TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਨਾਲ ਸਬੰਧਤ ਇੱਕ ਹੋਰ ਮੁਜ਼ਮ ਕਾਬੂ Sunday 22 October 2023 02:22 PM UTC+00 | Tags: latest-news sbs-nagar-grain-markets tenders-scam the-unmute-breaking-news the-unmute-punjabi-news vigilance-bureau ਚੰਡੀਗੜ੍ਹ, 22 ਅਕਤੂਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ 'ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। ਇਸ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਸੰਨ੍ਹ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਸ.ਬੀ.ਬੀ.ਨਗਰ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2020-2021 ਵਿੱਚ ਕਣਕ/ਝੋਨੇ/ਸਟਾਕ ਸਬੰਧੀ ਅਨਾਜ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਆਰ.ਐੱਸ. ਕੋ-ਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਦੇ ਪ੍ਰੋਪਰਾਈਟਰ ਹਨੀ ਕੁਮਾਰ ਨੇ ਨਵਾਂਸ਼ਹਿਰ ਅਤੇ ਰਾਹੋਂ ਕਲੱਸਟਰਾਂ ਲਈ ਟੈਂਡਰ ਜਮ੍ਹਾਂ ਕਰਵਾਏ ਸਨ, ਅਤੇ ਇਕ ਹੋਰ ਸੰਸਥਾ ਪੀ.ਜੀ. ਗੋਦਾਮ ਨੇ ਨਵਾਂਸ਼ਹਿਰ ਲਈ ਮੁੱਢਲੀਆਂ ਟੈਂਡਰ ਦਰਾਂ 'ਤੇ ਹੀ ਟੈਂਡਰ ਭਰੇ ਸਨ,ਜੋ ਵਿਭਾਗ ਵੱਲੋਂ ਬਿਨਾਂ ਕਿਸੇ ਠੋਸ ਆਧਾਰ/ ਕਾਰਨ ਦੇ ਰੱਦ ਕਰ ਦਿੱਤੇ ਗਏ ਪਰ ਨਵਾਂਸ਼ਹਿਰ ਕਲੱਸਟਰ ਲਈ ਠੇਕੇਦਾਰ ਤੇਲੂ ਰਾਮ ਨੂੰ 71 ਫੀਸਦੀ ਅਤੇ ਰਾਹੋਂ ਕਲਸਟਰ ਲਈ 72 ਫੀਸਦੀ ਵੱਧ ਰੇਟਾਂ 'ਤੇ ਟੈਂਡਰ ਅਲਾਟ ਕਰ ਦਿੱਤੇ ਗਏ ਸਨ। ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਸਾਲ 2022-23 ਲਈ ਟੈਂਡਰ ਮੰਗੇ ਗਏ ਅਤੇ ਉਕਤ ਹਨੀ ਕੁਮਾਰ ਨੇ ਆਪਣੀਆਂ ਉਪਰੋਕਤ ਫਰਮਾਂ ਤੋਂ ਰਾਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ ਮੁਢਲੀਆਂ ਦਰਾਂ 'ਤੇ ਦੁਬਾਰਾ ਟੈਂਡਰ ਜਮ੍ਹਾਂ ਕਰਵਾਏ, ਪਰ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਨੇ ਉਸ ਦੀਆਂ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਨਵਾਂਸ਼ਹਿਰ ਕਲੱਸਟਰ ਦੇ ਕੰਮਾਂ ਲਈ ਠੇਕੇਦਾਰ ਅਜੈਪਾਲ ਨੂੰ ਲੇਬਰ ਟੈਂਡਰ 73 ਫੀਸਦੀ ਅਤੇ ਰਾਹੋਂ ਕਲਸਟਰ ਵਿੱਚ 72 ਫੀਸਦੀ ਵੱਧ ਰੇਟਾਂ 'ਤੇ ਅਲਾਟ ਕਰ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਠੇਕੇਦਾਰ ਤੇਲੂ ਰਾਮ ਅਤੇ ਯਸ਼ਪਾਲ ਨੇ ਸਾਲ 2020-21 ਦੇ ਟੈਂਡਰ ਭਰਨ ਸਮੇਂ ਅਤੇ ਠੇਕੇਦਾਰ ਅਜੈਪਾਲ ਨੇ ਸਾਲ 2020-21 ਅਤੇ 2022-23 ਦੌਰਾਨ ਮਾਲ ਦੀ ਢੋਆ-ਢੁਆਈ ਸਬੰਧੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਸਬੰਧੀ ਜੋ ਆਨਲਾਈਨ ਸੂਚੀਆਂ ਨੱਥੀ ਕੀਤੀਆਂ ਸਨ, ਉਹ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਦੁਆਰਾ ਤਸਦੀਕ ਕੀਤੀਆਂ ਗਈਆਂ ਸਨ। ਪਰ ਜਾਂਚ ਦੌਰਾਨ ਪਾਇਆ ਗਿਆ ਕਿ ਠੇਕੇਦਾਰਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸੂਚੀਆਂ ਵਿੱਚ ਵੱਡੀ ਗਿਣਤੀ ਵਿੱਚ ਸਕੂਟਰ, ਮੋਟਰਸਾਈਕਲ, ਕਾਰਾਂ, ਪਿਕਅੱਪ, ਟਰੈਕਟਰ ਟਰਾਲੇ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੈਂਕਰ ਅਤੇ ਹਾਰਵੈਸਟਰ ਆਦਿ ਵਾਹਨਾਂ ਦਾ ਜ਼ਿਕਰ ਹੈ, ਜਦੋਂ ਕਿ ਅਜਿਹੇ ਵਾਹਨਾਂ 'ਤੇ ਅਨਾਜ ਢੋਇਆ ਨਹੀਂ ਜਾ ਸਕਦਾ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਕੀਤੇ ਹੋਏ ਕੰਮ ਲਈ ਪੈਸੇ ਵੀ ਦੇ ਦਿੱਤੇ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੈਂਡਰ ਪ੍ਰਕਿਰਿਆ ਦੌਰਾਨ ਉਕਤ ਠੇਕੇਦਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਲੇਬਰ ਦੇ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਇਨ੍ਹਾਂ 'ਚੋਂ ਕਈ ਆਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ ਹਨ, ਕਈ ਆਧਾਰ ਕਾਰਡਾਂ 60 ਸਾਲ ਤੋਂ ਵਡੇਰੀ ਉਮਰ ਦੇ ਬਜ਼ੁਰਗਾਂ ਦੇ ਹਨ ਅਤੇ ਬਹੁਤ ਸਾਰੇ ਆਧਾਰ ਕਾਰਡ ਪੜ੍ਹਨਯੋਗ ਹੀ ਨਹੀਂ ਹਨ। ਤੱਥਾਂ ਅਨੁਸਾਰ ਜ਼ਿਲ੍ਹਾ ਟੈਂਡਰ ਕਮੇਟੀ ਨੂੰ ਸਬੰਧਤ ਠੇਕੇਦਾਰਾਂ ਦੀ ਇਹ ਤਕਨੀਕੀ ਬੋਲੀ ਰੱਦ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਇਸ ਤਰਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਨੇ ਆਪਸੀ ਮਿਲੀਭੁਗਤ ਨਾਲ ਲੇਬਰ ਕਾਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਹੈ। ਇਸੇ ਤਫ਼ਤੀਸ਼ ਦੇ ਆਧਾਰ 'ਤੇ ਉਕਤ ਦੋਸ਼ੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ ਅਤੇ ਯਸ਼ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀਐਫਐਸਸੀ ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦੇਹਾਂਤ ਹੋ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਨੂੰ ਭਗੌੜਾ ਐਲਾਨਣ ਲਈ ਸਮਰੱਥ ਅਦਾਲਤ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। The post ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਨਾਲ ਸਬੰਧਤ ਇੱਕ ਹੋਰ ਮੁਜ਼ਮ ਕਾਬੂ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ Sunday 22 October 2023 02:27 PM UTC+00 | Tags: batala breaking-news fatehgarh-churdiaan news punjabi-news punjab-police the-unmute-breaking-news ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਠੇਠਰਕੇ ਦੇ ਅਨਮੋਲ ਸਿੰਘ, ਬਟਾਲਾ ਦੇ ਪਿੰਡ ਗੁਰਚੱਕ ਦੇ ਕਰਨਦੀਪ ਮਸੀਹ ਅਤੇ ਬਟਾਲਾ ਦੇ ਸ਼ਾਹਪੁਰ ਜਾਜਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ ‘ਚੋਂ 15 ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਕੁੱਲ 11 ਪਿਸਤੌਲਾਂ, ਜਿਹਨਾਂ ਵਿੱਚ .32 ਬੋਰ ਦੀਆਂ 6 ਪਿਸਤੌਲਾਂ ਤੇ .30 ਬੋਰ ਦੀਆਂ ਪੰਜ ਪਿਸਤੌਲਾਂ ਸ਼ਾਮਲ ਹਨ, 2 ਲੱਖ ਰੁਪਏ ਨਕਦੀ ਅਤੇ ਇੱਕ ਸਪਲੈਂਡਰ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.18 ਪੀ 5023 ਹੈ, ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਮੱਧ ਪ੍ਰਦੇਸ਼ ਤੋਂ ਹਥਿਆਰ ਅਤੇ ਗੋਲਾ ਬਾਰੂਦ ਖਰੀਦਣ ਲਈ ਅਮਰੀਕਾ ਅਧਾਰਤ ਉਹਨਾਂ ਦੇ ਸਾਥੀਆਂ ਤੋਂ ‘ਹਵਾਲਾ’ ਰਾਹੀਂ ਪੈਸੇ ਭੇਜੇ ਜਾ ਰਹੇ ਸਨ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਅਧਾਰਤ ਸਾਥੀਆਂ ਦੀ ਪਛਾਣ ਬਟਾਲਾ ਦੇ ਪਿੰਡ ਗੁਰਚੱਕ ਦੇ ਵਸਨੀਕ ਕਿਰਨਦੀਪ ਸਿੰਘ ਰੰਧਾਵਾ ਅਤੇ ਤਰਨਤਾਰਨ ਦੇ ਨੌਰੰਗਾਬਾਦ ਦੇ ਮੂਲ ਨਿਵਾਸੀ ਜਰਮਜੀਤ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115, 120 ਅਤੇ 120-ਬੀ ਅਤੇ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ 3 ਅਤੇ 4 ਤਹਿਤ ਐਫ.ਆਈ.ਆਰ. ਨੰਬਰ 43 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ। The post ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਕ 'ਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿੱਤਾ ਸੱਦਾ Sunday 22 October 2023 02:36 PM UTC+00 | Tags: chief-minister-bhagwant-mann latest-news news punjab-police the-unmute-breaking-news the-unmute-latest-update trade ਚੰਡੀਗੜ੍ਹ, 22 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ ਵਕਾਲਤ ਕੀਤੀ। ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਰਾਜਾਂ ਦੇ ਚੇਅਰਮੈਨਾਂ ਅਤੇ ਮੰਡੀ ਬੋਰਡਾਂ ਦੇ ਪ੍ਰਬੰਧ ਨਿਰਦੇਸ਼ਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਸਤਾਂ ਦੀ ਖਰੀਦੋ-ਫਰੋਖਤ ਲਈ ਸਾਂਝਾ ਪਲੇਟਫਾਰਮ ਤਿਆਰ ਕਰਨ ਲਈ ਸਾਰੇ ਸੂਬਿਆਂ ਨੂੰ ਹੱਥ ਮਿਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਉਤਪਾਦਾਂ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਮਾਜ ਦੇ ਹਰ ਵਰਗ ਨੂੰ ਇਸ ਕਵਾਇਦ ਤੋਂ ਲਾਭ ਮਿਲੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਮੁੱਚਾ ਵਿਸ਼ਵ ਇਕ ਮੰਡੀ ਵਜੋਂ ਉਭਰਿਆ ਹੈ ਤਾਂ ਪੈਦਾਵਾਰ ਅਤੇ ਮੰਡੀਕਰਨ ਸਬੰਧੀ ਸੂਬਿਆਂ ਵਿਚਕਾਰ ਬੇਲੋੜੇ ਬੰਧੇਜਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਫਾਰਮ ਟੂ ਫੋਰਕ’ (ਖੇਤ ਤੋਂ ਸਿੱਧਾ ਖਪਤਕਾਰ) ਸੰਕਲਪ ਨੂੰ ਅਪਨਾਉਣ ਅਤੇ ਸਾਰੇ ਸੂਬਿਆਂ ਵਿੱਚ ਮਾਲ ਦੀ ਉਪਲਬਧਤਾ ਨਾਲ ਖਪਤਕਾਰਾਂ ਤੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦਾ ਮੁਨਾਫ਼ਾ ਯਕੀਨੀ ਬਣਾਉਣ ਲਈ ਇਹ ਪਹੁੰਚ ਅਪਣਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਘੱਟ ਮੁਨਾਫ਼ੇ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਉਤਪਾਦ ਦੇ ਮੰਡੀਕਰਨ ਲਈ ਸਾਂਝੇ ਪਲੇਟਫਾਰਮ ਦਾ ਵਿਚਾਰ ਵਿਕਸਤ ਹੁੰਦਾ ਹੈ ਤਾਂ ਇਸ ਨਾਲ ਕਿਸਾਨਾਂ ਨੂੰ ਵੱਡੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਦੌਰੇ ‘ਤੇ ਆਏ ਵਫ਼ਦਾਂ ਨੂੰ ਸੂਬੇ ਵੱਲੋਂ ਲੋਕ ਭਲਾਈ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦੀ ਸਫ਼ਲਤਾਪੂਰਵਕ ਵਰਤੋਂ ਬਾਰੇ ਵੀ ਦੱਸਿਆ। ਹਾਲਾਂਕਿ ਉਨ੍ਹਾਂ ਨੇ ਅਫਸੋਸ ਜਤਾਇਆ ਕਿ ਸੂਬੇ ਦੇ ਆਰ.ਡੀ.ਐਫ. ਦੀ 5637.4 ਕਰੋੜ ਰੁਪਏ ਦੀ ਵੱਡੀ ਰਕਮ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਯਤਨਾਂ ਦੇ ਬਾਵਜੂਦ ਕੇਂਦਰ ਸਰਕਾਰ ਇਹ ਫੰਡ ਜਾਰੀ ਨਹੀਂ ਕਰ ਰਹੀ, ਜੋ ਪੰਜਾਬ ਨਾਲ ਸਰਾਸਰ ਬੇਇਨਸਾਫ਼ੀ ਹੈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਗੋਆ ਮੰਡੀ ਬੋਰਡ ਦੇ ਚੇਅਰਮੈਨ ਪ੍ਰਕਾਸ਼ ਚੰਦਰ ਵੇਲਿਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿਤਿਆ ਦੇਵੀ ਲਾਲ ਚੌਟਾਲਾ, ਉੱਤਰਾਖੰਡ ਮੰਡੀ ਬੋਰਡ ਦੇ ਐਮ.ਡੀ. ਅਸ਼ੀਸ਼ ਅਤੇ ਹੋਰ ਵੀ ਹਾਜ਼ਰ ਸਨ | The post ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਕ ‘ਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿੱਤਾ ਸੱਦਾ appeared first on TheUnmute.com - Punjabi News. Tags:
|
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ 'ਚ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ, ਬਜ਼ਾਰਾਂ 'ਤੇ ਤਲਾਸ਼ੀ ਅਭਿਆਨ Sunday 22 October 2023 02:41 PM UTC+00 | Tags: breaking-news festival latest-news news punjab-police railway the-unmute-breaking-news the-unmute-punjabi-news ਚੰਡੀਗੜ੍ਹ, 22 ਅਕਤੂਬਰ 2023: ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ (PUNJAB POLICE) ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ ਗਿਆ। ਇਹ ਅਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ , ਇਹ ਸੀ.ਏ.ਐਸ.ਓ., ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕੋ ਸਮੇਂ ਦੌਰਾਨ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡੌਗਜ਼ ( ਸੁੰਘਣ ਵਾਲੇ ਕੁੱਤਿਆਂ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਂਦੇ-ਜਾਂਦੇ ਲੋਕਾਂ ਦੀ ਤਲਾਸ਼ੀ ਕੀਤੀ । ਇਸ ਤੋਂ ਬਾਅਦ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਪੁਲਿਸ ਟੀਮਾਂ ਨੇ ਦੋ-ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ 'ਤੇ ਇਸ ਰਾਜ ਪੱਧਰੀ ਅਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਡੀਐਸਪੀ/ਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਅਪ੍ਰੇਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ । ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ (PUNJAB POLICE) ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਅਭਿਆਨ ਦੌਰਾਨ ਹਰੇਕ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਉਣ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਸੂਬੇ ਭਰ ਵਿੱਚ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 506 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 130 ਤੋਂ ਵੱਧ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ 'ਤੇ ਚਲਾਏ ਗਏ ਆਪਰੇਸ਼ਨ ਦੌਰਾਨ 5584 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ। ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 8 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ, ਜਦੋਂ ਕਿ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਅਪਰੇਸ਼ਨ ਦੌਰਾਨ ਘੱਟੋ-ਘੱਟ 10898 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿਚੋਂ 42 ਨੂੰ ਜ਼ਬਤ ਕੀਤਾ ਗਿਆ ਅਤੇ 699 ਦੇ ਚਲਾਨ ਕੀਤੇ ਗਏ । The post ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ 'ਚ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ, ਬਜ਼ਾਰਾਂ 'ਤੇ ਤਲਾਸ਼ੀ ਅਭਿਆਨ appeared first on TheUnmute.com - Punjabi News. Tags:
|
ਜੇਲ੍ਹ ਵਿਭਾਗ ਵੱਲੋਂ ਅੱਤਵਾਦ ਸਮੇਂ ਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ Sunday 22 October 2023 02:46 PM UTC+00 | Tags: breaking-news department jail-department punjab-parison terrorism ਪਟਿਆਲਾ, 22 ਅਕਤੂਬਰ 2023: ਪੰਜਾਬ ਜੇਲ੍ਹ ਵਿਭਾਗ ਵੱਲੋਂ ਅੱਤਵਾਦ ਸਮੇਂ ਅਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇ ਫੁੱਲ ਅਰਪਿਤ ਕੀਤੇ ਗਏੇ। ਇਸ ਸ਼ਰਧਾਂਜਲੀ ਸਮਾਰੋਹ ਵਿੱਚ ਏ.ਡੀ.ਜੀ.ਪੀ. (ਜੇਲ੍ਹਾਂ) ਅਰੁਨ ਪਾਲ ਸਿੰਘ, ਇੰਸਪੈਕਟਰ ਜਨਰਲ (ਜੇਲ੍ਹਾਂ), ਆਰ.ਕੇ. ਅਰੋੜਾ ਅਤੇ ਡੀ.ਆਈ.ਜੀ. (ਜੇਲ੍ਹਾਂ) ਸੁਰਿੰਦਰ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹਰ ਸੰਭਵ ਕੋਸ਼ਿਸ਼ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਜੇਲ੍ਹ ਟ੍ਰੇਨਿੰਗ ਸਕੂਲ ਦੇ ਸਟਾਫ ਅਤੇ ਟ੍ਰੇਨੀਜ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਹੋਏ ਇਸ ਸੂਬਾ ਪੱਧਰੀ ਸਮਾਗਮ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਏ.ਡੀ.ਜੀ.ਪੀ. (ਜੇਲ੍ਹਾਂ) ਅਰੁਨ ਪਾਲ ਸਿੰਘ ਨੇ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੋ ਹੈ ਕਿ ਹਰ ਇਕ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਅਤੇ ਨਿਰਭੈ ਹੋ ਕੇ ਨਿਭਾਵੇ। ਉਨ੍ਹਾਂ ਕਿਹਾ ਕਿ ਇਕ ਜੇਲ੍ਹ ਅਫਸਰ ਲਈ ਦੇਸ਼ ਸਭ ਤੋਂ ਪਹਿਲਾਂ, ਫਿਰ ਜੇਲ੍ਹ ਵਿਭਾਗ ਦੇ ਸਾਥੀ, ਉਸ ਤੋਂ ਬਾਅਦ ਬੰਦੀਆਂ ਦੀ ਸੁਰੱਖਿਆ ਅਤੇ ਸੁਧਾਰ ਅਤੇ ਅੰਤ ਵਿੱਚ ਉਹ ਖੁੱਦ ਆਉਂਦੇ ਹਨ। ਇਸ ਮੌਕੇ ੳਨ੍ਹਾਂ ਨੇ ਜੇਲ੍ਹ ਵਿਭਾਗ ਵਿੱਚ ਨਵੇਂ ਭਰਤੀ ਹੋਏ ਵਾਰਡਰਜ ਅਤੇ ਮੇਟਰਨਜ ਨੂੰ ਆਪਣੀ ਟ੍ਰੇਨਿੰਗ ਪੂਰੀ ਤਨਦੇਹੀ ਨਾਲ ਕਰਨ ਬਾਰੇ ਕਿਹਾ ਅਤੇ ਆਪਣੀ ਨੌਕਰੀ ਸ਼ਾਨ ਅਤੇ ਬੇਦਾਗ ਤਰੀਕੇ ਨਾਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਰਵਿੰਦਰ ਸਿੰਘ ਤੇ ਵਾਇਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਪਰੋਕਤ ਤੋਂ ਇਲਾਵਾ ਵੱਖ-ਵੱਖ ਜੇਲ੍ਹਾਂ ਦੇ ਸੀਨੀਅਰ ਸੁਪਰਡੈਂਟਜ ਵੀ ਹਾਜਰ ਰਹੇ। The post ਜੇਲ੍ਹ ਵਿਭਾਗ ਵੱਲੋਂ ਅੱਤਵਾਦ ਸਮੇਂ ਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest