ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਪਾਕਿਸਤਾਨ ਵਿੱਚ ਪਰਾਲੀ ਸਾੜਨ ਨਾਲ ਵੀ ਦਿੱਲੀ ਦੀ ਹਵਾ ਜ਼ਹਿਰੀਲੀ ਹੋ ਰਹੀ ਹੈ। ਇਸ ਸੀਜ਼ਨ ਵਿੱਚ ਹੁਣ ਤੱਕ ਪਾਕਿਸਾਨ ਦੇ ਪੰਜਾਬ ਵਿੱਚ ਪਰਾਲੀ ਸਾੜਨ ਦੇ 12,688 ਮਾਮਲੇ ਸਾਹਮਣੇ ਆਏ ਹਨ। ਹਵਾਵਾਂ ਲਗਭਗ 16 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਨ, ਜਿਸ ਕਾਰਨ ਪਰਾਲੀ ਦਾ ਧੂੰਆਂ ਦਿੱਲੀ ਤੱਕ ਪਹੁੰਚ ਰਿਹਾ ਹੈ। ਇਸ ਦਾ ਪ੍ਰਭਾਵ ਪੰਜਾਬ ਅਤੇ ਹਰਿਆਣਾ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ।
ਇਹ ਖੁਲਾਸਾ ਪੰਜਾਬ ਯੂਨੀਵਰਸਿਟੀ (ਪੀਯੂ) ਅਤੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ), ਚੰਡੀਗੜ੍ਹ ਦੀ ਇੱਕ ਸਾਂਝੀ ਟੀਮ ਦੀ ਰਿਪੋਰਟ ਵਿੱਚ ਹੋਇਆ ਹੈ। ਇਸ ਦੌਰਾਨ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵੀ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਨੂੰ ਫਟਕਾਰ ਲਗਾਈ ਹੈ ਅਤੇ ਉਨ੍ਹਾਂ ਨੂੰ ਦਿੱਲੀ ਵਿੱਚ ਵਿਗੜਦੀ ਸਥਿਤੀ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਇਸ ਰਿਪੋਰਟ ਮੁਤਾਬਕ ਜਿੱਥੇ ਪਹਿਲਾਂ ਦੇ ਮੁਕਾਬਲੇ ਦੋਵਾਂ ਰਾਜਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਘੱਟ ਗਏ ਹਨ, ਉੱਥੇ ਹੀ ਪਰਾਲੀ ਸਾੜਨਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਵਿੱਚ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਇਆ ਹੈ। ਪੰਜਾਬ ਵਿੱਚ ਪਰਾਲੀ ਸਾੜਨ ਦੇ 4,662 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਹਰਿਆਣਾ ਵਿੱਚ 464 ਥਾਵਾਂ ‘ਤੇ ਪਰਾਲੀ ਸਾੜੀ ਗਈ ਹੈ।
ਪੰਜਾਬ ਯੂਨੀਵਰਸਿਟੀ ਦੇ ਵਾਤਾਵਰਣ ਅਧਿਐਨ ਵਿਭਾਗ ਦੇ ਪ੍ਰੋਫੈਸਰ ਸੁਮਨ ਮੋਰ ਅਤੇ ਪੀਜੀਆਈ ਦੇ ਕਮਿਊਨਿਟੀ ਮੈਡੀਸਨ ਵਿਭਾਗ ਦੇ ਪ੍ਰੋਫੈਸਰ ਡਾ. ਰਵਿੰਦਰ ਖਾਈਵਾਲ ਦੀ ਅਗਵਾਈ ਵਾਲੀ ਪੀਯੂ-ਪੀਜੀਆਈ ਟੀਮ ਪਰਾਲੀ ਸਾੜਨ ਅਤੇ ਪ੍ਰਦੂਸ਼ਣ ਬਾਰੇ ਡਾਟਾ ਇਕੱਠਾ ਕਰ ਰਹੀ ਹੈ। ਪ੍ਰੋਫੈਸਰ ਖਾਈਵਾਲ ਨੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਹੋਰ ਮਾਮਲੇ ਸਾਹਮਣੇ ਆ ਰਹੇ ਹਨ। ਹਵਾ ਦੀ ਦਿਸ਼ਾ ਵੀ ਇਸ ਸਮੇਂ ਦਿੱਲੀ ਵੱਲ ਹੈ, ਜਿਸ ਦਾ ਸਿੱਧਾ ਅਸਰ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ‘ਤੇ ਪੈ ਰਿਹਾ ਹੈ।

ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (AQI) ਵੀਰਵਾਰ ਨੂੰ 404 ਦਰਜ ਕੀਤਾ ਗਿਆ, ਜੋ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ। ਪੰਜਾਬ ਦੇ ਤਿੰਨ ਸ਼ਹਿਰਾਂ ਦੀ ਹਵਾ ਗੁਣਵੱਤਾ ਵੀ ਮਾੜੀ ਸ਼੍ਰੇਣੀ ਵਿੱਚ ਆ ਗਈ: ਮੰਡੀ ਗੋਬਿੰਦਗੜ੍ਹ ਵਿੱਚ 247, ਖੰਨਾ ਵਿੱਚ 219 ਅਤੇ ਜਲੰਧਰ ਵਿੱਚ 210 ਦਾ AQI ਦਰਜ ਕੀਤਾ ਗਿਆ। ਇਸੇ ਤਰ੍ਹਾਂ, ਤਿੰਨ ਸ਼ਹਿਰ ਪੀਲੇ ਜ਼ੋਨ ਵਿੱਚ ਹਨ। ਲੁਧਿਆਣਾ ਵਿੱਚ 154, ਪਟਿਆਲਾ ਵਿੱਚ 138 ਅਤੇ ਅੰਮ੍ਰਿਤਸਰ ਵਿੱਚ 127 ਦਾ AQI ਦਰਜ ਕੀਤਾ ਗਿਆ।
ਸਰਕਾਰ ਨੇ ਪਰਾਲੀ ਸਾੜਨ ਨਾਲ ਸਬੰਧਤ ਡਿਊਟੀ ਵਿੱਚ ਲਾਪਰਵਾਹੀ ਲਈ 1,185 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਐਕਟ ਦੀ ਧਾਰਾ 14 ਤਹਿਤ 56 ਅਧਿਕਾਰੀਆਂ ਵਿਰੁੱਧ ਮੁਕੱਦਮਾ ਸ਼ੁਰੂ ਕੀਤਾ ਗਿਆ ਹੈ। ਅੱਠ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਪਰਾਲੀ ਸਾੜਨ ਲਈ ਕਿਸਾਨਾਂ ਦੇ ਮਾਲੀਆ ਰਿਕਾਰਡ ਵਿੱਚ 1,920 ਲਾਲ ਐਂਟਰੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਮਨੀ ਚੋਣ ਨਤੀਜਾ, ਚੌਥੇ ਰੁਝਾਨ ‘ਚ ‘ਆਪ’ ਸਾਰਿਆਂ ਨੂੰ ਪਛਾੜ ਕੇ ਨਿਕਲੀ ਅੱਗੇ
ਇਸ ਸਾਲ, ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 10,000 ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਪਰਾਲੀ ਪ੍ਰਬੰਧਨ ਲਈ 148,451 ਸੀਆਰਐਮ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ, ਫਿਰ ਵੀ ਪਰਾਲੀ ਸਾੜਨਾ ਜਾਰੀ ਹੈ। ਕਿਸਾਨ ਸੰਗਠਨਾਂ ਦਾ ਦੋਸ਼ ਹੈ ਕਿ ਮਸ਼ੀਨਾਂ ਸਾਰੇ ਕਿਸਾਨਾਂ ਤੱਕ ਨਹੀਂ ਪਹੁੰਚ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
The post ਦਿੱਲੀ ਦੀ ਹਵਾ ਜ਼ਹਿਰੀਲੀ ਕਰਨ ਲਈ ਪਾਕਿਸਤਾਨ ਵੀ ਜ਼ਿੰਮੇਵਾਰ, PGI-PU ਰਿਪੋਰਟ ‘ਚ ਵੱਡਾ ਖੁਲਾਸਾ appeared first on Daily Post Punjabi.
source https://dailypost.in/news/punjab/pakistan-is-also-responsible/

