ਆਮਦਨ ਤੋਂ ਵੱਧ ਜਇਦਾਦ ਮਾਮਲੇ ਵਿਚ ਗ੍ਰਿਫਤਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਵਿਚ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਰਿਮਾਂਡ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿਚ ਰੱਖਿਆ ਗਿਆ ਹੈ। ਕਰੀਬ 450 ਪੰਨਿਆਂ ਦੀ ਪਟੀਸ਼ਨ ਦਾਇਰ ਕੀਤੀ ਸੀ ਤੇ ਪਟੀਸ਼ਨ ‘ਚ ਹਾਈਕੋਰਟ ਤੇ ਸੁਪਰੀਮ ਕੋਰਟ ਦੇ ਆਰਡਰ ਵੀ ਅਟੈਚ ਕੀਤੇ ਗਏ ਹਨ। ਬਿਕਰਮ ਮਜੀਠੀਆ ਵੱਲੋਂ ਗ੍ਰਿਫਤਾਰੀ ਵਾਲੇ ਦਿਨ ਦੀਆਂ ਵੀਡੀਓ ਵੀ ਨਾਲ ਅਟੈਚ ਹਨ।
ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਦਾ ਕਹਿਣਾ ਹੈ ਕਿ ਇਹ ਕੇਸ ਖਾਰਜ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ ਜਿਸ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 2 ਜੁਲਾਈ ਨੂੰ ਮਜੀਠੀਆ ਨੂੰ 4 ਦਿਨਾਂ ਦਾ ਰਿਮਾਂਡ ਖਤਮ ਹੋਣ ‘ਤੇ ਪੇਸ਼ ਕੀਤਾ ਗਿਆ। ਕੋਰਟ ਨੇ ਵਿਜੀਲੈਂਸ ਨੇ ਜਾਂਚ ਵਿਚ ਉਨ੍ਹਾਂ ਦੀ ਪ੍ਰਾਪਰਟੀ ਨੂੰ ਲੈ ਕੇ ਨਵੀਆਂ ਚੀਜ਼ਾਂ ਸਾਹਮਣੇ ਰੱਖੀਆਂ। ਦੱਸ ਦੇਈਏ ਕਿ ਬਿਕਰਮ ਮਜੀਠੀਆ 4 ਦਿਨਾਂ ਦੇ ਰਿਮਾਂਡ ‘ਤੇ ਹਨ। ਬੀਤੇ ਦਿਨੀਂ ਅਕਾਲੀ ਵਰਕਰ ਮਜੀਠੀਆ ਦੇ ਸਮਰਥਨ ਵਿਚ ਮੋਹਾਲੀ ਇਕੱਠੇ ਹੋਏ ਸਨ ਪਰ ਪੁਲਿਸ ਵੱਲੋਂ ਸੁਖਬੀਰ ਬਾਦਲ ਸਣੇ ਵਰਕਰਾਂ ਨੂੰ ਅਰੈਸਟ ਕਰ ਲਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 540 ਕਰੋੜ ਰੁਪਏ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ 25 ਜੂਨ ਨੂੰ ਸਵੇਰੇ ਸਾਢੇ 4 ਵਜੇ ਕੇਸ ਦਰਜ ਕੀਤਾ। ਇਸ ਦੇ ਬਾਅਦ 26 ਥਾਵਾਂ ‘ਤੇ ਮਜੀਠੀਆ ਨਾਲ ਜੁੜੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਗਈ। ਜਦੋਂ ਵਿਜੀਲੈਂਸ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਤੋਂ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਗਏ। ਇਸ ਦੇ ਨਾਲ ਹੀ ਵਿਜੀਲੈਂਸ ਨੇ ਕਿਹਾ ਕਿ ਮਜੀਠੀਆ ਨੇ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਬਣਾਈ ਹੈ। ਮਜੀਠੀਆ ਵੱਲੋਂ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਬੇਹਿਸਾਬੀ ਨਕਦੀ ਜਮ੍ਹਾ ਹੈ। ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਲੈਣ-ਦੇਣ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
The post ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ, ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਪਾਈ ਸੀ ਪਟੀਸ਼ਨ appeared first on Daily Post Punjabi.