TheUnmute.com – Punjabi News: Digest for December 11, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ

Sunday 10 December 2023 03:20 PM UTC+00 | Tags: animal-husbandry-department disease fmd large-scale-vaccination-campaign mouth-disease news protect-animals punjab-government

ਚੰਡੀਗੜ੍ਹ, 10 ਦਸੰਬਰ 2023: ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ (Animal Husbandry Department) ਵੱਲੋਂ ਵੱਡੇ ਪੱਧਰ ‘ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ ‘ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ।

ਸੂਬੇ ਦੇ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਐਫ.ਐਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।

The post ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ appeared first on TheUnmute.com - Punjabi News.

Tags:
  • animal-husbandry-department
  • disease
  • fmd
  • large-scale-vaccination-campaign
  • mouth-disease
  • news
  • protect-animals
  • punjab-government

ਚੰਡੀਗੜ੍ਹ, 10 ਦਸੰਬਰ 2023: ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਸਮੁੱਚੀ ਊਰਜਾ ਕੁਸ਼ਲਤਾ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਇੱਥੇ ਪੇਡਾ ਆਡੀਟੋਰੀਅਮ ਵਿਖੇ “ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ” ਬਾਰੇ ਇੱਕ ਤਕਨੀਕੀ ਵਰਕਸ਼ਾਪ ਕਰਵਾਈ ਗਈ।

ਇਹ ਵਰਕਸ਼ਾਪ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.), ਬਿਜਲੀ ਮੰਤਰਾਲੇ, ਭਾਰਤ ਸਰਕਾਰ ਦੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ ਪੰਜਾਬ ਦੇ ਭਾਈਵਾਲ ਵਿਭਾਗਾਂ ਜਿਵੇਂ ਯੂ.ਐਲ.ਬੀਜ਼, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਵਿਕਾਸ ਅਥਾਰਟੀਆਂ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਮੰਡੀ ਬੋਰਡ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਪੀ.ਐਸ.ਪੀ.ਸੀ.ਐਲ. ਦੇ ਸਹਿਯੋਗ ਨਾਲ ਕਰਵਾਈ ਗਈ।

ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਸੂਬੇ ਵਿੱਚ ਇਮਾਰਤਾਂ, ਉਦਯੋਗਾਂ ਅਤੇ ਨਗਰ ਪਾਲਿਕਾਵਾਂ ਵਿੱਚ ਊਰਜਾ ਕੁਸ਼ਲਤਾ ਦੀ ਮਹੱਤਤਾ ਅਤੇ ਨਵੀਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ (ਐਮ.ਯੂ.ਡੀ.ਐਸ.ਐਮ.) ਇੱਕ ਅਜਿਹਾ ਪ੍ਰੋਗਰਾਮ ਹੈ ਜਿਸਦਾ ਉਦੇਸ਼ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੀ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣਾ ਹੈ। ਯੂ.ਐਲ.ਬੀਜ਼ ਵਿੱਚ ਊਰਜਾ ਕੁਸ਼ਲਤਾ ਸਬੰਧੀ ਸਟ੍ਰੀਟ ਲਾਈਟਾਂ, ਇਮਾਰਤਾਂ ਅਤੇ ਪਾਣੀ ਵਾਲੇ ਪੰਪਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਐਮ.ਯੂ.ਡੀ.ਐਸ.ਐਮ. ਨੂੰ ਉਪਯੋਗਤਾ ਗਤੀਵਿਧੀਆਂ (ਉਪਭੋਗਤਾ ਮੀਟਰ ਤੋਂ ਪਰੇ) ਦੀ ਯੋਜਨਾਬੰਦੀ, ਲਾਗੂ ਕਰਨ ਅਤੇ ਨਿਗਰਾਨੀ ਵਜੋਂ ਦਰਸਾਇਆ ਗਿਆ ਹੈ, ਜੋ ਕਿ ਉਪਯੋਗਤਾਵਾਂ ਨੂੰ ਬਿਜਲੀ ਦੀ ਮੰਗ ਦੇ ਸਮੇਂ ਅਤੇ ਪੱਧਰ ਦੇ ਸਬੰਧ ਵਿੱਚ, ਉਹਨਾਂ ਦੇ ਬਿਜਲੀ ਖਪਤ ਦੇ ਪੈਟਰਨਾਂ ਵਿੱਚ ਸੋਧ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਬਿਜਲੀ ਦੀ ਹੋਰ ਕੁਸ਼ਲਤਾ ਨਾਲ ਵਰਤੋਂ ਕਰਨ ਵਿੱਚ ਉਪਯੋਗਤਾਵਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਊਰਜਾ ਦਾ ਸਿੱਧਾ ਪ੍ਰਭਾਵ ਵਸਨੀਕਾਂ ਦੇ ਰਹਿਣ-ਸਹਿਣ ‘ਤੇ ਪੈਂਦਾ ਹੈ ਅਤੇ ਇਸ ਦੀ ਮਦਦ ਨਾਲ ਹੋਈ ਊਰਜਾ ਬੱਚਤ ਨੂੰ ਹੋਰ ਉਦੇਸ਼ਾਂ ਲਈ ਵਰਤਿਆ ਜਾ ਸਕਦਾ ਹੈ।

ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਸੂਬੇ ਵਿੱਚ ਟੀ ਐਂਡ ਡੀ ਘਾਟੇ ਨੂੰ 14 ਫ਼ੀਸਦ ਤੋਂ ਘਟਾ ਕੇ 12.05 ਫ਼ੀਸਦ ਕਰਨ ਲਈ ਦੇਸ਼ ਵਿੱਚ ਉਤਮ ਕਾਰਗੁਜ਼ਾਰੀ ਵਾਲੇ ਐਮ.ਯੂ.ਡੀ.ਐਸ.ਐਮ. ਦੇ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਸੂਬੇ ਵਿੱਚ ਸਾਫ਼ ਅਤੇ ਘੱਟ-ਕਾਰਬਨ ਵਾਲੀ ਊਰਜਾ ਦੀ ਵਰਤੋਂ ਨੂੰ ਵਧਾਉਣ ਲਈ ਪੇਡਾ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਣਨੀਤੀਆਂ ਬਾਰੇ ਵੀ ਚਰਚਾ ਕੀਤੀ। ਸਰਕਾਰ ਵੱਲੋਂ ਐਮ.ਯੂ.ਡੀ.ਐਸ.ਐਮ. ਨੂੰ ਲਾਗੂ ਕਰਨ ਲਈ ਢੁਕਵੇਂ ਸੰਸਥਾਗਤ ਅਤੇ ਰੈਗੂਲੇਟਰੀ ਢਾਂਚੇ ਲਈ ਲਗਾਤਾਰ ਵੱਖ-ਵੱਖ ਨੀਤੀਆਂ ਅਤੇ ਪ੍ਰੋਗਰਾਮ ਲਿਆਂਦੇ ਜਾ ਰਹੇ ਹਨ।

ਵਰਕਸ਼ਾਪ ਦੌਰਾਨ ਰਿਵਾਇਤੀ ਊਰਜਾ ਤੋਂ ਪਰਿਵਰਤਨ ਨੂੰ ਅਪਣਾਉਣ ਅਤੇ ਸੂਬੇ ਵਿੱਚ ਕਾਰਬਨ ਦੇ ਨਿਕਾਸ ਨੂੰ ਘੱਟ ਕਰਨ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਤਕਨੀਕੀ ਵਰਕਸ਼ਾਪ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਟਾਊਨ ਪਲਾਨਰ ਮਾਨਵ ਜੈਨ ਅਤੇ ਚੰਡੀਗੜ੍ਹ ਚੈਪਟਰ ਦੇ ਸਾਬਕਾ ਆਈ.ਜੀ.ਬੀ.ਸੀ. ਚੇਅਰਮੈਨ ਜੀਤ ਕੁਮਾਰ ਗੁਪਤਾ ਅਤੇ ਹੋਰ ਭਾਈਵਾਲ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।

The post ਪੇਡਾ ਨੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ “ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ” ਬਾਰੇ ਤਕਨੀਕੀ ਵਰਕਸ਼ਾਪ ਕਰਵਾਈ appeared first on TheUnmute.com - Punjabi News.

Tags:
  • breaking-news
  • news
  • peda
  • technical-workshop
  • urban-local-bodies

ਹੁਣ ਪੰਜਾਬ 'ਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ: ਅਰਵਿੰਦ ਕੇਜਰੀਵਾਲ

Sunday 10 December 2023 03:33 PM UTC+00 | Tags: aam-aadmi-party arvind-kejriwal breaking-news cm-bhagwant-mann latest-news news punjab punjab-government punjabi-news

ਲੁਧਿਆਣਾ, 10 ਦਸੰਬਰ 2023: ਪੰਜਾਬ (Punjab) ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਕ੍ਰਾਂਤੀਕਾਰੀ ਸਕੀਮ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਦਾ ਆਗਾਜ਼ ਕੀਤਾ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ।

ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਕਿਉਂਕਿ ਈਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ 'ਦਿੱਲੀ ਮਾਡਲ' ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਆਰੰਭ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ, "ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ (Punjab) ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ। ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨ੍ਹਿਆ ਸੀ।"

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਮੁੱਖ ਮੰਤਰੀਆਂ ਦੇ ਉਲਟ ਉਹ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲੰਘੇ ਵੀਰਵਾਰ ਉਨ੍ਹਾਂ ਨੇ ਬੱਸੀ ਪਠਾਣਾਂ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਂਝ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਉਪਰੰਤ ਲੋਕਾਂ ਦੇ ਮਾਮੂਲੀ ਮਸਲੇ ਜੋ ਲੰਮੇ ਸਮੇਂ ਤੋਂ ਲਟਕ ਰਹੇ ਸਨ, ਨੂੰ ਮਿੰਟਾਂ ਵਿੱਚ ਹੱਲ ਕਰ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਜ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ, "ਲੋਕਾਂ ਦੇ ਰੋਜ਼ਮੱਰਾ ਦੇ ਕੰਮਕਾਜ ਕਰਵਾਉਣ ਲਈ ਮੈਂ ਅਤੇ ਮੇਰੀ ਪਾਰਟੀ ਦੇ ਬਾਕੀ 91 ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਕਿ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਾਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਨਗੇ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹੋਵੇਗੀ।" ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਆਦਮੀ ਨੂੰ ਲਾਭ ਦੇਣ ਦੀ ਬਜਾਏ ਲੋਕਾਂ ਦੀ ਲੁੱਟ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਹੋਣਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਪੰਜਾਬ (Punjab) ਵਿੱਚ ਸਿਰਫ਼ ਦੋ ਜਾਂ ਤਿੰਨ ਪਰਿਵਾਰਾਂ ਨੇ ਹੀ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਸੂਬੇ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਆਪਣੀ ਮਰਜ਼ੀ ਨਾਲ ਰਾਜ ਚਲਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਲੋਕਾਂ ਵੱਲੋਂ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਇਮਾਨਦਾਰ ਸਰਕਾਰ ਨੇ ਸੱਤੀ ਸੰਭਾਲੀ ਤਾਂ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ।

ਪੰਜਾਬ ਨੂੰ ਸਾਰੀਆਂ ਸਮਾਜਿਕ ਅਲਾਮਤਾਂ ਦਾ ਸਫਾਇਆ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰੇਕ ਖੇਤਰ ਵਿੱਚ ਜਿੱਤ ਪ੍ਰਾਪਤ ਕਰਨ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ 38000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਸਿਰਫ ਯੋਗ ਨੌਜਵਾਨ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਨਅਤੀ ਖੇਤਰ ਵਿੱਚ ਕ੍ਰਾਂਤੀ ਆਈ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 58000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਨਿੱਜੀ ਖੇਤਰ ਵਿੱਚ 2.98 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ 'ਰੰਗਲਾ ਪੰਜਾਬ' ਬਣਾਉਣ ਲਈ ਇਹ ਇਕ ਅਹਿਮ ਕਦਮ ਹੈ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਨਾਲ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਕਰਕੇ ਕੁਰਬਾਨ ਨਹੀਂ ਕੀਤੀਆਂ ਸਨ ਕਿ ਆਜ਼ਾਦੀ ਤੋਂ ਬਾਅਦ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫ਼ਨਾ ਦੇਖਿਆ ਸੀ ਜਿੱਥੇ ਲੋਕ ਆਜ਼ਾਦ ਭਾਰਤ ਵਿੱਚ ਮਿਆਰੀ ਸਿਹਤ, ਸਿੱਖਿਆ, ਮਜ਼ਬੂਤ ਸੜਕੀ ਨੈੱਟਵਰਕ, ਬਿਜਲੀ, ਪਾਣੀ ਅਤੇ ਹੋਰ ਸੇਵਾਵਾਂ ਪ੍ਰਾਪਤ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫ਼ਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਸ਼ੁਰੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਸਕੀਮ ਆਜ਼ਾਦੀ ਤੋਂ ਤੁਰੰਤ ਬਾਅਦ ਸ਼ੁਰੂ ਹੋਣੀ ਚਾਹੀਦੀ ਸੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਸੂਬਾ ਸਰਕਾਰ ਦੀਆਂ ਲਗਭਗ 99 ਫੀਸਦੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਹਾਸਲ ਹੋਣਗੀਆਂ ਅਤੇ ਹੁਣ ਲੋਕਾਂ ਨੂੰ ਆਪਣੇ ਦਫ਼ਤਰੀ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ ‘ਤੇ ਪ੍ਰਾਪਤ ਹੋਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇਕ ਇਨਕਲਾਬੀ ਕਦਮ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਦੀ ਸਹੂਲਤ ਲਈ ਸਾਲ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ ਪਰ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕਿਸੇ ਵੀ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਹੈ ਕਿਉਂਕਿ ਬਾਕੀ ਸੂਬਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਆਮ ਆਦਮੀ ਪਾਸੋਂ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਦਲਾਲ ਵੱਲੋਂ ਲੁੱਟਿਆ ਜਾਂਦਾ ਪੈਸਾ ਉਥੋਂ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਤੱਕ ਪਹੁੰਚ ਜਾਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕੋਈ ਵੀ ਸਰਕਾਰ ਅਜਿਹਾ ਨਹੀਂ ਕਰੇਗੀ ਕਿਉਂਕਿ ਪੰਜਾਬ ਕੋਲ ਇਮਾਨਦਾਰ ਸਰਕਾਰ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ 'ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ' ਸ਼ੁਰੂ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਸੂਝ-ਬੂਝ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਨਾਲ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਹਥੌੜੇ ਵਾਂਗ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਦਾ ਦਿਨ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਹੁਣ ਅੱਜ ਦੇ ਦਿਨ ਨੂੰ ਪੰਜਾਬ ਵਿੱਚੋਂ 'ਭ੍ਰਿਸ਼ਟਾਚਾਰ ਤੋਂ ਆਜ਼ਾਦੀ' ਦੇ ਦਿਹਾੜੇ ਵਜੋਂ ਯਾਦ ਕੀਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ 4000 ਤੋਂ ਵੱਧ ਨਵੀਆਂ ਨੌਕਰੀਆਂ ਪੈਦਾ ਕਰੇਗੀ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਵਿਕਾਸ ਮੁਖੀ ਅਤੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਇੱਕ-ਇੱਕ ਗਾਰੰਟੀ ਨੂੰ ਹਰ ਤਰ੍ਹਾਂ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।

The post ਹੁਣ ਪੰਜਾਬ ‘ਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ: ਅਰਵਿੰਦ ਕੇਜਰੀਵਾਲ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cm-bhagwant-mann
  • latest-news
  • news
  • punjab
  • punjab-government
  • punjabi-news

ਲੁਧਿਆਣਾ, 10 ਦਸੰਬਰ 2023: ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ।

ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ ਦਰ 'ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ ‘ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ।

ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।

The post ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ‘ਤੇ ਪ੍ਰਦਾਨ ਕਰਨ ਨਾਲ ਸੂਬੇ ‘ਚ ਨਵੇਂ ਯੁੱਗ ਦੀ ਸ਼ੁਰੂਆਤ appeared first on TheUnmute.com - Punjabi News.

Tags:
  • 43
  • bhagwant-maan-sarkar-duhade-duar
  • breaking-news
  • citizen-centric
  • news

ਲੁਧਿਆਣਾ 10 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਫੈਸਲੇ ਦੀ ਪੰਜਾਬੀਆਂ ਨੇ ਭਰਪੂਰ ਸ਼ਲਾਘਾ ਕੀਤੀ ਹੈ। ਐਤਵਾਰ ਨੂੰ ਲੁਧਿਆਣਾ ਵਿੱਚ 43 ਸਰਕਾਰੀ ਸੇਵਾਵਾਂ ਘਰ ਬੈਠੇ ਪ੍ਰਦਾਨ ਕਰਨ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਆਏ ਲੋਕਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੇ ਇਤਿਹਾਸ ਵਿੱਚ ਸਫਲਤਾ ਦਾ ਇੱਕ ਨਵਾਂ ਅਧਿਆਏ ਲਿਖੇਗਾ।

ਸ਼ਾਹਕੋਟ ਤੋਂ ਆਏ ਚਮਕੌਰ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਖਤਮ ਹੋ ਜਾਣਗੀਆਂ ਕਿਉਂਕਿ ਹੁਣ ਲੋਕ ਆਪਣੇ ਘਰ ਬੈਠੇ ਹੀ ਸਾਰੇ ਕੰਮ ਕਰਵਾ ਸਕਣਗੇ।

ਮੋਗਾ ਦੇ ਵਸਨੀਕ ਅਮਰੀਕ ਸਿੰਘ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਫੈਸਲਾ ਹੈ ਕਿਉਂਕਿ ਹੁਣ ਲੋਕ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਗੇ ਸਗੋਂ ਸਰਕਾਰ ਉਨ੍ਹਾਂ ਦੇ ਘਰ ਆ ਕੇ ਸੇਵਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਆਪਣੀ ਸਹੂਲਤ ਅਨੁਸਾਰ ਸਮਾਂ ਨਿਸ਼ਚਿਤ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ।

ਬੰਗਾ ਦੇ ਵਸਨੀਕ ਰਾਜਪਾਲ ਸਿੰਘ ਨੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਖ਼ਤਮ ਹੋਣਗੀਆਂ, ਉੱਥੇ ਹੀ ਇਸ ਨਾਲ ਭ੍ਰਿਸ਼ਟਾਚਾਰ ਨੂੰ ਵੀ ਠੱਲ੍ਹ ਪਵੇਗੀ ਅਤੇ ਇਸ ਉਪਰਾਲੇ ਦੇ ਸਾਰਥਿਕ ਸਿੱਟੇ ਨਿਕਲਣਗੇ।

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਸਨੀਕ ਬਲਵਿੰਦਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਰਹੀ ਹੈ ਤਾਂ ਜੋ ਉਹ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ।

ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਦੇ ਹੈਬੋਵਾਲ ਖੇਤਰ ਤੋਂ ਆਏ ਅਮ੍ਰਿਤ ਨੇ ਕਿਹਾ ਕਿ ਇਹ ਕਦਮ ਪ੍ਰਸ਼ਾਸਕੀ ਸੁਧਾਰਾਂ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਲਿਆਵੇਗਾ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

ਲੁਧਿਆਣਾ ਦੇ ਮਿਲਰ ਗੰਜ ਦੇ ਵਸਨੀਕ ਵਿਜੈ ਕੁਮਾਰ ਨੇ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਲੋਕ ਸਿਰਫ਼ ਇੱਕ ਫ਼ੋਨ ਨੰਬਰ ਡਾਇਲ ਕਰਕੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰੀ ਸੇਵਾਵਾਂ ਲਈ ਆਪਣੇ ਘਰ ਬੁਲਾ ਸਕਣਗੇ ਅਤੇ ਇੱਥੇ ਹੀ ਬੱਸ ਨਹੀਂ ਸਗੋਂ ਇਸ ਪ੍ਰਕਿਰਿਆ ਤੋਂ ਬਾਅਦ ਦਸਤਾਵੇਜ਼ ਉਨ੍ਹਾਂ ਦੇ ਘਰ ਵੀ ਪਹੁੰਚਾਏ ਜਾਣਗੇ।

ਗੋਰਾਇਆ ਤੋਂ ਸਮਾਗਮ ਵਿੱਚ ਪਹੁੰਚੇ ਅਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਇਸ ਤਰ੍ਹਾਂ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਇਆ ਜਾ ਸਕਦਾ ਹੈ। ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਅਜਿਹਾ ਦੂਰਅੰਦੇਸ਼ੀ ਫੈਸਲਾ ਲਿਆ।

ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਖੰਨਾ ਤੋਂ ਆਏ ਨੇਮਚੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲਗਾਤਾਰ ਇਤਿਹਾਸਕ ਫੈਸਲੇ ਲਏ ਹਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਇਨਕਲਾਬੀ ਕਦਮ ਸਿੱਧ ਹੋਵੇਗਾ।

ਲੁਧਿਆਣਾ ਦੇ ਮਾਡਲ ਟਾਊਨ ਦੇ ਰਹਿਣ ਵਾਲੇ ਗੁਰਕਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਪਹਿਲਾਂ ਹੀ ਇਕ ਤੋਂ ਬਾਅਦ ਇਕ ਵੱਡੇ ਕਦਮ ਚੁੱਕ ਰਹੀ ਹੈ, ਪਰ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਵੱਡੀ ਤਬਦੀਲੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋਕਾਂ ਕੋਲ ਸਮਾਂ ਹੋਵੇਗਾ ਤਾਂ ਉਹ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰੀ ਸੇਵਾਵਾਂ ਲਈ ਆਪਣੇ ਘਰ ਬੁਲਾ ਲੈਣਗੇ।

ਰਾਏਕੋਟ ਤੋਂ ਆਏ ਨਾਜਮ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਇਸ ਨਿਵੇਕਲੇ ਉਪਰਾਲੇ ਦਾ ਭਰਪੂਰ ਲਾਭ ਮਿਲੇਗਾ ਕਿਉਂਕਿ ਉਹ ਸਿਰਫ਼ ਇੱਕ ਫ਼ੋਨ ਨੰਬਰ ਡਾਇਲ ਕਰਕੇ ਹੀ ਘਰ ਬੈਠੇ ਨਾਗਰਿਕ ਸੇਵਾਵਾਂ ਪ੍ਰਾਪਤ ਕਰ ਸਕਣਗੇ ਅਤੇ ਇਸ ਲਈ ਉਨ੍ਹਾਂ ਨੂੰ ਕਿਤੇ ਵੀ ਜਾਣ ਦੀ ਲੋੜ ਨਹੀਂ ਪਵੇਗੀ।

The post ਪੰਜਾਬੀਆਂ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਿਲੱਖਣ ਪਹਿਲਕਦਮੀ ਦੀ ਭਰਵੀਂ ਸ਼ਲਾਘਾ appeared first on TheUnmute.com - Punjabi News.

Tags:
  • breaking-news
  • news
  • punjab
  • punjabis-hail

ਚੰਡੀਗੜ੍ਹ, 10 ਦਸੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾ ਦੇ ਸੰਸਥਾਪਕ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਵੱਲੋਂ ਧਾਰਮਿਕ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੇ ਉਪਰਾਲੇ ਜ਼ਿਲ੍ਹਾ ਫਰੀਦਕੋਟ ਲਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦਾ ਨਾਮ ਫਰੀਦਕੋਟ ਵਾਸੀਆਂ ਦੇ ਦਿਲਾਂ 'ਚ ਸਦੀਵੀ ਤੌਰ 'ਤੇ ਵਸਿਆ ਰਹੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

The post ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇੰਦਰਜੀਤ ਸਿੰਘ ਖ਼ਾਲਸਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • breaking-news
  • inderjit-singh-khalsa
  • kultar-singh-sandhawan
  • kultar-singh-sandhwan
  • punjab-vidhan-sabha
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form