TheUnmute.com – Punjabi News: Digest for February 12, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 11 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ (Anganwadi Centers) ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਣਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ मी।

ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਣਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਣਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।ਮਿੰਨੀ ਤੋ ਮੇਨ ਆਂਗਣਵਾੜੀ ਸੈਟਰ (Anganwadi Centers) ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਣਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਣਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿੱਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਣਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।

The post ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ‘ਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • anganwadi
  • anganwadi-centers
  • anganwadi-centres
  • breaking-news
  • dr-baljit-kaur
  • punjab-anganwadi-centers
  • punjab-government

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2024: ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਅਗਲੇ ਦੋ ਦਿਨ ਕਰਨਗੇ। ਮਿਤੀ 12 ਤੇ 13 ਫਰਵਰੀ ਨੂੰ ਦੋ ਦਿਨ ਇਹ ਝਾਕੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਜੇ ਇਹ ਝਾਂਕੀਆਂ ਬਠਿੰਡਾ ਜ਼ਿਲ੍ਹੇ ਤੋਂ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵੱਚ ਪਹੁੰਚੀਆਂ ਹਨ। ਇਹ ਝਾਕੀਆਂ ਸ੍ਰੀ ਮੁਕਤਸਰ ਸਾਹਿਬ ਵਿੱਚ ਰਹਿਣਗੀਆਂ ਅਤੇ ਲੋਕ ਇਹਨਾਂ ਨੂੰ ਵੇਖ ਸਕਣਗੇ ।

ਇਸ ਤੋਂ ਬਾਅਦ ਇਹ ਝਾਂਕੀਆਂ ਜਿਹੜਾ ਫਾਜ਼ਿਲਕਾ ਵਿੱਚ ਜਾਣਗੀਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਜਲ੍ਹਿਆਂਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।

ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 12 ਤੇ 13 ਫਰਵਰੀ ਨੂੰ ਜ਼ਿਲੇ ਵਿੱਚ ਪਹੁੰਚ ਰਹੀਆਂ ਝਾਕੀਆਂ ਦੇ ਦਰਸ਼ਨਾਂ ਲਈ ਹੁਮ-ਹੁਮਾ ਕੇ ਪਹੁੰਚਣ।

The post ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦੇ ਰੂਬਰੂ ਹੋਣਗੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ appeared first on TheUnmute.com - Punjabi News.

Tags:
  • breaking-news
  • punjab
  • sri-muktsar-sahib
  • tableaus

ਆਪ ਦੀ ਸਰਕਾਰ, ਆਪ ਦੇ ਦੁਆਰ": ਖਰੜ ਦੇ ਪਿੰਡ ਰਕੌਲੀ, ਅਕਾਲਗੜ੍ਹ, ਮਜਾਤ, ਟੋਡਰਮਾਜਰਾ, ਰਤਨਗੜ੍ਹ ਅਤੇ ਨਿਹੋਲਕਾ ਵਿਖੇ ਲਗਾਏ ਕੈਂਪ

Sunday 11 February 2024 01:27 PM UTC+00 | Tags: aam-aadmi-party aap-de-daur aap-di-sarkar breaking-news cm-bhagwant-mann latest-news news niholka punjab-news special-camps the-unmute-breaking-news

ਖਰੜ, 11 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਗੁਰਮੰਦਰ ਸਿੰਘ ਨੇ ਸਬ-ਡਵੀਜ਼ਨ ਖਰੜ੍ ਵਿੱਚ ਲਗਾਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕੀਤਾ।

ਐਸ.ਡੀ.ਐਮ ਗੁਰਮੰਦਰ ਸਿੰਘ ਨੇ ਕੈਂਪ 'ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਵਿਸ਼ੇਸ਼ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ।

ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਰਾਜ ਦੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ ਉੱਥੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਾਜ ਦੇ ਲੋਕਾਂ ਨੂੰ ਵੱਖ ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਲੈ ਕੇ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਪੱਖੋਂ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਮੁੜ ਦੁਹਰਾਇਆ ਕਿ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਜ਼ਿਲ੍ਹੇ ਦੀ ਹਰੇਕ ਸਬ ਡਵੀਜਨ ਵਿਚ ਰੋਜ਼ਾਨਾ 4 ਕੈਂਪ ਲੱਗਣਗੇ। ਇਸ ਨਿਵੇਕਲੀ ਪਹਿਲਕਦਮੀ ਨਾਲ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਕੌਂਸਲ ਦੇ ਵਾਰਡਾਂ ਵਿਚ ਕੈਂਪ ਲਗਾਏ ਜਾਣਗੇ। ਕੈਂਪ ਵਿੱਚ 43 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ।

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

The post ਆਪ ਦੀ ਸਰਕਾਰ, ਆਪ ਦੇ ਦੁਆਰ": ਖਰੜ ਦੇ ਪਿੰਡ ਰਕੌਲੀ, ਅਕਾਲਗੜ੍ਹ, ਮਜਾਤ, ਟੋਡਰਮਾਜਰਾ, ਰਤਨਗੜ੍ਹ ਅਤੇ ਨਿਹੋਲਕਾ ਵਿਖੇ ਲਗਾਏ ਕੈਂਪ appeared first on TheUnmute.com - Punjabi News.

Tags:
  • aam-aadmi-party
  • aap-de-daur
  • aap-di-sarkar
  • breaking-news
  • cm-bhagwant-mann
  • latest-news
  • news
  • niholka
  • punjab-news
  • special-camps
  • the-unmute-breaking-news

ਚੰਡੀਗੜ੍ਹ, 11 ਫਰਵਰੀ 2024 : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤ ਦੀਆਂ ਰੂਰਲ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਕਿਲਾ ਰਾਏਪੁਰ ਖੇਡਾ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਦਖਲ ਦੀ ਮੰਗ ਕਰਦਿਆਂ ਨਵੀਂ ਦਿੱਲੀ ਵਿਖੇ ਕੇਂਦਰੀ ਹਾਊਸਿੰਗ ਤੇ ਅਰਬਨ ਮਾਮਲਿਆਂ ਤੇ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ | ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੁਰੀ ਨੂੰ ‘ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019' ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦਿਲਾਉਣ ਲਈ ਬੇਨਤੀ ਕੀਤੀ, ਜਿਸ ਨਾਲ ਸਲਾਨਾ ਕਿਲਾ ਰਾਏਪੁਰ ਰੂਰਲ ਓਲੰਪਿਕਸ ਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਤਾ ਖੁੱਲ ਜਾਵੇਗਾ।

ਸ਼ੇਰਗਿੱਲ ਨੇ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਇਸ ਦੇ ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਪੰਜਾਬ ਦਾ ਅਹਿਮ ਮੁੱਦਾ ਰਿਹਾ ਹੈ। ਇਸ ਦਿਸ਼ਾ ਵਿੱਚ, ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਵਿੱਚ ਸਾਲ 1933 ਤੋਂ ਲਗਾਤਾਰ ਕਿਲਾ ਰਾਏਪੁਰ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਵਰਤਮਾਨ ਵਿੱਚ ਇਹ ਖੇਡਾਂ ਦੁਨੀਆ ਭਰ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਨ।

ਸ਼ੇਰਗਿੱਲ ਨੇ ਪੁਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਬੈਲਗੱਡੀਆਂ ਦੀਆਂ ਦੌੜਾਂ ਦੀ ਪ੍ਰਸਿੱਧੀ ਅਤੇ ਇਨ੍ਹਾਂ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ ‘ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019' ਪਾਸ ਕਰਕੇ ਮਾਨਯੋਗ ਰਾਸ਼ਟਰਪਤੀ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ, ਪਰ ਅਜੇ ਤੱਕ ਬੈਲਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਭਾਰਤ ਸਰਕਾਰ ਤੋਂ ਕੋਈ ਪ੍ਰਵਾਨਗੀ ਨਹੀਂ ਮਿਲੀ ਹੈ।

ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ਼ ਕਿਲਾ ਰਾਏਪੁਰ ਪਿੰਡ (ਲੁਧਿਆਣਾ) ਵਿੱਚ ਹੀ ਨਹੀਂ, ਸਗੋਂ ਪੰਜਾਬ ਦੇ ਕਰੀਬ 80 ਫੀਸਦੀ ਪਿੰਡਾਂ ਵਿੱਚ ਖੇਡੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਗਿਣਤੀ 12000 ਦੇ ਕਰੀਬ ਹੈ। ਇਸ ਲਈ ਇਸ ਖੇਡ ਨੂੰ ਮੁੜ ਇਜਾਜ਼ਤ ਦੇਣ ਨਾਲ ਨਾ ਸਿਰਫ਼ ਕਿਲ੍ਹਾ ਰਾਏਪੁਰ ਪਿੰਡ ਸਗੋਂ ਪੰਜਾਬ ਦੇ ਹਰ ਪਿੰਡ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ ਜੋ ਇਸ ਖੇਡ ਨਾਲ ਭਾਵਨਾਤਮਕ ਤੌਰ ‘ਤੇ ਜੁੜਿਆ ਹੋਇਆ ਹੈ। ਜਿਸ ‘ਤੇ ਉਨ੍ਹਾਂ ਨੇ ਪੁਰੀ ਨੂੰ ਬੇਨਤੀ ਕੀਤੀ ਕਿ ਉਹ ‘ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019' ‘ਤੇ ਰਾਸ਼ਟਰਪਤੀ ਤੋਂ ਪ੍ਰਵਾਨਗੀ ਲੈਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨ, ਤਾਂ ਜੋ ਸਾਡੀ ਪੁਰਾਣੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਿਆ ਜਾ ਸਕੇ।

ਮੀਟਿੰਗ ਦੌਰਾਨ ਸ਼ੇਰਗਿੱਲ ਨੇ ਇਸ ਸਬੰਧੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ। ਮੀਟਿੰਗ ਤੋਂ ਬਾਅਦ ਸ਼ੇਰਗਿੱਲ ਨੇ ਕਿਹਾ ਕਿ ਪੁਰੀ ਨੇ ਇਸ ਮਾਮਲੇ ‘ਤੇ ਬਹੁਤ ਹਾਂ-ਪੱਖੀ ਹੁੰਗਾਰਾ ਦਿੱਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਇਸ ਅਹਿਮ ਮੁੱਦੇ ਨੂੰ ਉਠਾਉਣਗੇ, ਤਾਂ ਜੋ ‘ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019' ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਸਕੇ।

The post ਜੈਵੀਰ ਸ਼ੇਰਗਿੱਲ ਵੱਲੋਂ ਕਿਲਾ ਰਾਏਪੁਰ ਖੇਡਾਂ ‘ਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ appeared first on TheUnmute.com - Punjabi News.

Tags:
  • breaking-news
  • jaiveer-shergill
  • kila-raipur
  • kila-raipur-games

53 ਕੈਪਾਂ 'ਚ 10 ਹਜ਼ਾਰ ਤੋ ਵੱਧ ਲੋਕਾਂ ਨੇ ਲਿਆ ਸੇਵਾਵਾਂ ਦਾ ਲਾਭ, ਹੱਲ ਹੋਈਆਂ ਸਮੱਸਿਆਵਾ: ਹਰਜੋਤ ਸਿੰਘ ਬੈਂਸ

Sunday 11 February 2024 01:37 PM UTC+00 | Tags: aam-aadmi-party breaking-news cm-bhagwant-mann harjot-singh-bains latest-news news punjab-government services

ਸ੍ਰੀ ਅਨੰਦਪੁਰ ਸਾਹਿਬ 11 ਫਰਵਰੀ 2024: ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਤੱਕ ਵੱਖ ਵੱਖ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਲਗਾਏ ਲਗਭਗ 53 ਕੈਂਪਾਂ ਵਿੱਚ 10 ਹਜ਼ਾਰ ਤੋ ਵੱਧ ਲੋਕਾਂ ਨੇ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਤੇ ਫਾਰਮ ਭਰੇ ਹਨ, ਇਸ ਦੌਰਾਨ ਬਹੁਤ ਸਾਰੀਆਂ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ ਹੈ, ਬਕਾਇਆ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਸਮਾਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰ: 5,6,7 ਤੇ 8 ਵਿੱਚ ਲੋਕਾਂ ਦੀਆਂ ਸਮੱਸਿਆਵਾ ਹੱਲ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾ ਵਿੱਚ ਹਰ ਸਹੂਲਤ ਉਪਲੱਬਧ ਕਰਵਾਈ ਗਈ ਹੈ, ਐਲਟ੍ਰਾਸਾਊਡ, ਐਕਸ-ਰੇ, ਦਵਾਈਆਂ ਆਦਿ ਦੀ ਸਹੂਲਤ ਆਮ ਨਾਗਰਿਕ ਨੂੰ ਮਿਲ ਰਹੀ ਹੈ, ਬਹੁਤ ਸਾਰੇ ਸਕੈਨ ਸੈਂਟਰ, ਲੈਬ, ਇੰਮਪੈਨਲਡ ਕੀਤੇ ਗਏ ਹਨ, ਸਰਕਾਰੀ ਹਸਪਤਾਲ ਵਿੱਚ ਹਰ ਤਰਾਂ ਦੀ ਦਵਾਈ ਮਿਲੇਗੀ ਜੇਕਰ ਦਵਾਈ ਉਪਲੱਬਧ ਨਹੀ ਹੋਵੇਗੀ ਤਾਂ ਮੋਜੂਦ ਡਾਕਟਰ ਆਪਣੇ ਪੱਧਰ ਤੇ ਦਵਾਈ ਦਾ ਪ੍ਰਬੰਧ ਕਰਨਗੇ, ਅਲਟ੍ਰਾਸਾਊਡ ਲਈ ਪ੍ਰਾਈਵੇਟ ਸਕੈਨ ਸੈਂਟਰ ਸਰਕਾਰੀ ਹਸਪਤਾਲ ਵੱਲੋਂ ਮਿਲੀ ਪਰਚੀ ਉਤੇ ਮਰੀਜ਼ ਦਾ ਅਲਟ੍ਰਾਸਾਊਡ ਕਰਨਗੇ, ਜਿਸ ਦੀ ਅਦਾਇਗੀ ਸੈਂਟਰ ਨੂੰ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੋਨੋ ਰੇਲਵੇ ਸਟੇਸ਼ਨਾ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ।

ਬੈਂਸ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਚਰਨ ਗੰਗਾ ਖੱਡ ਨੂੰ ਸੈਰਗਾਹ ਵੱਜੋਂ ਵਿਕਸਤ ਕਰਨਾ ਹੈ ਅਤੇ ਇਸ ਦੀਆਂ ਦੋਨੋਂ ਸਾਈਡਾਂ ਨੂੰ ਸਾਫ ਸੁਥਰਾ ਕਰਕੇ ਇੱਥੇ ਪੌਦੇ ਲਗਾਏ ਜਾਣਗੇ ਤੇ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਮਾਤਾ ਸ੍ਰੀ ਨੈਣਾ ਦੇਵੀ ਜੀ ਤੋ ਜੱਜਰ ਤੱਕ ਰੋਪਵੇਅ ਪ੍ਰੋਜੈਕਟ ਤੇ ਵੀ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਦੱਸਿਆ ਕਿ ਪੰਜ ਪਿਆਰਾ ਪਾਰਕ ਲੋਕਾਂ ਇੱਕ ਮਿਸਾਲ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਰਾਹੀ ਸਾਰੇ ਸਰਕਾਰੀ ਅਧਿਕਾਰੀ ਲੋਕਾਂ ਦੇ ਘਰਾਂ ਨੇੜੇ ਕੈਂਪਾਂ ਵਿਚ ਪਹੁੰਚ ਕਰ ਰਹੇ ਹਨ ਅਤੇ ਸਰਕਾਰੀ ਸੇਵਾਵਾ ਲੋਕਾਂ ਦੇ ਘਰਾਂ ਨੇੜੇ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਯੋਜਨਾ ਤਹਿਤ ਸਰਕਾਰਾ ਨੂੰ ਪਿੰਡ ਪੱਧਰ ਤੋ ਚਲਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਕੈਂਪ ਵਿੱਚ ਸ਼ਿਰਕਤ ਕਰਕੇ ਖੁੱਦ ਲੋਕਾਂ ਦੀਆਂ ਮੁਸ਼ਕਿਲਾ ਸੁਣ ਕੇ ਹੱਲ ਕਰ ਰਹੇ ਹਨ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਗਜੀਤ ਸਿੰਘ ਜੱਗੀ ਬਲਾਕ ਪ੍ਰਧਾਨ, ਜਸਵੀਰ ਸਿੰਘ ਅਰੋੜਾ ਜਿਲ੍ਹਾ ਪ੍ਰਧਾਨ ਵਪਾਰ ਮੰਡਲ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ, ਦੀਪਕ ਆਂਗਰਾ ਪ੍ਰਧਾਨ ਵਪਾਰ ਮੰਡਲ, ਹਰਤੇਗਵੀਰ ਤੇਗੀ ਸੀਨੀਅਰ ਲੀਡਰ, ਸੱਮੀ ਬਰਾਰੀ ਯੂਥ ਪ੍ਰਧਾਨ, ਪ੍ਰਵੀਨ ਕੋਸ਼ਲ ਕੋਸਲਰ, ਗੁਰਪ੍ਰੀਤ ਕੌਰ, ਦਲਜੀਤ ਸਿੰਘ ਕੈਂਥ, ਪਰਮਵੀਰ ਸਿੰਘ ਕੋਸਲਰ, ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ, ਪੱਮੀ, ਮਾਸਟਰ ਮੋਹਨ ਲਾਲ, ਅਭਿਜੀਤ ਐਲਕਸ,ਦਵਿੰਦਰ ਸਿੰਘ ਸਿੰਦੂ ਬਲਾਕ ਪ੍ਰਧਾਨ, ਇੰਦਰਜੀਤ ਕੋਸ਼ਲ, ਵਿਕਰਮ, ਪਰਮਵੀਰ ਸਿੰਘ, ਪ੍ਰਵੀਨ ਕੋਸ਼ਲ, ਊਸ਼ਾ ਰਾਣੀ, ਰਣਜੀਤ ਕੌਰ, ਹਰਪਾਲ ਕੌਰ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

The post 53 ਕੈਪਾਂ ‘ਚ 10 ਹਜ਼ਾਰ ਤੋ ਵੱਧ ਲੋਕਾਂ ਨੇ ਲਿਆ ਸੇਵਾਵਾਂ ਦਾ ਲਾਭ, ਹੱਲ ਹੋਈਆਂ ਸਮੱਸਿਆਵਾ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • harjot-singh-bains
  • latest-news
  • news
  • punjab-government
  • services

16 ਫਰਵਰੀ ਨੂੰ ਧੂਰੀ 'ਚ ਪੰਜਾਬ ਸਰਕਾਰ ਵੱਲੋਂ ਪੰਜਾਬੀ ਐਨ.ਆਰ.ਆਈ ਆਈਜ਼ ਮਿਲਣੀ ਸਮਾਗਮ

Sunday 11 February 2024 01:43 PM UTC+00 | Tags: breaking-news cm-bhagwant-mann latest-news news punjab-news the-unmute-breaking-news

ਸੰਗਰੂਰ, 11 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ 'ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਕਰਵਾਏ ਜਾ ਰਹੇ ਐਨ.ਆਰ.ਆਈ ਮਿਲਣੀ ਸਮਾਗਮ ਦਾ ਉਦਘਾਟਨ ਐਨ.ਆਰ.ਆਈ ਮਾਮਲੇ ਵਿਭਾਗ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ।

ਡਿਪਟੀ ਕਮਿਸ਼ਨਰ ਨੇ ਸੰਗਰੂਰ ਦੇ ਨਾਲ ਨਾਲ ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ।

The post 16 ਫਰਵਰੀ ਨੂੰ ਧੂਰੀ ‘ਚ ਪੰਜਾਬ ਸਰਕਾਰ ਵੱਲੋਂ ਪੰਜਾਬੀ ਐਨ.ਆਰ.ਆਈ ਆਈਜ਼ ਮਿਲਣੀ ਸਮਾਗਮ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • news
  • punjab-news
  • the-unmute-breaking-news

ਤਰਨ ਤਾਰਨ, 11 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ ‘ਆਪ’ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ ‘ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ, ਜਿਸ ਕਾਰਨ ਉਹ ਗੁਮਨਾਮੀ ਦੇ ਰਾਹ ਪੈ ਗਏ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖ਼ਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਕਾਰਜਭਾਰ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਮੰਤਵ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਹ ਫੰਡ ਜਾਰੀ ਕਰ ਦਿੱਤੇ ਜਾਣ ਤਾਂ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇ ਸਕਦੀ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ 'ਆਪ' ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਨੂੰ ਪੰਜਾਬ ਤੋਂ ਹੀ ਚੌਲਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਝਾਕੀ ਨੂੰ ਰੱਦ ਕਰਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਹੋਰਨਾਂ ਸ਼ਹੀਦਾਂ ਅਤੇ ਮਹਾਨ ਆਗੂਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਭਰ ਵਿੱਚ ਇਹ ਝਾਕੀਆਂ ਦਿਖਾ ਕੇ ਇਨ੍ਹਾਂ ਨਾਇਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ 'ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ ‘ਤੇ ਖਰੀਦਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਦੁਹਰਾਇਆ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਪੀ.ਡੀ.ਐਸ. ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੇ 100 ਕਿਲੋ ਰਾਸ਼ਨ ਆਉਂਦਾ ਸੀ ਤਾਂ ਸਿਰਫ਼ 15 ਕਿਲੋ ਹੀ ਲੋਕਾਂ ਤੱਕ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਦੀ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਣ ਵਾਲੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ ਦੇਸ਼ ਭਰ ਵਿੱਚ ਰਾਸ਼ਨ ਦੀ ਨਿਰਵਿਘਨ ਅਤੇ ਸੁਚਾਰੂ ਡਿਲੀਵਰੀ ਮਿਲੇਗੀ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਆਪ’ ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ 'ਆਪ' ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ 'ਆਪ' ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।

The post ਪੰਜਾਬ ‘ਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ: ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ appeared first on TheUnmute.com - Punjabi News.

Tags:
  • arvind-kejriwal
  • bhagwant-mann
  • breaking-news
  • shri-guru-amardas-thermal-plant
  • thermal-plant

ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਇਹ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ।

ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ ਸਨ।

ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਹੈ। ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਰਹੀ ਹੈ। ਇਸ ਪਲਾਂਟ ਦਾ ਨਾਮ ਬਦਲ ਕੇ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ।

ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ।

ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਇਹ ਪਲਾਂਟ ਕਾਰਜਸ਼ੀਲ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ।

ਜ਼ਿਕਰਯੋਗ ਹੈ ਕਿ 540 ਮੈਗਾਵਾਟ (2×270) ਦੀ ਸਮਰੱਥਾ ਵਾਲੇ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਆਇਆ ਸੀ। ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ, ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਮਗਰੋਂ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖ਼ਰੀਦ ਸਮਝੌਤਾ ਹੋਇਆ ਸੀ।

ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖ਼ਰੀਦ ਲਿਆ ਹੈ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖ਼ਰੀਦ ਲਿਆ। ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਪਾਵਰ ਪਲਾਂਟਾਂ ਤੋਂ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ।

ਜਦੋਂ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ, ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹੋਣਗੇ।

The post CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ appeared first on TheUnmute.com - Punjabi News.

Tags:
  • arvind-kejriwal
  • breaking-news
  • news
  • power-plant
  • sri-guru-amar-dass-thermal-power-plant
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form