰਹਿਣ ਵਾਲੇ ਹਨ। ਫੜੇ ਗਏ ਸਮੱਗਲਰਾਂ ਦੇ ਨਾਂ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਅਤੇ ਲਵਦੀਪ ਸਿੰਘ ਉਰਫ ਲਵ ਹਨ। ਦੋਵੇਂ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਨ੍ਹਾਂ ਨੂੰ ਸੋਮਵਾਰ ਰਾਤ ਮਜਲਿਸ ਪਾਰਕ ਮੈਟਰੋ ਸਟੇਸ਼ਨ ਮੁਕੰਦਪੁਰ ਫਲਾਈਓਵਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ। ਹਥਿਆਰਾਂ ਦੇ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੇਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਵੱਖ-ਵੱਖ ਗਰੋਹਾਂ ਨਾਲ ਸਬੰਧਤ ਪੰਜਾਬ ਦੇ ਦੋ ਅਪਰਾਧੀ ਦਿੱਲੀ ਅਤੇ ਪੰਜਾਬ ਦੇ ਅਪਰਾਧੀਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਉਹ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਲਈ ਮਜਲਿਸ ਪਾਰਕ ਨੇੜੇ ਆਉਣਗੇ। ਤਲਾਸ਼ੀ ਲੈਣ ‘ਤੇ ਸ਼ਮਸ਼ੇਰ ਸਿੰਘ ਦੇ ਬੈਗ ਵਿੱਚੋਂ ਸੱਤ ਪਿਸਤੌਲ ਅਤੇ ਲਵਦੀਪ ਸਿੰਘ ਦੇ ਬੈਗ ਵਿੱਚੋਂ ਪੰਜ ਪਿਸਤੌਲ ਬਰਾਮਦ ਹੋਏ। ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਇਨ੍ਹਾਂ ‘ਚੋਂ 5 ਪਿਸਤੌਲ ਦਿੱਲੀ ‘ਚ ਅਪਰਾਧੀਆਂ ਨੂੰ ਵੇਚਣੇ ਸਨ ਜਦਕਿ 7 ਪਿਸਤੌਲ ਪੰਜਾਬ ਦੇ ਅੰਮ੍ਰਿਤਸਰ ਦੇ ਬਦਨਾਮ ਪੇਜਾ ਗੈਂਗ ਦੇ ਬਦਮਾਸ਼ਾਂ ਨੂੰ ਵੇਚੇ ਜਾਣੇ ਸਨ। ਇਨ੍ਹਾਂ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਤੋਂ 10,000 ਰੁਪਏ ਵਿੱਚ ਇੱਕ-ਇੱਕ ਪਿਸਤੌਲ ਖਰੀਦਿਆ ਸੀ, ਜਿਸ ਨੂੰ ਉਹ 30-50,000 ਰੁਪਏ ਪ੍ਰਤੀ ਪਿਸਤੌਲ ਦੇ ਹਿਸਾਬ ਨਾਲ ਬਦਮਾਸ਼ਾਂ ਨੂੰ ਵੇਚਦੇ ਸਨ। ਸ਼ਮਸ਼ੇਰ ਸਿੰਘ ਪਹਿਲਾਂ ਮਜ਼ਦੂਰੀ ਦਾ ਕੰਮ ਕਰਦਾ ਸੀ। 2019 ਵਿੱਚ, ਉਸਨੂੰ ਮੋਟਰਸਾਈਕਲ ਚੋਰੀ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਜੇਲ੍ਹ ਵਿੱਚ ਰਹਿੰਦਿਆਂ ਹੀ ਉਸਨੇ ਸਮੈਕ, ਜਿਸਨੂੰ ਆਮ ਤੌਰ ‘ਤੇ ਚਿੱਟਾ ਕਿਹਾ ਜਾਂਦਾ ਹੈ, ਦਾ ਸੇਵਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਨਸ਼ੇ ਦਾ ਆਦੀ ਹੋ ਗਿਆ। ਉਸ ‘ਤੇ 2021 ਵਿਚ ਜੇਲ੍ਹ ਵਿਚ ਮੋਬਾਈਲ ਫੋਨ ਦੀ ਵਰਤੋਂ ਕਰਨ ਲਈ ਜੇਲ੍ਹ ਐਕਟ ਦੇ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਸੀ। ਉਸ ਦੀ ਦੋਸਤੀ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਦੇ ਤਾਰਾ ਸਿੰਘ ਨਾਲ ਹੋਈ ਸੀ, ਜੋ ਅਸਲਾ ਐਕਟ ਦੇ ਕੇਸ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਆਪਣੇ ਨਸ਼ੇ ਦੇ ਖਰਚੇ ਨੂੰ ਪੂਰਾ ਕਰਨ ਲਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ। ਹੋਰ ਪੈਸੇ ਕਮਾਉਣ ਲਈ, ਉਸਨੇ ਨੇੜਲੇ ਪਿੰਡ ਦੇ ਇੱਕ ਸਾਥੀ ਨਸ਼ੇੜੀ ਲਵਦੀਪ ਸਿੰਘ ਨੂੰ ਲਾਲਚ ਦਿੱਤਾ, ਜੋ ਕਿ ਨਸ਼ੇ ਦੀ ਪੂਰਤੀ ਲਈ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਸੀ। ਦੋਵਾਂ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲੈ ਕੇ ਮਹਿੰਗੇ ਭਾਅ ਵੇਚਣ ਦੀ ਯੋਜਨਾ ਬਣਾਈ ਸੀ। ਸ਼ਮਸ਼ੇਰ ਸਿੰਘ ਅਤੇ ਲਵਦੀਪ ਸਿੰਘ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਗਏ ਅਤੇ ਤਾਰਾ ਸਿੰਘ ਤੋਂ ਹਥਿਆਰ ਖਰੀਦੇ। ਇਹ ਹਥਿਆਰ ਦਿੱਲੀ ਅਤੇ ਪੰਜਾਬ ਦੇ ਗੈਂਗਸਟਰਾਂ ਅਤੇ ਸਥਾਨਕ ਅਪਰਾਧੀਆਂ ਤੱਕ ਪਹੁੰਚਾਏ ਜਾਣੇ ਸਨ। ਸ਼ਮਸ਼ੇਰ ਸਿੰਘ ਖਿਲਾਫ ਪਹਿਲਾਂ ਵੀ ਪੰਜ ਅਪਰਾਧਿਕ ਮਾਮਲੇ ਦਰਜ ਹਨ। The post ਦਿੱਲੀ ਪੁਲਿਸ ਨੇ ਦੋ ਹਥਿਆਰ ਤਸਕਰਾਂ ਨੂੰ ਕੀਤਾ ਕਾਬੂ, 12 ਆਟੋਮੈਟਿਕ ਪਿਸਤੌਲ ਬਰਾਮਦ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest